ਅਦਨਿਆਂ ਦੀ ਆਵਾਜ਼ ਅਤਰਜੀਤ !    ਘਿੱਕਾਂ ਪਾਸੇ ਵਾਲਾ ਧੰਨਾ ਸਿੰਘ !    ਸੀਏਏ : ਬੁੱਲ੍ਹੇ ਸ਼ਾਹ ਦੀ ਤਫ਼ਤੀਸ਼ !    ਭਾਰਤ ਦੇ ਪਹਿਲੇ ਅਖ਼ਬਾਰ ਬੰਗਾਲ ਗਜ਼ਟ ਦੀ ਕਹਾਣੀ !    ਕੈਨੇਡਾ ਵਿਚ ਮਿਨੀ ਪੰਜਾਬ !    ਭਾਰਤੀ ਪੱਤਰਕਾਰੀ ਦਾ ਯੁੱਗ ਪੁਰਸ਼ ਆਰ.ਕੇ. ਕਰੰਜੀਆ !    ਆਪਣੀ ਮੱਝ ਦਾ ਦੁੱਧ !    ਕਾਵਿ ਕਿਆਰੀ !    ਜਦੋਂ ਮੈਨੂੰ ਪੁਰਸਕਾਰ ਮਿਲਿਆ! !    ਨਿਆਂ !    

