ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਬੇਅਦਬੀ ਕਾਂਡ: ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਘਿਰੇ ਕੈਪਟਨ

Posted On August - 18 - 2019

ਸਿੱਧੂ ਅਤੇ ਬਾਜਵਾ ਤੋਂ ਬਾਅਦ ਹੁਣ ਮਾਨ ਤੇ ਫੂਲਕਾ ਨੇ ਘੇਰਿਆ;
ਬਾਦਲ-ਕੈਪਟਨ ਦੀ ਮਿਲੀਭੁਗਤ ਜੱਗ-ਜ਼ਾਹਿਰ ਹੋਣ ਦਾ ਦਾਅਵਾ

ਤਰਲੋਚਨ ਸਿੰਘ
ਚੰਡੀਗੜ੍ਹ, 17 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ’ਚ ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਬੁਰੀ ਤਰ੍ਹਾਂ ਘਿਰਦੇ ਜਾ ਰਹੇ ਹਨ। ਇਸੇ ਮੁੱਦੇ ’ਤੇ ਪਹਿਲਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੈਪਟਨ ਉਪਰ ਸ਼ਰੇਆਮ ਵਾਰ ਕਰਦੇ ਆ ਰਹੇ ਸਨ ਪਰ ਹੁਣ ਪਾਰਟੀ ਦੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਨੂੰ ਘੇਰਦਿਆਂ ਵਿਧਾਨ ਸਭਾ ਵਿਚ ਇਸ ਮੁੱਦੇ ’ਤੇ ਗਰਜਣ ਵਾਲੇ ਮੰਤਰੀਆਂ ਨੂੰ ਵੀ ਐੱਚ ਐੱਸ ਫੂਲਕਾ ਦੇ ਰਾਹ ਪੈਂਦਿਆਂ ਅਸਤੀਫ਼ੇ ਦੇਣ ਦੀ ਵੰਗਾਰ ਪਾਈ ਹੈ।
ਹੁਣ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਇਕੀ ਤੋਂ ਅਸਤੀਫ਼ਾ ਦੇ ਚੁੱਕੇ ਐੱਚ ਐੱਸ ਫੂਲਕਾ ਨੇ ਕੈਪਟਨ ਨੂੰ ਇਸ ਮੁੱਦੇ ’ਤੇ ਘੇਰਿਆ ਹੈ। ਸ੍ਰੀ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਉੱਤੇ ਬਾਦਲ ਪਰਿਵਾਰ ਨੂੰ ਬਚਾਉਣ ਸਬੰਧੀ ਲਗਾਏ ਦੋਸ਼ਾਂ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਬਾਦਲ-ਕੈਪਟਨ ਦੀ ਮਿਲੀਭੁਗਤ ਜੱਗ-ਜ਼ਾਹਿਰ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੂੰ ਪੰਜਾਬ ਜਾਂ ਬਾਦਲਾਂ ਦੇ ਟੱਬਰ ਵਿਚੋਂ ਕਿਸੇ ਇੱਕ ਨੂੰ ਚੁਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਸ੍ਰੀ ਬਾਜਵਾ ਨੇ ਬੇਬਾਕੀ ਨਾਲ ਸੱਚ ਬੋਲਣ ਦੀ ਹਿੰਮਤ ਦਿਖਾਈ ਹੈ। ਹਾਲਾਂਕਿ ਪੰਜਾਬ ਦਾ ਹਰ ਨਾਗਰਿਕ ਜਾਣਦਾ ਹੈ ਕਿ ਕੈਪਟਨ ਅਤੇ ਬਾਦਲਾਂ ਦਾ ਪਰਿਵਾਰ ਪੂਰੀ ਤਰ੍ਹਾਂ ਇੱਕ-ਮਿੱਕ ਹੈ। ਉਹ ਪਿਛਲੇ ਇੱਕ ਦਹਾਕੇ ਤੋਂ ਇੱਕ-ਦੂਜੇ ਦੇ ਸਿਆਸੀ ਅਤੇ ਨਿੱਜੀ ਹਿੱਤਾਂ ਲਈ ਡੱਟ ਕੇ ਖੜ੍ਹਦੇ ਆਏ ਹਨ ਪਰ ਹੁਣ ਇਹ ‘ਫਰੈਂਡਲੀ ਮੈਚ’ ਬਰਦਾਸ਼ਤ ਤੋਂ ਬਾਹਰ ਹੈ।’’ ਸੰਸਦ ਮੈਂਬਰ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜੇਕਰ ਕੈਪਟਨ ਵੱਲੋਂ ਬਾਦਲ ਪਰਿਵਾਰ ਦਾ ਪੱਖ ਨਾ ਪੂਰਿਆ ਗਿਆ ਹੁੰਦਾ ਤਾਂ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਕਈ ਜਣੇ ਅੰਦਰ ਹੋਣੇ ਸਨ। ਉਨ੍ਹਾਂ ਕਿਹਾ ਕਿ ਡਰੱਗ, ਲੈਂਡ, ਸੈਂਡ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਬਿਜਲੀ ਮਾਫ਼ੀਆ ਵਿਚ ਵੀ ਕੈਪਟਨ ਵੱਲੋਂ ਬਾਦਲ ਪਰਿਵਾਰ ਨਾਲ ਆਪਣੇ ਨਿੱਜੀ ਸਿਆਸੀ ਸਵਾਰਥ ਸਾਂਝੇ ਨਾ ਕੀਤੇ ਗਏ ਹੁੰਦੇ ਤਾਂ ਕਈ ਵੱਡੇ ਖੁਲਾਸੇ ਹੋਣੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ’ਤੇ ਪਲਟਵਾਰ ਕਰਨ ਵਾਲੇ ਕੈਪਟਨ ਉਸ ਦਿਨ ਕਿਉਂ ਚੁੱਪ ਰਹੇ ਸਨ ਜਦੋਂ ਵਿਧਾਇਕ ਦਲ ਦੀ ਮੀਟਿੰਗ ਵਿਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਬਾਦਲਾਂ ਨਾਲ ਫਰੈਂਡਲੀ ਮੈਚ ਬਾਰੇ ਖਰੀਆਂ-ਖਰੀਆਂ ਸੁਣਾਈਆਂ ਸਨ। ਦੂਸਰੇ ਪਾਸੇ ਸ੍ਰੀ ਫੂਲਕਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਕਥਨਾਂ ਉਪਰ ਮੋਹਰ ਲਾ ਦਿੱਤੀ ਹੈ। ਇਸ ਲਈ ਹੁਣ ਮੁੱਖ ਮੰਤਰੀ ਨੂੰ ਆਪਣਿਆਂ ਦੀ ਗੱਲ ਮੰਨ ਕੇ ਵਿਧਾਨ ਸਭਾ ਵਿਚ ਕੀਤੇ ਵਾਅਦੇ ਅਨੁਸਾਰ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬਾਦਲਾਂ ਵਿਰੁੱਧ ਆਵਾਜ਼ ਉਠਾਈ ਸੀ, ਹੁਣ ਉਨ੍ਹਾਂ ਨੂੰ ਵਿਧਾਨ ਸਭਾ ’ਚ ਬੈਠਣ ਦਾ ਕੋਈ ਇਖ਼ਲਾਕੀ ਹੱਕ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨਾਲ ਮਿਲੀਭੁਗਤ ਕਰਕੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਤੋਂ ਧਿਆਨ ਹਟਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਇਕ ਸਾਜ਼ਿਸ਼ ਤਹਿਤ ਜਸਟਿਸ ਰਣਜੀਤ ਸਿੰਘ ਦੇ ਖੁਲਾਸਿਆਂ ਦੀ ਗੱਲ ਹੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਪੜਤਾਲ ਕਰਵਾਉਣ ਦੀ ਮੰਗ ਕਰਕੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਖੁਲਾਸਿਆਂ ਉਪਰ ਪਰਦਾ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਨਵਜੋਤ ਸਿੱਧੂ, ਰਮਨਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਬੈਂਸ ਭਰਾਵਾਂ ਅਤੇ ਸੁਖਪਾਲ ਖਹਿਰਾ ਨੂੰ ਜਾਗਦੀਆਂ ਜ਼ਮੀਰਾਂ ਵਾਲੇ ਸਮਝ ਕੇ ਅਸਤੀਫ਼ੇ ਦੇਣ ਦੀ ਅਪੀਲ ਕੀਤੀ ਸੀ ਪਰ ਕਿਸੇ ਨੇ ਵੀ ਹਾਲੇ ਤਕ ਹੁੰਗਾਰਾ ਨਹੀਂ ਦਿੱਤਾ ਹੈ।


Comments Off on ਬੇਅਦਬੀ ਕਾਂਡ: ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਘਿਰੇ ਕੈਪਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.