ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕਿਸਾਨ ਮੇਲਾ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ

Posted On September - 22 - 2019

ਸਤਵਿੰਦਰ ਬਸਰਾ
ਲੁਧਿਆਣਾ, 21 ਸਤੰਬਰ

ਕਿਸਾਨ ਮੇਲੇ ਵਿੱਚ ਸਨਮਾਨ ਪ੍ਰਾਪਤ ਕਿਸਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੈਲਫੀ ਲੈਂਦਾ ਹੋਇਆ। -ਫੋਟੋ: ਹਿਮਾਯੂ ਮਹਾਜਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਕਿਸਾਨ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ। ਮੇਲੇ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਨਾਲ ਪੰਜਾਬ ਦੇ ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਸੁਰਿੰਦਰ ਡਾਵਰ, ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਮੁੱਖ ਮੰਤਰੀ ਦੇ ਪ੍ਰਮੁੱਖ ਚੀਫ਼ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਈ ਵਾਰ ਪੀਏਯੂ ਆਏ ਹਨ ਪਰ ਇਸ ਵਾਰ ਕਿਸਾਨਾਂ ਦਾ ਇੰਨਾ ਵੱਡਾ ਇਕੱਠ ਦੇਖ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੀਏਯੂ ਨੇ ਸ਼ਾਨਦਾਰ ਖੋਜਾਂ ਕੀਤੀਆਂ ਜਿਸ ਸਦਕਾ ਮੁਲਕ ਦੇ ਕੁੱਲ ਰਕਬੇ ਦਾ 2 ਫ਼ੀਸਦੀ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ’ਚ ਕਾਫੀ ਵਾਧਾ ਕੀਤਾ। ਕੈਪਟਨ ਨੇ ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਖੋਜਣ, ਤੁਪਕਾ ਸਿੰਜਾਈ ’ਤੇ ਜ਼ੋਰ ਦੇਣ ਦੇ ਨਾਲ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਸ਼ੀਨਾਂ ਰਾਹੀਂ ਪਾਉਣ ਦੀ ਸਲਾਹ ਦਿੱਤੀ। ਇਸ ਦੌਰਾਨ ਜਦੋਂ ਉਨ੍ਹਾਂ ਹੈਪੀ ਸੀਡਰ ਮਸ਼ੀਨ ਦੀ ਵਡਿਆਈ ਕੀਤੀ ਤਾਂ ਸਾਹਮਣੇ ਬੈਠੇ ਕਿਸਾਨਾਂ ਨੇ ਹੱਥ ਖੜ੍ਹੇ ਕਰਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਇਸ ਰਵੱਈਏ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਨਵੀਆਂ ਖੋਜਾਂ ਕਰਨ ਦਾ ਮਕਸਦ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨਾ ਹੈ ਅਤੇ ਇਹ ਹੁਣ ਤੁਹਾਡੇ ’ਤੇ ਨਿਰਭਰ ਹੈ ਕਿ ਇਸ ਦੀ ਵਰਤੋਂ ਕਰਨੀ ਹੈ ਜਾਂ ਨਹੀਂ। ਜਦੋਂ ‘ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ’ ਲਿਖਿਆ ਬੈਨਰ ਗਲ ’ਚ ਪਾਈ ਬਜ਼ੁਰਗ ਖੜ੍ਹਾ ਹੋਇਆ ਤਾਂ ਕੈਪਟਨ ਨੇ ਉਸ ਨੂੰ ਆਖਿਆ,‘‘ਇਹ ਚੋਲਾ ਜਿਹਾ ਪਾ ਕੇ ਤੁਸੀਂ ਕੀ ਦਿਖਾਉਣਾ ਚਾਹੁੰਦੇ ਹੋ।’’ ’ਵਰਸਿਟੀ ਅਧਿਕਾਰੀਆਂ ਅਤੇ ਹੋਰਨਾਂ ਨੇ ਜਦੋਂ ਕੈਪਟਨ ਨੂੰ ਇਸ ਬਾਬਤ ਦੱਸਿਆ ਤਾਂ ਉਨ੍ਹਾਂ ਆਪਣੀ ਗਲਤੀ ਸੁਧਾਰਦਿਆਂ ਬਜ਼ੁਰਗ ਨੂੰ ਸ਼ਾਬਾਸ਼ ਦਿੰਦਿਆਂ ਬਿਠਾ ਦਿੱਤਾ। ਮੁੱਖ ਮੰਤਰੀ ਦੀ ਆਮਦ ਕਾਰਨ ਕਈ ਥਾਵਾਂ ’ਤੇ ਸੁਰੱਖਿਆ ਕਾਰਨ ਰੋਕੇ ਕਿਸਾਨ ਵੀ ਪੁਲੀਸ ਮੁਲਾਜ਼ਮਾਂ ਨਾਲ ਬਹਿਸਦੇ ਦੇਖੇ ਗਏ।
