ਬੌਲੀਵੁੱਡ ’ਚ ਭੈਣ-ਭਰਾਵਾਂ ਦਾ ਜਲਵਾ !    ‘ਸਾਂਢ ਕੀ ਆਂਖ’ ਮਹਿਲਾ ਸਸ਼ਕਤੀਕਰਨ ਦੀ ਦਾਸਤਾਨ !    ਵੱਖਰੇ ਅੰਦਾਜ਼ ਵਾਲਾ ਮਜ਼ਾਹੀਆ ਅਦਾਕਾਰ ਮਿਰਜ਼ਾ ਮੁਸ਼ੱਰਫ਼ !    ਬਹੁਪੱਖੀ ਪ੍ਰਤਿਭਾ: ਮਾਈਕਲਐਂਜਲੋ !    ਕਾਵਿਮਈ ਲੋਕ ਖੇਡਾਂ !    ਮੇਲਾ ਗ਼ਦਰੀ ਬਾਬਿਆਂ ਦਾ !    ਜਿਨ੍ਹਾਂ ਹਿੰਮਤ ਯਾਰ ਬਣਾਈ…... !    ਸਿਆਣਪ !    ਖ਼ੂਬਸੂਰਤ ਪੰਛੀ ਕਿਰਮਚੀ ਨੜੀ !    ਸਮਾਜਿਕ ਜ਼ਿੰਮੇਵਾਰੀ ਸਮਝਣ ਵਾਲਾ ਨਿਰਦੇਸ਼ਕ !    

