ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ !    ਗੁਰਬਾਣੀ ਵਿੱਚ ਰਾਗਾਂ ਦੀ ਮਹੱਤਤਾ !    ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ !    ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ !    ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ !    ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ !    ਚਿਲੀ ਦਾ ਫ਼ੌਜੀ ਜਹਾਜ਼ 38 ਸਵਾਰਾਂ ਸਣੇ ਲਾਪਤਾ !    14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ !    ਲਿਫਟ ਪੰਪ ਮਾਮਲਾ: ਕਿਸਾਨਾਂ ਦੇ ਗੁੱਸੇ ’ਤੇ ਭਰੋਸੇ ਵਾਲਾ ‘ਠੰਢਾ’ ਛਿੜਕ ਗਏ ਸਰਕਾਰੀਆ !    ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ !    

ਨੌਜਵਾਨਾਂ ਦੇ ਪਰਵਾਸ ਕਾਰਨ ਪੰਜਾਬ ਸੱਭਿਆਚਾਰਕ ਸੰਕਟ ਦਾ ਸ਼ਿਕਾਰ

Posted On July - 11 - 2019

ਗੁਰਮੀਤ ਸਿੰਘ ਪਲਾਹੀ
ਪੰਜਾਬੀਆਂ ਦੇ ਵਿਦੇਸ਼ ਜਾਣ ਦਾ ਰੁਝਾਨ ਦੁਆਬੇ ਤੱਕ ਸੀਮਤ ਨਹੀਂ ਰਿਹਾ। ਹੁਣ ਪੂਰਾ ਪੰਜਾਬ ਇਸ ਰੁਝਾਨ ਦੀ ਲਪੇਟ ਵਿੱਚ ਹੈ। ਸ਼ਹਿਰੀ ਕੀ, ਪੇਂਡੂ ਕੀ, ਉੱਚਿਆਂ ਘਰਾਂ ਵਾਲੇ ਕੀ, ਦਰਮਿਆਨੇ ਵਰਗਾਂ ਵਾਲੇ ਕੀ, ਹੁਣ ਤਾਂ ਸਧਾਰਨ ਕਾਮਿਆਂ ਦੇ ਪੁੱਤਰ-ਧੀਆਂ ਵੀ ਅੰਗਰੇਜ਼ੀ ਦਾ ਇਮਤਿਹਾਨ ਆਈਲੈਟਸ (ਆਇਲਜ਼) ਪਾਸ ਕਰ ਕੇ ਵਿਦੇਸ਼ਾਂ ਵੱਲ ਉਡਾਰੀ ਮਾਰਨ ਦੇ ਜੁਗਾੜ ਵਿਚ ਹਨ। ਕੋਈ ਆਪਣਾ ਬੈਂਕ ਖਾਤਾ ਖਾਲੀ ਕਰ ਰਿਹਾ ਹੈ ਇਸ ਕੰਮ ਵਾਸਤੇ, ਕੋਈ ਆਪਣਾ ਖੇਤ ਗਹਿਣੇ ਰੱਖ ਰਿਹਾ ਅਤੇ ਆਮ ਬੰਦਾ ਆਪਣਾ ਘਰ ਬੈਂਕ ਕੋਲ ਗਹਿਣੇ ਧਰ ਆਪਣੇ ਵਿਦੇਸ਼ ਜਾਣ ਵਾਲੇ ਬੱਚੇ ਲਈ ਫੀਸ ਦਾ ਜੁਗਾੜ ਕਰ ਰਿਹਾ ਹੈ। ਇਹ ਸੋਚ ਕੇ ਕਿ ਇੱਕ ਵਾਰ ਦੀ ਫ਼ੀਸ ਜੋਗੇ ਪੈਸੇ ਹੋ ਜਾਣ, ਬਾਕੀ ਕਾਕਾ/ਕਾਕੀ ਆਪੇ ਜਾ ਕੇ ‘ਵਿਦੇਸ਼ੀ ਦਰਖ਼ਤਾਂ’ ਤੋਂ ਤੋੜ ਲੈਣਗੇ। ਅੱਜ ਇੱਕ ਸਾਲ ’ਚ ਸਵਾ ਤੋਂ ਡੇਢ ਲੱਖ ਨੌਜਵਾਨ ਆਈਲੈਟਸ ਪਾਸ ਕਰ ਕੇ ਵਿਦੇਸ਼ੀ ਕਾਲਜਾਂ-ਯੂਨੀਵਰਸਿਟੀਆਂ ਦੀਆਂ ਭਾਰੀ ਫੀਸਾਂ ਤਾਰ ਕੇ ਅਤੇ ਵਿਦੇਸ਼ ਜਾ ਕੇ ਕੀ ਬਣੇਗਾ ਦੀ ਡੋਰ ‘ਉਪਰਲੇ’ ਸਿਰ ਛੱਡ ਕੇ ਜਹਾਜ਼ੇ ਚੜ੍ਹ ਰਹੇ ਹਨ।
ਵਿਦੇਸ਼ ਜਾਣ ਦੇ ਇਸ ਰੁਝਾਨ ਦਾ ਕਾਰਨ ਭਾਵੇਂ ਬੇਰੁਜ਼ਗਾਰੀ ਹੋਵੇ ਜਾਂ ਪੰਜਾਬ ’ਚ ਪੱਸਰੇ ਨਸ਼ੇ ਤੇ ਮਾਪਿਆਂ ਦੀ ਆਪਣੀ ਔਲਾਦ ਨੂੰ ਇਨ੍ਹਾਂ ਤੋਂ ਬਚਾਉਣ ਦੀ ਤਰਕੀਬ। ਪਰ ਇਸ ਰੁਝਾਨ ਨੇ ਪੰਜਾਬ ਦੀ ਜੁਆਨੀ ਨੂੰ ਉਨ੍ਹਾਂ ਉਝੜੇ ਰਾਹਾਂ ’ਤੇ ਪਾ ਦਿੱਤਾ ਹੈ, ਜਿਥੇ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਭਵਿੱਖ ਕੀ ਹੋਏਗਾ? ਇਸ ਦਾ ਫਾਇਦਾ ਚੁਕਦਿਆਂ ਟਰੈਵਲ ਏਜੰਟਾਂ ਦੀ ਚਾਂਦੀ ਬਣੀ ਹੋਈ ਹੈ। ਆਈਲੈਟਸ ਸੈਂਟਰ ਹਰ ਛੋਟੇ-ਵੱਡੇ ਸ਼ਹਿਰ-ਕਸਬੇ ਵਿੱਚ ਖੁੱਲ੍ਹਦੇ ਜਾ ਰਹੇ ਹਨ, ਜਿਥੇ ਨੌਜਵਾਨ ਬਾਰ੍ਹਵੀਂ ਤੋਂ ਬਾਅਦ ਛੇ-ਸਾਢੇ ਛੇ-ਸੱਤ ਬੈਂਡ ਲੈਣ ਲਈ ਤਰਲੋਮੱਛੀ ਹੋਏ ਹਜ਼ਾਰਾਂ ਰੁਪਏ ਫੀਸਾਂ ਤਾਰ ਰਹੇ ਹਨ। ਫੀਸਾਂ ਵੱਧ ਜਾਂ ਘੱਟ ਉਗਰਾਉਣ ਦਾ ਸਰਕਾਰੀ ਕੁੰਡਾ ਵੀ ਕੋਈ ਨਹੀਂ। ਇਸ ਤੋਂ ਅਗਾਂਹ ਇਹ ਲੁੱਟ ਅੰਬੈਸੀਆਂ ਵਲੋਂ ਵੀਜ਼ਾ ਫੀਸਾਂ ਦੇ ਵਾਧੇ ਦੇ ਰੂਪ ‘ਚ ਵੇਖੀ ਜਾ ਸਕਦੀ ਹੈ। ਜਾਅਲੀ ਵਿਦੇਸ਼ੀ ਕਾਲਜ, ਯੂਨੀਵਰਸਿਟੀਆਂ ਧੜਾ-ਧੜ ਦਾਖ਼ਲੇ ਦੇ ਕੇ ਇਨ੍ਹਾਂ ਵਿਦਿਆਰਥੀਆਂ ਤੋਂ ਡਾਲਰ ਇੱਕਠੇ ਕਰ ਲੈਂਦੀਆਂ ਹਨ, ਭਾਵੇਂ ਕਿ ਇਨ੍ਹਾਂ ਦੇ ਜਾਅਲੀ ਹੋਣ ਦਾ ਖਾਮਿਆਜ਼ਾ ਵਿਦਿਆਰਥੀਆਂ ਨੂੰ ਹੀ ਭੁਗਤਣਾ ਪੈਂਦਾ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪੰਜਾਬ ਦੀ ਸਰਕਾਰ ਜਿਸ ਜ਼ਿੰਮੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ, ਉਹ ਇਨ੍ਹਾਂ ਨੌਜਵਾਨਾਂ ਨੂੰ ਗਲੋਂ ਲਾਹੁਣ ਲਈ ਖ਼ੁਦ ਆਈਲੈਟਸ ਸੇਂਟਰ ਖੋਲ੍ਹਣ ਦੀ ਤਿਆਰੀ ਕਰਦੀ ਦੱਸੀ ਜਾਂਦੀ ਹੈ।
ਇਸ ਰੁਝਾਨ ਦਾ ਖਾਮਿਆਜ਼ਾ ਸਭ ਤੋਂ ਵੱਧ ਪੰਜਾਬ ਵਿੱਚ ਖੁੱਲ੍ਹੇ ਉੱਚ ਸਿੱਖਿਆ ਤੇ ਪ੍ਰੋਫੈਸ਼ਨਲ ਕਾਲਜਾਂ ਨੂੰ ਭੁਗਤਣਾ ਪੈ ਰਿਹਾ ਹੈ। ਇਨ੍ਹਾਂ ਦੀਆਂ ਨੀਅਤ ਮਨਜ਼ੂਰਸ਼ੁਦਾ ਸੀਟਾਂ ਵੀ ਪੂਰੀਆਂ ਭਰ ਨਹੀਂ ਹੋ ਰਹੀਆਂ। ਸੂਬੇ ਵਿੱਚ 100 ਇੰਜਨੀਰਿੰਗ ਕਾਲਜ ਤੇ ਦੋ ਸਰਕਾਰੀ ਯੂਨੀਵਰਸਿਟੀਆਂ ਹਨ, ਜਿਨ੍ਹਾਂ ਵਿੱਚ 43200 ਸੀਟਾਂ ਮਕੈਨੀਕਲ, ਇਲੈਕਟ੍ਰੀਕਲ, ਸਿਵਲ ਇਲੈਕਟ੍ਰੋਨਿਕਸ, ਕੰਪਿਊਟਰ ਆਦਿ ਬੀਟੈਕ ਡਿਗਰੀ ਲਈ ਹਨ। ਐਮਬੀਏ ਦੀਆਂ ਸੀਟਾਂ ਵੱਖਰੀਆਂ ਹਨ। ਆਈਆਈਟੀ ਰੋਪੜ ਅਤੇ ਸੰਤ ਲੌਂਗੋਵਾਲ ਇੰਜਨੀਰਿੰਗ ਦੀ ਡੀਮਡ ਯੂਨੀਵਰਸਿਟੀ ਵੱਖੋ-ਵੱਖਰੇ ਕੋਰਸ ਚਲਾ ਰਹੀ ਹੈ। ਇਨ੍ਹਾਂ ਸਾਰਿਆਂ ਸੰਸਥਾਵਾਂ ਵਿੱਚ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਵਲੋਂ ਮਨਜ਼ੂਰ ਸੀਟਾਂ ਹਨ, ਪਰ ਉਹ ਭਰ ਨਹੀਂ ਰਹੀਆਂ। ਅਜਿਹੇ ਬਹੁਤੇ ਕਾਲਜ ਬੰਦ ਹੋਣ ਕਿਨਾਰੇ ਹਨ। ਜਦੋਂ ਇਹ ਇੰਜਨੀਰਿੰਗ ਕਾਲਜ ਖੁੱਲ੍ਹੇ ਸਨ, ਉਦੋਂ ਸੂਬੇ ਦੇ ਆਰਟਸ ਕਾਲਜ ਬੰਦ ਹੋਣ ਕਿਨਾਰੇ ਹੋ ਗਏ ਸਨ। ਇਨ੍ਹਾਂ ਪ੍ਰਾਈਵੇਟ ਸੰਸਥਾਵਾਂ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਦਾ ਸੰਕਟ ਖੜ੍ਹਾ ਹੋ ਚੁੱਕਾ ਹੈ।
ਪੰਜਾਬ ਦੇ ਆਈਲੈਟਸ ਸੈਂਟਰ ਵੱਡੀਆਂ ਕਮਾਈਆਂ ਕਰ ਰਹੇ ਹਨ, ਜਿਨ੍ਹਾਂ ਵਿੱਚ ਸਾਲਾਨਾਂ ਤਿੰਨ-ਚਾਰ ਲੱਖ ਵਿਦਿਆਰਥੀ ਟਰੇਨਿੰਗ ਲੈਂਦੇ ਹਨ। ਕਈ ਵਿਦਿਆਰਥੀ ਘੱਟ ਬੈਂਡ ਪ੍ਰਾਪਤ ਕਰਨ ਕਾਰਨ ਮੁੜ-ਮੁੜ ਕੋਚਿੰਗ ਲੈਣ ਸੈਂਟਰਾਂ ਤੇ ਪੁੱਜਦੇ ਹਨ। ਇਨ੍ਹਾਂ ਵਿੱਚ ਉਨ੍ਹਾਂ ਮੁੰਡੇ-ਕੁੜੀਆਂ ਦੀ ਤਾਂ ਕਮੀ ਹੀ ਨਹੀਂ, ਜਿਹੜੇ ਸ਼ਹਿਰਾਂ ਦੇ ਪਬਲਿਕ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਆਮ ’ਚ ਪਹਿਲੀ ਜਮਾਤ ਤੋਂ ਸਿੱਖਿਆ ਪ੍ਰਾਪਤ ਕਰਦੇ ਹਨ, ਪਰ ਹੁਣ ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਦੇ ਪੇਂਡੂ-ਸ਼ਹਿਰੀ ਵਿਦਿਆਰਥੀ ਵੀ ਰੀਸੋ-ਰੀਸੀ ਇਸ ਇਮਤਿਹਾਨ ਵਿੱਚ ਬੈਠਦੇ ਹਨ। ਕਈ ਪਾਸ ਹੁੰਦੇ ਹਨ ਪਰ ਬਹੁਤੇ ਘੱਟ ਬੈਂਡ ਆਉਣ  ਕਾਰਨ ਨਿਰਾਸ਼ਾ ਦੇ ਆਲਮ ਵਿੱਚ ਨਾ ਇਧਰ ਜੋਗੇ ਰਹਿੰਦੇ ਹਨ, ਨਾ ਉਧਰ ਜੋਗੇ।

ਗੁਰਮੀਤ ਸਿੰਘ ਪਲਾਹੀ

