ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦਾ ਦੇਹਾਂਤ !    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    

ਮੰਦਰ ਢਾਹੁਣ ਖ਼ਿਲਾਫ਼ ਵੱਖ ਵੱਖ ਥਾਵਾਂ ’ਤੇ ਧਰਨੇ, ਮੁਜ਼ਾਹਰੇ ਤੇ ਜਾਮ

Posted On August - 14 - 2019

ਸਮਾਣਾ ’ਚ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਖੇਤਰੀ ਪ੍ਰਤੀਨਿੱਧ
ਪਟਿਆਲਾ, 13 ਅਗਸਤ
ਦਿੱਲੀ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਨਾਲ ਸਬੰਧਿਤ ਮੰਦਿਰ ਢਾਹੁਣ ਦੇ ਵਿਰੋਧ ਵਿਚ ਰਵਿਦਾਸ ਭਾਈਚਾਰੇ ਵੱਲੋਂ ਸਨੌਰ ਦੇ ਬਾਜ਼ਾਰ ਵਿਚ ਰੋਸ ਮਾਰਚ ਕਰਨ ਮਗਰੋਂ ਬੱਸ ਸਟੈਂਡ ਸਨੌਰ ਦੇ ਸਾਹਮਣੇ ਧਰਨਾ ਮਾਰ ਕੇ ਸਨੌਰ-ਪਟਿਆਲਾ ਰੋਡ ਜਾਮ ਕਰ ਦਿੱਤੀ। ਇਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਨੌਰ ਦੇ ਬਾਜ਼ਾਰ ਬੰਦ ਰਹੇ।
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਸੂਬੇ ਦੀਆਂ ਵੱਖ-ਵੱਖ ਸਿਆਸੀ, ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਇਸ ਖੇਤਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰੀ ਖੇਤਰ ਦੇ ਪ੍ਰਾਈਵੇਟ ਸਕੂਲ ਤੇ ਦੁਕਾਨਾਂ ਬੰਦ ਰਹੀਆਂ। ਬੈਂਕਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋਇਆ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਰਹੀ। ਵੱਖ ਵੱਖ ਆਗੂਆਂ ਦੀ ਅਗਵਾਈ ਵਿੱਚ ਸ਼ਹਿਰ ਦੇ ਆਈਟੀਆਈ ਚੌਕ ਤੇ ਟਾਊਨ ਦੇ ਟਾਹਲੀ ਵਾਲਾ ਚੌਕ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਆਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਜਥੇਬੰਦੀਆ ਦੇ ਬੁਲਾਰਿਆਂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਘੱਟ ਗਿਣਤੀਆਂ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਆਵਾਜ਼ ਨੂੰ ਦਬਾਉਣ ਲਈ ਦਿੱਲੀ ਵਿਚ ਗੁਰੂ ਰਵਿਦਾਸ ਮੰਦਿਰ ਨੂੰ ਢਾਹ ਦਿੱਤਾ ਗਿਆ ਹੈ। ਕੇਂਦਰ ਦੀ ਇਸ ਕਾਰਵਾਈ ਨਾਲ ਘੱਟ ਗਿਣਤੀਆਂ ਬਾਲਮਿਕ ਸਮਾਜ, ਦਲਿਤ ਵਰਗ ਸਮੇਤ ਹੋਰਨਾਂ ਵਰਗਾਂ ਨੂੰ ਠੇਸ ਪਹੁੰਚੀ ਹੈ। ਇਸ ਮੌਕੇ ਪ੍ਰਦਸ਼ਨਕਾਰੀਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਨੂੰ ਸੌਂਪਿਆ ਗਿਆ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਰਵਿਦਾਸ ਮੰਦਿਰ ਢਾਹੁਣ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ’ਤੇ ਤਹਿਤ ਸੈਂਕੜੇ ਰਾਮਦਾਸੀਆ ਭਾਈਚਾਰੇ ਦੇ ਲੋਕਾਂ ਨੇ ਕਸਬਾ ਦੇਵੀਗੜ੍ਹ ’ਚ ਦੁਕਾਨਾਂ ਬੰਦ ਕਰਵਾਈਆਂ ਅਤੇ ਰੋਸ ਮਾਰਚ ਕੱਢਿਆ। ਇਸ ਮੌਕੇ ਬਲਦੇਵ ਭੰਬੂਆਂ ਅਤੇ ਰਣਧੀਰ ਰੋਹੜ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਗੁਰੂ ਰਵਿਦਾਸ ਦੇ ਸੈਂਕੜੇ ਸਾਲ ਪੁਰਾਣੇ ਮੰਦਿਰ ਨੂੰ ਢਾਹ ਕੇ ਰਾਮਦਾਸੀਆ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਦੋਬਾਰਾ ਮੰਦਿਰ ਦੀ ਉਸਾਰੀ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਵਿਰੋਧ ਵਿਚ ਵੱਖ ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਲੋਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ ਅਤੇ ਸਰਕਾਰ ਨੂੰ ਇਸ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਸਮੁੱਚਾ ਰਾਮਦਾਸੀਆ ਭਾਈਚਾਰਾ ਇਕਮੁੱਠ ਹੈ।
ਘਨੌਰ (ਗੁਰਪ੍ਰੀਤ ਸਿੰਘ): ਵੱਖ-ਵੱਖ ਜਥੇਬੰਦੀਆ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਹਲਕਾ ਘਨੌਰ ਵਿੱਚ ਰਲਵਾਂ-ਮਿਲਵਾਂ ਹੁੰਗਾਰਾਂ ਮਿਲਿਆ। ਇਸ ਦਾ ਮੁੱਖ ਕਾਰਨ ਇਸ ਖੇਤਰ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਾ ਜ਼ਿਲ੍ਹਾ ਹੈੱਡਕੁਆਰਟਰ ਪਟਿਆਲਾ ਅਤੇ ਤਹਿਸੀਲ ਪੱਧਰੀ ਰਾਜਪੁਰਾ ਦੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਾ ਸਮਝਿਆ ਜਾ ਰਿਹਾ ਹੈ। ਇਸ ਖੇਤਰ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਘੱਟ ਰਹੀ। ਬੈਕਾਂ ਵਿੱਚ ਵਿੱਤੀ ਲੈਣ-ਦੇਣ ਕਰਨ ਵਾਸਤੇ ਆਮ ਲੋਕ ਘੱਟ ਹੀ ਆਏ। ਸਰਕਾਰੀ ਦਫ਼ਤਰਾਂ ਵਿੱਚ ਵੀ ਚਹਿਲ-ਪਹਿਲ ਘੱਟ ਹੀ ਨਜ਼ਰ ਆਈ। ਕਸਬੇ ਅੰਦਰ ਕੁਝ ਕੁ ਦੁਕਾਨਾਂ ਨੂੰ ਛੱਡ ਕੇ ਬਾਕੀ ਬਾਜ਼ਾਰ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹਾ ਰਿਹਾ। ਕਸਬਾ ਘਨੌਰ ਤੋਂ ਪਟਿਆਲਾ, ਅੰਬਾਲਾ, ਚੰਡੀਗੜ੍ਹ ਲਈ ਚੱਲਦੀਆ ਬੱਸਾਂ ਵਿੱਚ ਵੀ ਮੁਸਾਫ਼ਿਰ ਘੱਟ ਹੀ ਨਜ਼ਰ ਆਏ। ਜਦੋਂ ਕਿ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੰਬਧਕਾਂ ਵੱਲੋਂ ਛੁੱਟੀ ਰੱਖੀ ਗਈ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪੰਜਾਬ ਬੰਦ ਦੇ ਸੱਦੇ ਦਾ ਪਾਤੜਾਂ ਸ਼ਹਿਰ ਵਿਚ ਪੂਰਾ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਟ੍ਰੈਫਿਕ ਜਾਮ ਕਰ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਲੰਬਾ ਸਮਾਂ ਚੱਲੇ ਧਰਨੇ ਅਤੇ ਟ੍ਰੈਫਿਕ ਜਾਮ ਦੀ ਵਜ੍ਹਾ ਕਰਕੇ ਦਿੱਲੀ ਸੰਗਰੂਰ ਤੇ ਹਿਸਾਰ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਪੁਲੀਸ ਨੂੰ ਬਦਲਵੇਂ ਰਸਤਿਆਂ ਰਾਹੀਂ ਆਵਾਜਾਈ ਬਹਾਲ ਕਰਨੀ ਪਈ।
ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਦਲਿਤਾਂ ਤੇ ਗ਼ਰੀਬਾਂ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਕੁਚਲਣ ਤੇ ਲੱਗੀ ਹੋਈ ਹੈ ਪਰ ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਦੇ ਮੂਲ ਵਾਸੀ ਅਜਿਹੀਆਂ ਫਿਰਕੂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਮੰਦਰ ਦੀ ਮੁੜ ਉਸਾਰੀ ਨਹੀਂ ਕੀਤੀ ਜਾਂਦੀ ਉਨੀ ਦੇਰ ਤੱਕ ਸੰਘਰਸ਼ ਜਾਰੀ ਰਹੇਗਾ।
ਨਾਭਾ (ਹਰਵਿੰਦਰ ਕੌਰ ਨੌਹਰਾ): ਮੋਦੀ ਸਰਕਾਰ ਵੱਲੋਂ ਆਰ.ਐੱਸ.ਐੱਸ. ਦੇ ਇਸ਼ਾਰੇ ’ਤੇ ਦਿੱਲੀ ਦੇ ਤੁਲਗਕਾਬਾਦ ਸਥਿਤ ਗੁਰੂ ਰਵਿਦਾਸ ਦੇ ਮੰਦਿਰ ਢਾਹੇ ਜਾਣ ਖ਼ਿਲਾਫ਼ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਨਾਭਾ ਸ਼ਹਿਰ ਭਰਵਾਂ ਸਮਰਥਨ ਮਿਲਿਆ।
ਭਾਰਤੀ ਸੰਵਿਧਾਨ ਬਚਾਓ ਦੇਸ਼ ਬਚਾਓ ਅੰਦੋਲਨ ਕਮੇਟੀ, ਦਲਿਤ ਭਾਈਚਾਰੇ ਨਾਲ ਸਬੰਧਤ ਭਰਾਤਰੀ ਜਥੇਬੰਦੀਆਂ ਤੇ ਰਵਿਦਾਸੀਏ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਤੇ ਪ੍ਰਦਸ਼ਨਕਾਰੀਆਂ ਨੇ ਬੌੜਾਂ ਗੇਟ ਵਿਚ ਵਰਦੇ ਮੀਂਹ ਵਿੱਚ ਜਾਮ ਲਾ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਦਲਿਤ ਭਾਈਚਾਰੇ ਦਾ ਸਮਰਥਨ ਕੀਤਾ ਗਿਆ।
ਧਰਨੇ ਦੀ ਅਗਵਾਈ ਕਰਦਿਆਂ ਭਾਰਤੀ ਸੰਵਿਧਾਨ ਬਚਾਓ ਦੇਸ਼ ਬਚਾਓ ਅੰਦੋਲਨ ਪੰਜਾਬ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ, ਟਰੇਡ ਯੂਨੀਅਨ ਦੇ ਆਗੂ ਸੋਹਣ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਜੱਸੀ ਸੋਹੀਆਂ ਵਾਲਾ ਕਾਮਰੇਡ ਬੰਤ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਆਰ.ਐਸ.ਐਸ. ਦੇ ਇਸ਼ਾਰੇ ’ਤੇ ਦੇਸ਼ ਦੇ ਲੋਕਾਂ ਅੰਦਰ ਦਲਿਤ ਭਾਈਚਾਰੇ ਦੀ ਹਾਲਤ ਦਿਨੋਂ ਦਿਨ ਮਾੜੀ ਹੁੰਦੀ ਜਾ ਰਹੀ ਹੈ। ਸਮਾਣਾ (ਸੁਭਾਸ਼ ਚੰਦਰ): ਦਿੱਲੀ ਦੇ ਤੁਗ਼ਲਕਾਬਾਦ ਵਿਚ ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਸਮਾਣਾ ਸ਼ਹਿਰ ਮੁਕੰਮਲ ਰਿਹਾ। ਰਵਿਦਾਸ ਤੇ ਬਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਈਚਾਰੇ ਦੇ ਆਗੂ ਗੁਰਦੀਪ ਸਿੰਘ ਨੰਬਰਦਾਰ, ਭੀਮ ਸਿੰਘ ਕਾਦਰਾਬਾਦ, ਭਾਈ ਰਾਜ ਸਿੰਘ, ਡਾ. ਪ੍ਰਕਾਸ਼ ਸਿੰਘ, ਬੱਲੀ ਸਰਾਂਪੱਤੀ, ਪਰਮਿੰਦਰ ਸਿੰਘ, ਮੱਘਰ ਸਿੰਘ ਅਤੇ ਸੋਨੂੰ ਕਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਦਲਿਤ ਵਿਰੋਧੀ ਹੈ। ਪੁਲੀਸ ਉਪ-ਕਪਤਾਨ ਜਸਵੰਤ ਸਿੰਘ ਮਾਂਗਟ ਤੇ ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਸਾਹਿਬ ਸਿੰਘ ਵਿਰਕ ਲਗਾਤਾਰ ਗਸ਼ਤ ਕਰਦੇ ਰਹੇ।

