‘ਗਿਆਨ ਉਤਸਵ’ ਤਹਿਤ ਵਿਦਿਅਕ ਮੁਕਾਬਲੇ ਕਰਵਾਏ !    ਐੱਸਐੱਮਓ ਵੱਲੋਂ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ !    ਨਾਟਕ ‘ਦਮ ਤੋੜਦੇ ਰਿਸ਼ਤੇ’ ਨੇ ਨਸ਼ਿਆਂ ਖ਼ਿਲਾਫ਼ ਹੋਕਾ ਦਿੱਤਾ !    ਸਟੋਕਸ ਨੇ ਫਿਰ ਨਿਊਜ਼ੀਲੈਂਡ ਨੂੰ ਵਖ਼ਤ ਪਾਇਆ !    ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਚਾਨਣ ਦੇ ਰਾਹੀ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    

ਭਾਈ ਗੁਰਦਾਸ ਜੀ

Posted On August - 28 - 2019

ਰਮੇਸ਼ ਬੱਗਾ ਚੋਹਲਾ
ਪ੍ਰਮਾਤਮਾ ਨੂੰ ਹਾਜ਼ਰ-ਨਾਜ਼ਰ ਜਾਣ ਕੇ ਸਿੱਖ ਧਰਮ ਵਿਚ ਜਦੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਗੁਰੂ ਘਰ ਦੇ ਪਿਆਰਿਆਂ ਅਤੇ ਸਚਿਆਰਿਆਂ ਦੀ ਕਮਾਈ ਦਾ ਵੀ ਧਿਆਨ ਧਰਨ ਲਈ ਕਿਹਾ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਜੀਵਨ ਨੂੰ ਨਾ ਸਿਰਫ ਸਿੱਖੀ ਸਿਧਾਂਤਾਂ ਮੁਤਾਬਕ ਢਾਲਿਆ ਹੀ ਸਗੋਂ ਉਨ੍ਹਾਂ ਸਿਧਾਂਤਾਂ ਦੀ ਰੌਸ਼ਨੀ ਨੂੰ ਦੂਰ-ਦੁਰਾਡੇ ਤੱਕ ਪਹੁੰਚਾਉਣ ਲਈ ਵੀ ਆਪਣਾ ਅਹਿਮ ਯੋਗਦਾਨ ਪਾਇਆ। ਇਨ੍ਹਾਂ ਗੁਰੂ ਘਰ ਦੇ ਪਿਆਰਿਆਂ-ਨਿਆਰਿਆਂ ਦੇ ਯੋਗਦਾਨ ਬਦਲੇ ਗੁਰੂ ਨਾਨਕ ਨਾਮ ਲੇਵਾ ਸੰਗਤ ਇਨ੍ਹਾਂ ਨੂੰ ਵੀ ਓਨੇ ਹੀ ਮਾਣ-ਸਤਿਕਾਰ ਦਿੰਦੀਆਂ ਹਨ, ਜਿਨ੍ਹਾਂ ਸਿੱਖ ਧਰਮ ਦੇ ਰਹਿਬਰਾਂ ਨੂੰ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਦੇ ਹੀ ਮਾਣ ਸਤਿਕਾਰ ਦੇ ਪਾਤਰ ਬਣਦੇ ਹਨ, ਸਿੱਖ ਧਰਮ ਦੇ ਮਹਾਨ ਵਿਦਵਾਨ, ਚਿੰਤਕ ਅਤੇ ਗੁਰਬਾਣੀ ਦੇ ਵਿਆਖਿਆਕਾਰ ‘ਭਾਈ ਗੁਰਦਾਸ ਜੀ।’