ਸੂਬੇ ਦੇ ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨੀ ਨੂੰ ਬਚਾਅ ਕੇ ਹੀ ਦੇਸ਼ ਅਤੇ ਸੂਬੇ ਬਚ ਸਕਣਗੇ। ਉਨ੍ਹਾਂ ਕਿਸਾਨੀ ਤੇ ਜਵਾਨੀ ਬਚਾਅ ਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੰਨਾ ਅਤੇ ਹੋਰ ਫ਼ਸਲਾਂ ਦੀਆਂ ਕੀਮਤਾਂ ਵਿੱਚ ਸਥਿਰਤਾ ਲਿਆਉਣ ਦੀ ਲੋੜ ਹੈ ਅਤੇ ਇਨ੍ਹਾਂ ਫ਼ਸਲਾਂ ਦਾ ਭੁਗਤਾਨ ਸਮੇਂ ਸਿਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਲਾਨੌਰ ਵਿੱਚ 100 ਏਕੜ ’ਚ ਗੰਨਾ ਖੋਜ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦਾ ਲਾਭ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਹੋਵੇਗਾ।
ਪੀਏਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਯੂਨੀਵਰਸਿਟੀ ਨਹੀਂ ਸਗੋਂ ਸਾਨੂੰ ਆਪਣੇ ਨਾਲ ਜੋੜਨ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੋਰ ਵਧੀਆ ਖੋਜਾਂ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਬਾਸਮਤੀ ਵਿਦੇਸ਼ਾਂ ’ਚ ਭੇਜੀ ਜਾਣੀ ਹੈ ਇਸ ਲਈ ਇਨ੍ਹਾਂ ’ਤੇ ਰਸਾਇਣਾਂ ਦੀ ਵਰਤੋਂ ਨਾ ਕਰਨ। ‘ਜੇਕਰ ਵਿਦੇਸ਼ਾਂ ਵਿੱਚੋਂ ਇਹ ਵਾਪਸ ਆ ਗਈ ਤਾਂ ਪੰਜਾਬ ਦੀ ਹੀ ਨਹੀਂ ਸਗੋਂ ਪੂਰੇ ਭਾਰਤ ਦੀ ਬੇਇੱਜ਼ਤੀ ਹੋਵੇਗੀ।’ ਉਨ੍ਹਾਂ ਕਿਹਾ ਕਿ ਝੋਨੇ ਸਬੰਧੀ ਜੇਕਰ ਕਿਸਾਨਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਰਸਾਇਣਾਂ ਦੀ ਵਰਤੋਂ ਕਰਨ ਦੀ ਥਾਂ ’ਵਰਸਿਟੀ ਦੇ ਮਾਹਿਰਾਂ ਨਾਲ ਸੰਪਰਕ ਕਰਨ।
ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਸੁਤੰਤਰ ਕੁਮਾਰ ਏਰੀ, ਆਈਸੀਏਆਰ ਅਟਾਰੀ ਦੇ ਨਿਰਦੇਸ਼ਕ ਰਾਜਬੀਰ ਸਿੰਘ ਬਰਾੜ, ਪੀਏਯੂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਸੀਨੀਅਰ ਪਲਾਂਟ ਬਰੀਡਰ ਡਾ. ਗੁਰਜੀਤ ਸਿੰਘ ਮਾਂਗਟ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ. ਮਾਹਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਨਿਰੰਤਰ ਪੀਏਯੂ ਵੱਲੋਂ ਪ੍ਰਕਾਸ਼ਿਤ ਹੁੰਦੇ ਸਾਹਿਤ, ਪੀਏਯੂ ਕਿਸਾਨ ਐਪ, ਹਫ਼ਤਾਵਾਰ ਡਿਜੀਟਲ ਅਖ਼ਬਾਰ ‘ਖੇਤੀ ਸੰਦੇਸ਼’ ਅਤੇ ਮਾਸਿਕ ਰਸਾਲੇ ‘ਚੰਗੀ ਖੇਤੀ’ ਨਾਲ ਜੁੜਨ ਦੀ ਅਪੀਲ ਕੀਤੀ। ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਅਤੇ ਗੁਆਂਢੀ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ। ਖੇਤ ਪ੍ਰਦਰਸ਼ਨੀਆਂ, ਨੁਮਾਇਸ਼ਾਂ, ਨਵੀਆਂ ਕਿਸਮਾਂ ਦੇ ਬੀਜਾਂ ਅਤੇ ਫ਼ਲਦਾਰ ਬੂਟਿਆਂ ਦੀ ਖਰੀਦ ਸਬੰਧੀ ਕਿਸਾਨਾਂ ਦਾ ਉਤਸ਼ਾਹ ਦੇਖਣਯੋਗ ਸੀ।

ਕਾਂਗਰਸ ਚਾਰੋਂ ਜ਼ਿਮਨੀ ਚੋਣਾਂ ਜਿੱਤੇਗੀ: ਕੈਪਟਨ
ਲੁਧਿਆਣਾ (ਗਗਨਦੀਪ ਅਰੋੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਚਾਰੇ ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਏਜੰਡਾ ਸਰਕਾਰ ਦੀਆਂ ਪ੍ਰਗਤੀਸ਼ੀਲ ਅਤੇ ਭਲਾਈ ਯੋਜਨਾਵਾਂ ਹੋਣਗੀਆਂ। ਇੱਥੇ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਵੋਟ ਦੀ ਵਰਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ। ਉਨ੍ਹਾਂ ਕਿਹਾ ਕਿ ਪਿੱਛੇ ਜਿਹੇ ਹੋਈਆਂ ਆਮ ਚੋਣਾਂ ਵਾਂਗ ਲੋਕ ਵਿਰੋਧੀ ਪਾਰਟੀਆਂ ਦੀ ਪਿਛਾਂਹਖਿੱਚੂ ਅਤੇ ਵੰਡਣ ਵਾਲੀ ਸਿਆਸਤ ਨੂੰ ਨਕਾਰ ਦੇਣਗੇ। ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਲਗਾਏ ਜਾਣ ਵਾਲੇ 20 ਅਮਰੀਕੀ ਡਾਲਰ ‘ਜਜ਼ੀਆ’ ਬਾਰੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਕਰ ਨੂੰ ਖ਼ਤਮ ਕਰਵਾਇਆ ਜਾਵੇ ਤਾਂ ਜੋ ਸਿੱਖ ਸੰਗਤ ਨੂੰ ਪਵਿੱਤਰ ਧਾਰਮਿਕ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਹੋ ਸਕਣ।

ਚਾਰ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਖੇਤੀ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਚਾਰ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚੋਂ ਜਗਤਾਰ ਸਿੰਘ ਨੂੰ ਪ੍ਰਵਾਸੀ ਭਾਰਤੀ ਪੁਰਸਕਾਰ, ਦਲੀਪ ਸਿੰਘ ਕੋਠੇ ਰਾਮਸਰ ਨੂੰ ਉਜਾਗਰ ਸਿੰਘ ਧਾਲੀਵਾਲ ਪੁਰਸਕਾਰ, ਰੁਬਾਸ਼ ਸਿੰਘ ਜਾਖੜ ਨੂੰ ਦਲੀਪ ਸਿੰਘ ਧਾਲੀਵਾਲ ਪੁਰਸਕਾਰ ਅਤੇ ਪਰਮਜੀਤ ਕੌਰ ਨੂੰ ਸਰਦਾਰਨੀ ਜਗਬੀਰ ਕੌਰ ਯਾਦਗਾਰੀ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸੇ ਤਰ੍ਹਾਂ ਅਗਾਂਹਵਧੂ ਪਿੰਡਾਂ ਵਿੱਚੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੋਡਰਪੁਰ ਨੂੰ ਰਾਜਪਾਲ ਸਰਵੋਤਮ ਪਿੰਡ ਪੁਰਸਕਾਰ ਅਤੇ ਜ਼ਿਲ੍ਹਾ ਜਲੰਧਰ ਦੇ ਪਿੰਡ ਹਰੀਪੁਰ ਨੂੰ ਪਹਿਲੀ ਵਾਰ ਸ਼ੁਰੂ ਕੀਤਾ ਭਾਈ ਬਾਬੂ ਸਿੰਘ ਬਰਾੜ ਸਰਵੋਤਮ ਛੱਪੜ ਐਵਾਰਡ ਦਿੱਤਾ ਗਿਆ।


Comments Off on ਕਿਸਾਨ ਮੇਲਾ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.