ਸ਼ਿਵ ਸੈਨਾ ਹਿੰਦੁਸਤਾਨ ਵਲੋਂ ਮੰਿਦਰ ਢਾਹੁਣ ਦੀ ਨਿਖੇਧੀ
ਪਟਿਆਲਾ: ਦਿੱਲੀ ਵਿੱਚ ਸਥਿਤ ਰਵਿਦਾਸ ਮੰਦਿਰ ਢਾਹੇ ਜਾਣ ’ਤੇ ਦਲਿਤ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਉਨ੍ਹਾਂ ਨੂੰ ਸਮਰਥਨ ਦਿੱਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮਾਮਲੇ ਦਾ ਬੈਠ ਕੇ ਹੱਲ ਕੱਢਿਆ ਜਾ ਸਕਦਾ ਸੀ, ਪਰ ਰਵਿਦਾਸ ਮੰਦਿਰ ਢਾਹੁਣਾ ਨਿੰਦਣਯੋਗ ਹੈ।


Comments Off on ਮੰਦਰ ਢਾਹੁਣ ਖ਼ਿਲਾਫ਼ ਵੱਖ ਵੱਖ ਥਾਵਾਂ ’ਤੇ ਧਰਨੇ, ਮੁਜ਼ਾਹਰੇ ਤੇ ਜਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.