ਸਿੱਖ ਹਲਕਿਆਂ ਵਿੱਚ ਵੇਦ-ਵਿਆਸ ਅਤੇ ਪਾਦਰੀ ਸੇਂਟ ਪਾਲ ਦੇ ਨਾਲ ਤੁਲਨਾਏ ਜਾਂਦੇ ਭਾਈ ਗੁਰਦਾਸ ਜੀ ਦਾ ਜਨਮ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿਚ ਭਾਈ ਈਸ਼ਰ ਦਾਸ (ਗੁਰੂ ਅਮਰਦਾਸ ਜੀ ਦਾ ਚਚੇਰਾ ਭਾਈ) ਦੇ ਪਰਿਵਾਰ ਵਿਚ 1559 ਈ. ਨੂੰ ਹੋਇਆ। ਕੁੱਝ ਲੇਖਕਾਂ ਦੀ ਵੱਖਰੀ ਰਾਇ ਮੁਤਾਬਕ ਭਾਈ ਸਾਹਿਬ ਦਾ ਜਨਮ ਸ੍ਰੀ ਗੋਇੰਦਵਾਲ ਸਾਹਿਬ ਦੀ ਧਰਤੀ ’ਤੇ 1553 ਈ. ਨੂੰ ਹੋਇਆ ਵੀ ਸਵੀਕਾਰਿਆ ਜਾਂਦਾ ਹੈ। ਬਚਪਨ ਦਾ ਵਧੇਰੇ ਸਮਾਂ ਭਾਈ ਗੁਰਦਾਸ ਜੀ ਨੇ ਸ੍ਰੀ ਗੋਇੰਦਵਾਲ ਸਾਹਿਬ ਵਿਚ ਹੀ ਬਿਤਾਇਆ ਅਤੇ ਪ੍ਰਾਇਮਰੀ ਸਿੱਖਿਆ ਵੀ ਇੱਥੋਂ ਹੀ ਹਾਸਲ ਕੀਤੀ। ਇਸ ਤੋਂ ਅਗਲੇਰੀ ਅਤੇ ਉਚੇਰੀ ਸਿੱਖਿਆ ਉਨ੍ਹਾਂ ਨੇ ਉਸ ਵਕਤ ਦੇ ਪ੍ਰਸਿੱਧ ਇਸਲਾਮੀ ਅਤੇ ਭਾਰਤੀ ਵਿਦਿਆ ਕੇਂਦਰਾਂ ’ਤੇ ਜਾ ਕੇ ਗ੍ਰਹਿਣ ਕੀਤੀ। ਗੁਰੂੁ ਸਾਹਿਬਾਨ ਦੀ ਸੇਵਾ ਵਿਚ ਰਹਿ ਕੇ ਉਨ੍ਹਾਂ ਨੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ ਅਤੇ ਗੁਰਮਤਿ ਦੇ ਵਿਸ਼ਿਆਂ ’ਤੇ ਆਪਣੀ ਪਕੜ ਮਜ਼ਬੂਤ ਬਣਾ ਲਈ।
ਗੁਰੂੁ ਅਰਜਨ ਦੇਵ ਦੇ ਸਮੇਂ ਸਿੱਖੀ ਦੇ ਰਾਹ ਵਿਚ ਰੋੜਾ ਅਟਕਾਉਣ ਵਾਲੇ ਕਈ ਅੰਦਰੂਨੀ ਅਤੇ ਬਾਹਰੀ ਵਿਰੋਧੀਆਂ ਦੀਆਂ ਕੋਝੀਆਂ ਚਾਲਾਂ ਨੂੰ ਪਛਾੜਨ ਲਈ ਵੀ ਭਾਈ ਗੁਰਦਾਸ ਜੀ ਦਾ ਅਹਿਮ ਰੋਲ ਰਿਹਾ। ਇਸ ਰੋਲ ਸਦਕਾ ਹੀ ਗੁਰੂ ਘਰ ਦੀ ਆਰਥਿਕ ਵਿਵਸਥਾ ਮੁੜ ਲੀਹ ਉੱਪਰ ਆ ਗਈ ਅਤੇ ਉਸਾਰੀ ਦੇ ਕੰਮਾਂ ਦੀ ਰਫਤਾਰ ਤੇਜ਼ ਹੋ ਗਈ। ਜਦੋਂ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਦਾ ਕੰਮ ਆਰੰਭਿਆ ਤਾਂ ਉਸ ਪਾਵਨ ਸਰੂਪ ਨੂੰ ਲਿਖਣ ਦੀ ਸੇਵਾ ਭਾਈ ਗੁਰਦਾਸ ਜੀ ਵਲੋਂ ਨਿਭਾਈ ਗਈ। ਇਸ ਤੋਂ ਇਲਾਵਾ ਭਾਈ ਸਾਹਿਬ ਆਪਣੀ ਬਾਣੀ ਦੀ ਸਿਰਜਣਾ ਵੀ ਕਰਦੇ ਰਹੇ। ਇਸ ਬਾਣੀ ਨੂੰ ਜਦੋਂ ਪੰਚਮ ਪਾਤਸ਼ਾਹ ਨੇ (ਗੁਰੂ) ਗ੍ਰੰਥ ਸਾਹਿਬ ਵਿਚ ਦਰਜ ਕਰਨਾ ਚਾਹਿਆ ਤਾਂ ਨਿਮਰਤਾ ਦਾ ਸਬੂਤ ਦਿੰਦਿਆਂ ਭਾਈ ਸਾਹਿਬ ਨੇ ਕਿਹਾ ਕਿ ਸੇਵਕ ਸਾਹਿਬ ਦੇ ਬਰਾਬਰ ਬੈਠਾ ਸ਼ੋਭਦਾ ਨਹੀਂ। ਇਹ ਨਿਮਰਤਾ ਵੇਖ ਕੇ ਗੁਰੂ ਸਾਹਿਬ ਬਹੁਤ ਪ੍ਰਸੰਨ ਹੋਏ ਅਤੇ ਭਾਈ ਸਾਹਿਬ ਦੀ ਬਾਣੀ ਨੂੰ ‘ਗੁਰਬਾਣੀ ਦੀ ਕੁੰਜੀ’ ਕਹਿ ਕੇ ਰੱਜਵਾਂ ਸਤਿਕਾਰ ਦਿੱਤਾ। ਇਸ ਗੱਲ ਦੀ ਤਸਦੀਕ ਕਰਦੀਆਂ ਹਨ ਇਹ ਪਾਵਨ ਪੰਕਤੀਆਂ:
ਭਾਈ ਜੀ ਸੁਨੀਏ ਨਿਰਾਧਾਰ।।
ਤੁਮਰੀ ਬਾਣੀ ਅਪਰ ਅਪਾਰ।।
ਮਨਹੁ ਗ੍ਰੰਥ ਦਾ ਟੀਕਾ ਭਯੋ।।
ਯਾਹਿ ਪੜ੍ਹੇ ਸਗਲ ਦੁਖ ਗਯੋ।।
ਭਾਈ ਗੁਰਦਾਸ ਜੀ ਨੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦੇ ਆਰੰਭਲੇ ਸਮੇਂ ਉਸਾਰੀ ਦੇ ਕੰਮਕਾਜ ਦੀ ਨਿਗਰਾਨੀ ਵੀ ਕੀਤੀ। ਜਦੋਂ 1609 ਈ. ਨੂੰ ਛੇਵੇਂ ਪਾਤਸ਼ਾਹ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਨੀਂਹ ਰੱਖੀ ਤਾਂ ਉਸ ਨੂੰ ਸੰਪੂਰਨਤਾ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਭਾਈ ਸਾਹਿਬ ਨੇ ਬਾਖੂਬੀ ਨਿਭਾਈ। ਜਦੋਂ ਗੁਰੂ ਸਾਹਿਬ ਗੁਰਸਿੱਖੀ ਦੇ ਪ੍ਰਚਾਰ ਲਈ ਕਿਤੇ ਦੂਰ ਨੇੜੇ ਜਾਂਦੇ ਤਾਂ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਦਾ ਸਵਾਗਤ ਅਤੇ ਸੇਵਾ ਦਾ ਕੰਮ ਵੀ ਭਾਈ ਗੁਰਦਾਸ ਜੀ (ਬਾਬਾ ਬੁੱਢਾ ਜੀ ਨਾਲ ਮਿਲ ਕੇ) ਵੱਲੋਂ ਬੜੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ।