ਬੰਦੀ ਸਿੱਖਾਂ ਦੀ ਰਿਹਾਈ ਲਈ 24 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ

Posted On July - 11 - 2019

ਅੰਮ੍ਰਿਤਸਰ ਵਿਚ ਬੰਦੀ ਸਿੰਘਾਂ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੋ. ਬਲਜਿੰਦਰ ਸਿੰਘ। -ਫੋਟੋ: ਸੁਨੀਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਜੁਲਾਈ
ਹਵਾਰਾ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਜ਼ਾਵਾਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਰਿਹਾਅ ਕਰਨ ਲਈ 24 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੈ। ਅਜਿਹਾ ਨਾ ਹੋਣ ’ਤੇ 24 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਤੱਕ ਮਾਰਚ ਕੱਢਿਆ ਜਾਵੇਗਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕਮੇਟੀ ਮੈਂਬਰ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਗਈ ਕਮੇਟੀ ਨੇ ਮੁੜ ਬੰਦੀ ਸਿੱਖਾਂ ਦੀ ਰਿਹਾਈ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਬਰਗਾੜੀ ਮੋਰਚੇ ਦੌਰਾਨ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਸੂਬਾ ਸਰਕਾਰ ਨੇ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਤਕ ਅਜਿਹਾ ਨਹੀਂ ਹੋਇਆ। ਉਨ੍ਹਾਂ ਨੇ ਮੀਡੀਆ ਨੂੰ 21 ਬੰਦੀ ਸਿੱਖਾਂ ਦੀ ਸੂਚੀ ਦਿਖਾਈ, ਜਿਨ੍ਹਾਂ ਦੀਆਂ ਸਜ਼ਾਵਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 21 ਬੰਦੀ ਸਿੱਖਾਂ ਵਿਚੋਂ 20 ਦੇ ਕੇਸ ਪੰਜਾਬ ਨਾਲ ਸਬੰਧਿਤ ਹਨ ਜਦੋਂਕਿ ਇਕ ਸਿੱਖ ਦਾ ਮਾਮਲਾ ਕਰਨਾਟਕਾ ਨਾਲ ਸਬੰਧਿਤ ਹੈ। ਇਨ੍ਹਾਂ ਵਿਚੋਂ ਕਈ ਸਿੱਖ ਲਗਪਗ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਨੇ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ, ਭਾਈ ਲਾਲ ਸਿੰਘ, ਭਾਈ ਗੁਰਦੀਪ ਸਿੰਘ ਖਹਿਰਾ ਦਾ ਹਵਾਲਾ ਦਿੱਤਾ, ਜੋ 1990 ਤੋਂ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਵਿਚੋਂ ਕਈਆਂ ਨੂੰ ਪੈਰੋਲ ’ਤੇ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਕਿਰਦਾਰ ਬਾਰੇ ਵੀ ਹਾਂ ਪੱਖੀ ਵਿਚਾਰ ਦਰਜ ਹਨ। ਇਸ ਦੇ ਬਾਵਜੂਦ ਸਰਕਾਰਾਂ ਇਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀਆਂ।
ਪ੍ਰੋ. ਬਲਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਦੇਸ਼ ਵਿਚ ਸਿੱਖਾਂ ਅਤੇ ਘੱਟ ਗਿਣਤੀਆਂ ਨਾਲ ਵਿਤਕਰਾ ਹੋ ਰਿਹਾ ਹੈ। ਇਕ ਪਾਸੇ ਤਾਂ ਸਰਕਾਰ ਸਿੱਖ ਬੰਦੀਆਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਹੀਂ ਕਰ ਰਹੀ ਅਤੇ ਦੂਜੇ ਪਾਸੇ ਇਕ ਵਿਅਕਤੀ ਦੇ ਕਤਲ ਮਾਮਲੇ ਵਿਚ ਉਮਰ ਕੈਦ ਕੱਟ ਰਹੇ ਪੁਲੀਸ ਕਰਮਚਾਰੀਆਂ ਨੂੰ ਚਾਰ ਸਾਲ ਬਾਅਦ ਹੀ ਰਿਹਾਈ ਦਿੱਤੀ ਜਾ ਰਹੀ ਹੈ। ਵਿਤਕਰੇ ਸਬੰਧੀ ਉਨ੍ਹਾਂ ਨੇ ਦਿੱਲੀ ਦੇ ਸਰਬਜੀਤ ਸਿੰਘ ਦੀ ਦਿੱਲੀ ਪੁਲੀਸ ਵੱਲੋਂ ਕੀਤੀ ਗਈ ਕੁੱਟਮਾਰ ਤੇ ਸਿੱਖ ਸਾਹਿਤ ਰੱਖਣ ਦੇ ਦੋਸ਼ ਹੇਠ ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਹਵਾਲਾ ਦਿੱਤਾ। ਉਨ੍ਹਾਂ ਆਖਿਆ ਕਿ ਜੇ ਬੰਦੀ ਸਿੱਖਾਂ ਦੀ ਰਿਹਾਈ ਨਾ ਕੀਤੀ ਗਈ ਤਾਂ 24 ਅਗਸਤ ਨੂੰ ਵੱਡਾ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਵੇਗਾ ਤੇ ਚੰਡੀਗੜ੍ਹ ਸਥਿਤ ਗਵਰਨਰ ਭਵਨ ਵਿਚ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਮੁਤਵਾਜ਼ੀ ਜਥੇਦਾਰਾਂ ਅਤੇ ਹੋਰ ਹਮਖ਼ਿਆਲੀਆਂ ਨੂੰ ਵੀ ਇਸ ਮਾਰਚ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਮੁਤਵਾਜ਼ੀ ਜਥੇਦਾਰਾਂ ਨੂੰ ਰਸਮੀ ਸੱਦਾ ਦੇਣ ਦੇ ਸਵਾਲ ਤੋਂ ਟਾਲਾ ਵੱਟਿਆ। ਇਸ ਮੌਕੇ ਭਾਈ ਸਤਨਾਮ ਸਿੰਘ, ਅਖੰਡ ਕੀਰਤਨੀ ਜਥੇ ਦੇ ਬਲਦੇਵ ਸਿੰਘ, ਮਹਾਵੀਰ ਸਿੰਘ ਗਿੱਲ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।


Comments Off on ਬੰਦੀ ਸਿੱਖਾਂ ਦੀ ਰਿਹਾਈ ਲਈ 24 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.