ਉੱਚ ਸਿੱਖਿਆ ਲਈ ਵਿਦੇਸ਼ ਜਾਣਾ ਮਾੜੀ ਗੱਲ ਨਹੀਂ, ਪਰ ਉੱਚ ਸਿੱਖਿਆ ਦੇ ਨਾਂ ਉਤੇ ਵਿਦੇਸ਼ਾਂ ਵਿੱਚ ਜਾ ਕੇ ਹੀਲੇ-ਵਸੀਲੇ ਉਥੇ ਹੀ ਟਿਕ ਜਾਣਾ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੀ ਜੁਆਨੀ ਦਾ ਪਰਵਾਸ ਪੰਜਾਬ ’ਚ ਸਭਿਆਚਾਰਕ ਸੰਕਟ ਤਾਂ ਪੈਦਾ ਕਰ ਹੀ ਰਿਹਾ ਹੈ, ਪਰ ਨਾਲ ਦੀ ਨਾਲ ਅਰਬਾਂ ਰੁਪਿਆ ਹਰ ਸਾਲ ਪੰਜਾਬੋਂ ਬਾਹਰ ਵੱਡੀਆਂ ਫੀਸਾਂ ਦੇ ਰੂਪ ‘ਚ ਵਿਦੇਸ਼ੀ ਯੂਨੀਵਰਸਿਟੀਆਂ/ ਕਾਲਜਾਂ ਕੋਲ ਜਾ ਰਿਹਾ ਹੈ। ਪੰਜਾਬ ਜਿਹੜਾ ਪਹਿਲਾਂ ਹੀ ਆਰਥਿਕ ਸੰਕਟ ’ਚ ਗ੍ਰਸਿਆ ਹੈ, ਇਸ ਦੀ ਕਿਸਾਨੀ ਮਾਨਸਿਕ ਤੌਰ ’ਤੇ ਟੁੱਟ ਚੁੱਕੀ ਹੈ, ਉਸ ਉਤੇ ਤੇ ਸੂਬੇ ਦੇ ਮੱਧ ਵਰਗ ਪਰਿਵਾਰਾਂ ਉਤੇ ਇਹ ਨਾਸਹਿਣਯੋਗ ਮਾਲੀ ਬੋਝ ਹੈ। ਪਹਿਲਾਂ ਕਿਹਾ ਜਾਂਦਾ ਸੀ ਕਿ ਪੰਜਾਬ ਦੇ 90 ਫੀਸਦੀ ਕਿਸਾਨ ਕਰਜ਼ੇ ਦੀ ਮਾਰ ਹੇਠ ਹਨ, ਪਰ ਹੁਣ ਤਾਂ ਹਰ ਪੰਜਾਬੀ ਹੀ ਵੱਡੇ ਕਰਜ਼ੇ ਦੀ ਮਾਰ ਹੇਠ ਹੈ।
ਪੰਜਾਬ ਜਿਹੜਾ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਵੱਧ ਕੈਂਸਰ ਦੇ ਮਰੀਜ਼ ਆਪਣੀ ਗੋਦੀ ਲਈ ਬੈਠਾ ਹੈ। ਦੇਸ਼ ’ਚ ਸਭ ਤੋਂ ਵੱਧ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰ ਕੇ ਆਪ ਰੇਗਿਸਤਾਨ ਬਣਨ ਵੱਲ ਪੁਲਾਘਾਂ ਪੁੱਟ ਰਿਹਾ ਹੈ, ਉਹ ਪੰਜਾਬ ਸਭਿਆਚਾਰਕ ਤੇ ਆਰਥਿਕ ਤੌਰ ’ਤੇ ਵੀ ਬੁਰੀ ਤਰ੍ਹਾਂ ਟੁੱਟ ਰਿਹਾ ਹੈ। ਇਸ ਲਈ ਲੋੜ ਇਸ ਅਣਚਾਹੇ ਪਰਵਾਸ ਨੂੰ ਰੋਕਣ ਦੀ ਹੈ, ਉਤਸ਼ਾਹਤ ਕਰਨ ਦੀ ਨਹੀਂ। ਪੰਜਾਬ ਸਰਕਾਰ ਆਈਲੈਟਸ ਸੈਂਟਰ ਕੋਚਿੰਗ ਸੈਂਟਰ ਖੋਲ੍ਹਣ ਦੀ ਥਾਂ ਕਾਲਜਾਂ/ ਯੂਨੀਵਰਸਿਟੀਆਂ ’ਚ ਦੇਸ਼ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਬੈਠਣ ਲਈ ਕੋਚਿੰਗ ਸੈਂਟਰ ਖੋਲ੍ਹੇ। ਉਨ੍ਹਾਂ ਕਾਲਜਾਂ/ਯੂਨੀਵਰਸਿਟੀਆਂ ’ਚ ਵੋਕੇਸ਼ਨਲ ਕੋਰਸ ਚਾਲੂ ਕਰੇ ਜਿਥੇ ਇੰਜਨੀਰਿੰਗ ਦੀਆਂ ਮਨਜ਼ੂਰਸ਼ੁਦਾ ਸੀਟਾਂ ਪੂਰੀਆਂ ਨਹੀਂ ਹੁੰਦੀਆਂ ਤੇ ਸੂਬੇ ਦੇ ਕਾਰਖਾਨੇਦਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਟੈਕਨੀਸ਼ਨਾਂ ਨੂੰ ਸਿੱਖਿਆ ਦੇਣ ਦਾ ਪ੍ਰਬੰਧ ਕਰੇ। ਪੌਲੀਟੈਕਨਿਕਾਂ, ਆਈਟੀਆਈਜ਼ ’ਚ ਮਲਟੀ ਸਕਿੱਲ ਪ੍ਰੈਕਟੀਕਲ ਕੋਰਸ ਚਾਲੂ ਕਰਕੇ, ਨੌਜਵਾਨਾਂ ਨੂੰ ਸਵੈ-ਰੁਜ਼ਗਾਰਸ਼ੁਦਾ ਕਰੇ। ਇਸ ਤੋਂ ਵੀ ਵੱਡੀ ਗੱਲ ਇਹ ਕਿ ਮੁਫ਼ਤ ਅੰਨ-ਦਾਣਾ ਸਕੀਮਾਂ ਦੀ ਥਾਂ ਹਰ ਘਰ ਵਿੱਚ ਘੱਟੋ-ਘੱਟ ਇੱਕ ਜੀਅ ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਕਰੇ ਅਤੇ ਉਹ ਸਾਰੀਆਂ ਸਰਕਾਰੀ ਨੌਕਰੀਆਂ ਭਰੇ, ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ, ਦਫ਼ਤਰਾਂ ‘ਚ ਕਲਰਕ, ਕੰਪਿਊਟਰ ਉਪਰੇਟਰ, ਵੱਖੋ-ਵੱਖਰੇ ਮਹਿਕਮਿਆਂ ‘ਚ ਟੈਕਨੀਕਲ ਸਟਾਫ ਸ਼ਾਮਲ ਹਨ ਅਤੇ ਜਿਨ੍ਹਾਂ ਦੀਆਂ ਮਨਜ਼ੂਰਸ਼ੁਦਾ ਪੋਸਟਾਂ ਸਾਲਾਂ ਤੋਂ ਭਰਨ ਤੋਂ ਪਈਆਂ ਹਨ। ਤਦੇ ਇਸ ਪਰਵਾਸ ਨੂੰ ਠੱਲ ਪਏਗੀ ਅਤੇ ਮਾਪੇ ਆਪਣੇ ਲਾਡਲਿਆਂ ਨੂੰ ਮਜਬੂਰੀ-ਵੱਸ ਵਿਦੇਸ਼ਾਂ ਦੇ ਔਝੜੇ ਰਾਹਾਂ ’ਤੇ ਭੇਜਣ ਲਈ ਮਜਬੂਰ ਨਹੀਂ ਹੋਣਗੇ।
ਸੰਪਰਕ: 9815802070


Comments Off on ਨੌਜਵਾਨਾਂ ਦੇ ਪਰਵਾਸ ਕਾਰਨ ਪੰਜਾਬ ਸੱਭਿਆਚਾਰਕ ਸੰਕਟ ਦਾ ਸ਼ਿਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.