ਗੁਰੂ ਘਰ ਦੇ ਈਰਖਾਲੂਆਂ ਵੱਲੋਂ ਜਦੋਂ ਕਦੇ ਬਾਬੇ ਨਾਨਕ ਦੇ ਨਿਰਮਲ ਪੰਥ ਬਾਬਤ ਸੰਗਤਾਂ ਵਿੱਚ ਕੋਈ ਭਰਮ ਭੁਲੇਖਾ ਪਾਇਆ ਜਾਂਦਾ ਤਾਂ ਉਸ ਨੂੰ ਨਵਿਰਤ ਕਰਨ ਦੀ ਡਿਊਟੀ ਵੀ ਭਾਈ ਗੁਰਦਾਸ ਜੀ ਵੱਲੋਂ ਹੀ ਨਿਭਾਈ ਜਾਂਦੀ ਰਹੀ। ਗੁਰੂ ਘਰ ਦੇ ਲੋਹ-ਲੰਗਰ ਅਤੇ ਹੋਰ ਜ਼ਰੂਰੀ ਲੋੜਾਂ ਦੀ ਪੂਰਤੀ ਲਈ ਆਪਣੀ ਕਿਰਤ ਕਮਾਈ ’ਚੋਂ ਦਸਵੰਧ ਕੱਢਣ ਦੀ ਪਿਰਤ ਪਾਉਣ ਦਾ ਸਿਹਰਾ ਵੀ ਭਾਈ ਗੁਰਦਾਸ ਜੀ ਨੂੰ ਹੀ ਜਾਂਦਾ ਹੈ। ਸਿੱਖ ਸਮਾਜ ਅਤੇ ਗੁਰੂ ਘਰ ਦੇ ਹੋਰ ਪ੍ਰੀਤਵਾਨਾਂ ਵਿਚ ਇਹ ਪਿਰਤ ਅਜੇ ਤੱਕ ਵੀ ਕਾਇਮ ਹੈ।
1605 ਈ. ਵਿੱਚ ਜਦੋਂ ਅਕਬਰ ਬਾਦਸ਼ਾਹ ਬਟਾਲੇ ਆਇਆ ਤਾਂ ਕਿਸੇ ਨੇ ਉਸ ਦੇ ਕੰਨ ਇਹ ਕਹਿ ਕੇ ਭਰ ਦਿੱਤੇ ਕਿ ਗੁਰੂ ਸਾਹਿਬ ਵੱਲੋਂ ਰਚਿਤ (ਗੁਰੂ) ਗ੍ਰੰਥ ਸਾਹਿਬ ਵਿਚ ਇਸਲਾਮ ਅਤੇ ਮੁਹੰਮਦ ਸਾਹਿਬ ਦੀ ਸ਼ਾਨ ਖ਼ਿਲਾਫ਼ ਲਿਖਤ ਲਿਖੀ ਗਈ ਹੈ। ਗੁਰੂ ਅਰਜਨ ਦੇਵ ਜੀ ਵਲੋਂ ਅਕਬਰ ਬਾਦਸ਼ਾਹ ਦੇ ਸ਼ੰਕਿਆਂ ਨੂੰ ਸੰਤੁਸ਼ਟ ਕਰਨ ਦੇ ਕਾਬਲ ਵੀ ਭਾਈ ਗੁਰਦਾਸ ਜੀ ਨੂੰ ਹੀ ਸਮਝਿਆ ਗਿਆ। ਗੁਰੂ ਸਾਹਿਬ ਦੇ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਕੇ ਭਾਈ ਗੁਰਦਾਸ ਜੀ ਤੇ ਬਾਬਾ ਬੁੱਢਾ ਜੀ (ਗੁਰੂ) ਗ੍ਰੰਥ ਸਾਹਿਬ ਨੂੰ ਨਾਲ ਲੈ ਕੇ ਬਟਾਲੇ ਪਹੁੰਚ ਗਏ। ਜਦੋਂ ਅਕਬਰ ਨੇ ਬਾਣੀ ਸੁਣਾਉਣ ਲਈ ਕਿਹਾ ਤਾਂ ਭਾਈ ਸਾਹਿਬ ਨੇ ਪਾਠ ਕਰਨਾ ਆਰੰਭ ਕਰ ਦਿੱਤਾ। ਪਾਠ ਦੀ ਅਰੰਭਤਾ ਵਿਚ ਜੋ ਸ਼ਬਦ ਆਇਆ ਉਹ ਸੀ:
‘ਖਾਕ ਨੂਰ ਕਰਦੰ ਆਲਮ ਦੁਨੀਆਇ।।’
ਇਸ ਸ਼ਬਦ ਦੇ ਨਾਲ ਹੀ ਅਕਬਰ ਬਾਦਸ਼ਾਹ ਦੀ ਕਾਫੀ ਹੱਦ ਤੱਕ ਤਸੱਲੀ ਹੋ ਗਈ। ਇਸ ਤੋਂ ਇਲਾਵਾ ਭਾਈ ਸਾਹਿਬ ਨੇ ਕੁੱਝ ਹੋਰ ਸ਼ਬਦ ਵੀ ਪੜ੍ਹੇ ਜਿਨ੍ਹਾਂ ਨੂੰ ਸੁਣ ਕੇ ਅਕਬਰ ਨੇ 51 ਮੋਹਰਾਂ (ਗੁਰੂ) ਗ੍ਰੰਥ ਸਾਹਿਬ ਅੱਗੇ ਰੱਖ ਕੇ ਆਪਣਾ ਸੀਸ ਝੁਕਾਇਆ। ਇੱਥੇ ਹੀ ਬੱਸ ਨਹੀਂ ਉਸ ਨੇ ਭਾਈ ਗੁਰਦਾਸ ਜੀ ਨੂੰ ਇੱਕ ਸੁੰਦਰ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਵੀ ਕੀਤਾ। ਗੁਰੂ ਘਰ ਦੇ ਅਨਿਨ ਸੇਵਕ ਅਤੇ ਸਰਵਸ੍ਰੇਸ਼ਟ ਬੁੱਧੀ ਦੇ ਮਾਲਕ ਭਾਈ ਗੁਰਦਾਸ ਜੀ ਦੀ ਤਿੰਨ ਪ੍ਰਕਾਰ ਦੀ ਲਿਖਤ ਮਿਲਦੀ ਹੈ। ਇਸ ਲਿਖਤ ਵਿਚ 40 ਅਧਿਆਤਮਿਕ ਵਾਰਾਂ ਪੰਜਾਬੀ, 675 ਬਰਿਜ ਅਤੇ ਕੁੱਝ ਸ਼ਲੋਕ ਸੰਸਕ੍ਰਿਤ ਵਿੱਚ ਮਿਲਦੇ ਹਨ। ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਜਨਮ ਸਾਖੀਆਂ ਨੇ ਭਾਈ ਸਾਹਿਬ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਕਵਿਤਾਇਆ ਹੈ। ਵਰਣਾਤਮਕ ਵਿਸ਼ਿਆਂ ਲਈ ਉਨ੍ਹਾਂ ਨੇ ਲੋਕ-ਕਾਵਿ ਰੂਪ ਦੀ ਵਰਤੋਂ ਕੀਤੀ ਹੈ। ਗੁਰਮਤਿ ਦੀ ਲਾਭਦਾਇਕਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦੀ ਇਸ ਰਚਨਾ ਦਾ ਨਿੱਠ ਕੇ ਅਧਿਐਨ ਕਰਨਾ ਪੈਂਦਾ ਹੈ। ਇਸੇ ਲਈ ਗੁਰੂ ਅਰਜਨ ਦੇਵ ਜੀ ਨੇ ਕਿਹਾ ਸੀ ਕਿ ਭਾਈ ਗੁਰਦਾਸ ਜੀ ਦੀ ਬਾਣੀ ਤੋਂ ਸਿੱਖੀ ਪ੍ਰਾਪਤ ਹੁੰਦੀ ਹੈ। ਭਾਈ ਗੁਰਦਾਸ ਜੀ ਨੇ ਆਪਣੇ ਅੰਤਲੇ ਸਵਾਸ ਸ੍ਰੀ ਗੋਇੰਦਵਾਲ ਸਾਹਿਬ ਦੀ ਧਰਤੀ ’ਤੇ ਲਏ ਅਤੇ ਛੇਵੇਂ ਪਾਤਸ਼ਾਹ ਦੀ ਹਜ਼ੂਰੀ ਵਿਚ ਭਾਦੋਂ ਸੁਦੀ ਪੰਜਵੀਂ 1637 ਈ. ਨੂੰ ਸਰੀਰਕ ਚੋਲਾ ਤਿਆਗ ਗਏ।
ਸੰਪਰਕ: 94631-32719


Comments Off on ਭਾਈ ਗੁਰਦਾਸ ਜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.