ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ !    ਪੰਜਾਬ ’ਚ ਕਰੋਨਾ ਦੇ 31 ਨਵੇਂ ਕੇਸ ਆਏ ਸਾਹਮਣੇ !    ਯੂਪੀ ’ਚ ਮਗਨਰੇਗਾ ਤਹਿਤ ਨਵਿਆਈਆਂ ਜਾਣਗੀਆਂ 19 ਨਦੀਆਂ !    

ਧੰਨੁ ਧੰਨੁ ਰਾਮਦਾਸ ਗੁਰੁ…

Posted On October - 9 - 2010

ਜਥੇਦਾਰ ਅਵਤਾਰ ਸਿੰਘ*

ਸ੍ਰੀ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਬਾਨੀ, ਅੰਮ੍ਰਿਤ ਰੂਪ ਬਾਣੀ ਦੇ ਰਚਣਹਾਰ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਸਿੱਖ ਧਰਮ ਦੇ ਚੌਥੇ ਗੁਰੂ ਹੋਏ ਹਨ। ਆਪ ਦੀ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ, ਸਦ ਗੁਣਾਂ ਨਾਲ ਭਰਪੂਰ ਤੇ ਉਪਦੇਸ਼-ਜਨਕ ਹੈ। ਆਪ ਦਾ ਜਨਮ ਸਾਧਾਰਨ ਪਰਿਵਾਰ ਵਿਚ ਹੋਇਆ ਪਰ ਨਿਸ਼ਕਾਮ ਸੇਵਾ ਤੇ ਸੱਚੇ ਸਿਦਕ ਕਾਰਨ ਉਨ੍ਹਾਂ ਅਧਿਆਪਕ ਖੇਤਰ ਦੀ ਸਰਵਉੱਚ ਪਦਵੀ ਪ੍ਰਾਪਤ ਕੀਤੀ, ਜਿਸ ਦੀ ਕਿਧਰੇ ਮਿਸਾਲ ਨਹੀਂ ਮਿਲਦੀ।
ਆਪ ਜੀ ਦਾ ਜਨਮ 24 ਸਤੰਬਰ 1534 ਈ: ਨੂੰ ਪਿਤਾ ਸ੍ਰੀ ਹਰਿ ਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਯਾ ਕੌਰ ਜੀ ਦੀ ਕੁੱਖੋਂ ਚੂਨਾ ਮੰਡੀ ਲਾਹੌਰ ਵਿਖੇ ਹੋਇਆ। ਬਾਲ ਅਵਸਥਾ ਵਿੱਚ ਹੀ ਉਨ੍ਹਾਂ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉਠ ਗਿਆ। ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਬੀਤਿਆ, ਜਿਥੇ ਗਰੀਬੀ ਦੀ ਹਾਲਤ ਵਿਚ ਆਪ ਘੁੰਗਣੀਆਂ ਵੇਚ ਕੇ ਉਪਜੀਵਕਾ ਕਮਾਉਂਦੇ ਰਹੇ।
ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਇਥੇ ਆਪ ਗੁਰੂ-ਦਰਬਾਰ ਵਿਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦੇ, ਗੁਰੂ ਘਰ ਦੀ ਨਿਸ਼ਕਾਮ ਸੇਵਾ ਵੀ ਡਟ ਕੇ ਕਰਦੇ, ਪਰ ਆਪਣਾ ਨਿਰਬਾਹ ਘੁੰਗਣੀਆਂ ਵੇਚ ਕੇ ਹੀ ਕਰਦੇ। ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ। ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਆਪ ਜੀ ਨੇ ਲੋਕ-ਲਾਜ ਦੀ ਪ੍ਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਇਕ ਵਾਰ ਲਾਹੌਰ ਤੋਂ ਆਏ ਸ਼ਰੀਕੇ ਦੇ ਸੋਢੀਆਂ ਨੇ ਮਿਹਣਾ ਵੀ ਮਾਰਿਆ ਕਿ ਸਹੁਰੇ-ਘਰ ਵਿਚ ਜਵਾਈਆਂ ਨੂੰ ਹੱਥੀਂ ਛਾਵਾਂ ਹੁੰਦੀਆਂ ਨੇ ਪ੍ਰੰਤੂ ਤੂੰ ਤਾਂ ਟੋਕਰੀਆਂ ਢੋਅ ਕੇ ਸਾਨੂੰ ਲਾਜ ਲੁਆ ਛੱਡੀ ਹੈ। ਉਨ੍ਹਾਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਵੀ ਉਲਾਂਭਾ ਦਿੱਤਾ ਤਾਂ ਗੁਰੂ ਜੀ ਨੇ ਕਿਹਾ ਕਿ ‘‘ਰਾਮਦਾਸ ਦੇ ਸਿਰ ’ਤੇ ਮਿੱਟੀ ਦੀ ਟੋਕਰੀ ਨਹੀਂ ਹੈ, ਸਗੋਂ ਦੀਨ-ਦੁਨੀਆਂ ਦਾ ਛਤਰ ਹੈ’’, ਗੁਰੂ ਸਾਹਿਬ ਦਾ ਇਹ ਪਵਿੱਤਰ ਬਚਨ ਸੱਚ ਹੋ ਨਿਬੜਿਆ।
ਹੁਣ ਪ੍ਰੀਖਿਆ ਦਾ ਸਮਾਂ ਆ ਗਿਆ। ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰਿਆਈ ਲਈ ਯੋਗ ਵਿਅਕਤੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਗੁਰੂ ਸਾਹਿਬ ਨੇ ਭਾਈ ਰਾਮਾ ਜੀ ਤੇ ਭਾਈ ਜੇਠਾ ਜੀ ਨੂੰ ਥੜ੍ਹੇ ਬਨਾਉਣ ਦਾ ਹੁਕਮ ਕੀਤਾ। ਗੁਰੂ ਜੀ ਦੇ ਹੁਕਮ ਅਨੁਸਾਰ ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਥੜ੍ਹੇ ਬਣਾਉਂਦੇ ਰਹੇ ਪਰ ਗੁਰੂ ਜੀ ਕੋਈ ਨਾ ਕੋਈ ਨੁਕਸ ਕੱਢ ਕੇ ਥੜ੍ਹੇ ਢੁਹਾ ਦਿੰਦੇ। ਕਈ ਵਾਰ ਅਜਿਹਾ ਹੋਇਆ ਤਾਂ ਭਾਈ ਰਾਮੇ ਦਾ ਸਿਦਕ ਡੋਲ ਗਿਆ ਪਰ ਭਾਈ ਜੇਠਾ ਜੀ ਨਿਮਰਤਾ ਵਿਚ ਭਿੱਜੇ ‘ਸਤਿ ਬਚਨ’ ਕਹਿ ਕੇ ਫਿਰ ਉਸਾਰੀ ਸ਼ੁਰੂ ਕਰ ਦਿੰਦੇ ਰਹੇ। ਆਪ ਜੀ ਦੀ ਨਿਮਰਤਾ ਅਤੇ ਸਦਗੁਣਾਂ ਨੂੰ ਦੇਖ ਕੇ ਸਤੰਬਰ 1574 ਈ: ਨੂੰ ਗੁਰ-ਗੱਦੀ ਦੀ ਜ਼ਿੰਮੇਵਾਰੀ ਆਪ ਨੂੰ ਸੌਂਪੀ ਗਈ।
ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੀ ਆਗਿਆ ਅਨੁਸਾਰ ਰਾਮਦਾਸਪੁਰ (ਸ੍ਰੀ ਅੰਮ੍ਰਿਤਸਰ) ਦੀ ਨੀਂਹ ਰੱਖੀ। 1577 ਈ. ਵਿਚ ਗੁਰੂ ਸਾਹਿਬ ਨੇ ’ਸੰਤੋਖਸਰ’ ਅਤੇ ਅੰਮ੍ਰਿਤਸਰ ਦੀ ਖੁਦਾਈ ਦਾ ਕੰਮ ਸ਼ੁਰੂ ਕਰਾਇਆ ਅਤੇ ਇਥੇ ਹੀ ਰਹਿਣ ਲੱਗ ਪਏ। ਇਸ ਥਾਂ ਦਾ ਨਾਂ ’ਗੁਰੂ ਕਾ ਚੱਕ’ ’ਰਾਮਦਾਸ ਪੁਰ’ ਪੈ ਗਿਆ। ਸ੍ਰੀ ਗੁਰੂ ਰਾਮਦਾਸ ਜੀ ਦੇ ਸਮੇਂ ਤੱਕ ਸਿੱਖੀ ਦਾ ਵਿਕਾਸ ਸਿਖਰਾਂ ਤੱਕ ਪਹੁੰਚ ਚੁੱਕਾ ਸੀ। ਸ਼ਰਧਾਲੂਆਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਸੀ। ਲੰਗਰ ਜਾਰੀ ਸੀ। ਨਵੀਆਂ ਧਰਮਸ਼ਾਲਾਵਾਂ ਦੀ ਉਸਾਰੀ ਅਤੇ ਅੰਮ੍ਰਿਤ ਸਰੋਵਰ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕਾਫ਼ੀ ਧਨ ਦੀ ਲੋੜ ਸੀ। ਅਜਿਹੇ ਸਮੇਂ ਗੁਰੂ ਸਾਹਿਬ ਨੇ ਮਸੰਦ ਪ੍ਰਥਾ ਦੀ ਸਥਾਪਨਾ ਕੀਤੀ। ਇਹ ਮਸੰਦ ਜਿਥੇ ਸੰਗਤਾਂ ਨੂੰ ਗੁਰੂ-ਘਰ ਦੇ ਨਵੇਂ ਕਾਰਜਾਂ ਤੋਂ ਜਾਣੂੰ ਕਰਵਾਉਂਦੇ ਉਥੇ ਕਾਰ-ਭੇਟਾ ਲਿਆ ਕੇ ਗੁਰੂ-ਦਰਬਾਰ ਵਿਚ ਜਮ੍ਹਾਂ ਕਰਵਾ ਦਿੰਦੇ। ਇਸ ਨਾਲ ਕਾਫ਼ੀ ਮਾਤਰਾ ਵਿਚ ਧਨ ਇਕੱਠਾ ਹੋਣ ਲੱਗ ਪਿਆ।
ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਬਾਣੀ ਦੀ ਰਚਨਾ ਵੀ ਕੀਤੀ ਅਤੇ ਆਪਣਾ ਅੰਤਿਮ ਸਮਾਂ ਨੇੜੇ ਆਉਂਦਾ ਵੇਖ ਕੇ ਆਪਣੇ ਤਿੰਨਾਂ ਸਪੁੱਤਰਾਂ ਵਿਚੋਂ ਸਭ ਤੋਂ ਛੋਟੇ ਸਪੁੱਤਰ ਸ੍ਰੀ ਗੁਰੂ ਅਰਜਨ ਸਾਹਿਬ ਨੂੰ ਹਰ ਪੱਖੋਂ ਯੋਗ ਸਮਝ ਕੇ 1 ਸਤੰਬਰ, 1581 ਈ. ਨੂੰ ਗੁਰਿਆਈ ਦੀ ਰਸਮ ਅਦਾ ਕੀਤੀ ਤੇ ਉਸੇ ਦਿਨ ਜੋਤੀ-ਜੋਤਿ ਸਮਾ ਗਏ।
ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਮੂਹ ਸਿੱਖ ਜਗਤ ਨੂੰ ਮੁਬਾਰਕਬਾਦ ਦਿੰਦਿਆਂ ਬੇਨਤੀ ਹੈ ਕਿ ਆਉ! ਆਪਾਂ ਸਾਰੇ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਈਏ ਅਤੇ ਸ੍ਰੀ ਦਸਮੇਸ਼ ਪਿਤਾ ਜੀ ਵਲੋਂ ਬਖਸ਼ਿਸ਼ ਕੀਤੇ, ਖੰਡੇ-ਬਾਟੇ ਦੀ ਪਾਹੁਲ ਛਕ, ਸਿੱਖ ਪਰਿਵਾਰ ਦਾ ਅੰਗ ਬਣੀਏ ਅਤੇ ਸਿੱਖ ਹੋਣ ’ਤੇ ਮਾਣ ਕਰੀਏ।

* ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।


Comments Off on ਧੰਨੁ ਧੰਨੁ ਰਾਮਦਾਸ ਗੁਰੁ…
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.