ਪੱਤਝੜ ਰੁੱਤ ਦੇ ਕਮਾਦ ਦੀ ਕਾਸ਼ਤ

Posted On September - 14 - 2019

ਬਲਵਿੰਦਰ ਸਿੰਘ ਢਿੱਲੋਂ
ਪੰਜਾਬ ਵਿੱਚ ਪਿਛਲੇ ਸਾਲ ਕਮਾਦ ਦੀ ਕਾਸ਼ਤ 88 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ ਗਈ। ਗੰਨੇ ਦਾ ਔਸਤ ਝਾੜ 813 ਕੁਇੰਟਲ ਪ੍ਰਤੀ ਹੈਕਟੇਅਰ (325 ਕੁਇੰਟਲ ਪ੍ਰਤੀ ਏਕੜ) ਰਿਹਾ। ਇਸ ਸਾਲ ਖੰਡ ਦੀ ਪ੍ਰਾਪਤੀ 9.78 ਫ਼ੀਸਦੀ ਸੀ। ਪਤਝੜ ਮੌਸਮ ਦੇ ਕਮਾਦ ਵਿਚ ਨਾਲੋ-ਨਾਲ ਹੋਰ ਫ਼ਸਲਾਂ ਬੀਜ ਕੇ ਇਸ ਨੂੰ ਬੜੀ ਸਫਲਤਾ ਨਾਲ ਉਗਾਇਆ ਜਾ ਸਕਦਾ ਹੈ। ਪਤਝੜ ਰੁੱਤ ਦੇ ਕਮਾਦ ਵਿਚ ਹੋਰ ਫ਼ਸਲਾਂ ਬੀਜਣ ਨਾਲ ਉਤਪਾਦਕਤਾ ਵਿਚ ਵਾਧਾ ਹੁੰਦਾ ਹੈ ਅਤੇ ਵਧੇਰੇ ਮੁਨਾਫਾ ਲਿਆ ਜਾ ਸਕਦਾ ਹੈ। ਪਤਝੜ ਦੇ ਕਮਾਦ ਦੀ ਫ਼ਸਲ ਅਤੇ ਇਸ ਵਿਚ ਬੀਜੀਆਂ ਜਾਂਦੀਆਂ ਫ਼ਸਲਾਂ ਦੀਆਂ ਕਿਸਮਾਂ ਸੀਓਪੀਬੀ 92, ਸੀਓ 118, ਸੀਓਜੇ 85 ਅਤੇ ਸੀਓਜੇ 64 ਹਨ।
ਪੰਜਾਬ ਵਿਚ ਕਮਾਦ ਦੀ ਬਿਜਾਈ ਦਾ ਸਭ ਤੋਂ ਚੰਗਾ ਸਮਾਂ 20 ਸਤੰਬਰ ਤੋਂ 20 ਅਕਤੂਬਰ ਤੱਕ ਹੈ। ਬਿਜਾਈ ਪਛੇਤੀ ਨਾ ਕੀਤੀ ਜਾਵੇ। ਤਿੰਨ ਅੱਖਾਂ ਵਾਲੀਆਂ 20 ਹਜ਼ਾਰ ਜਾਂ ਚਾਰ ਅੱਖਾਂ ਵਾਲੀਆਂ 15 ਹਜ਼ਾਰ ਜਾਂ ਪੰਜ ਅੱਖਾਂ ਵਾਲੀਆਂ 12 ਹਜ਼ਾਰ ਗੁੱਲੀਆਂ ਪ੍ਰਤੀ ਏਕੜ। ਪਤਝੜ ਦੀ ਫ਼ਸਲ ਲਈ ਬੀਜ ਬਹਾਰ ਰੁੱਤ ਦੀ ਜਾਂ ਪਤਝੜ ਰੁੱਤ ਦੀ ਨਰੋਈ ਬੀਜ ਵਾਲੀ ਫ਼ਸਲ ਤੋਂ ਲਵੋ। ਪੱਧਰੀ ਬਿਜਾਈ ਲਈ ਕਤਾਰਾਂ ਵਿਚ 90 ਸੈਂਟੀਮੀਟਰ ਵਿੱਥ ਰੱਖੋ। ਖਾਲ਼ੀਆਂ ਵਿੱਚ ਬਿਜਾਈ ਲਈ ਦੋ ਕਤਾਰੀ ਖਾਲ਼ੀ ਵਿਧੀ ਤੇ ਖੜ੍ਹੀ ਕਣਕ ਵਿੱਚ ਗੰਨੇ ਦੀ ਬਿਜਾਈ ਜੋ ਬਹਾਰ ਰੁੱਤ ਵਾਲੇ ਕਮਾਦ ’ਚ ਦਰਸਾਈ ਗਈ ਹੈ, ਅਪਣਾਓ ।
ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ’ਤੇ ਕਰੋ। ਦਰਮਿਆਨੀਆਂ ਉਪਜਾਊ ਜ਼ਮੀਨਾਂ ਵਿੱਚ ਸਿਫ਼ਾਰਸ਼ ਇੰਝ ਹੈ। ਤੱਤ- (ਪ੍ਰਤੀ ਏਕੜ) ਨਾਈਟ੍ਰੋਜਨ 90 ਕਿਲੋ, ਫ਼ਾਸਫ਼ੋਰਸ 12 ਕਿਲੋ। ਖਾਦਾਂ- ਯੂਰੀਆ 195 ਕਿਲੋ ਤੇ ਸਿੰਗਲ ਸੁਪਰਫਾਸਫੇਟ 75 ਕਿਲੋ ਪ੍ਰਤੀ ਏਕੜ। ਪੰਜਾਬ ਵਿਚ ਕਮਾਦ ਦੀ ਫ਼ਸਲ ਨੂੰ ਪੋਟਾਸ਼ ਤੱਤ ਦੀ ਲੋੜ ਨਹੀਂ। ਤੀਜਾ ਹਿੱਸਾ ਨਾਈਟ੍ਰੋਜਨ ਬਿਜਾਈ ਵੇਲੇ, ਤੀਜਾ ਹਿੱਸਾ ਮਾਰਚ ਦੇ ਅਖੀਰ ਵਿਚ ਅਤੇ ਬਾਕੀ ਤੀਜਾ ਹਿੱਸਾ ਅਪਰੈਲ ਦੇ ਅਖੀਰ ਵਿਚ ਪਾਉ ।
ਕਮਾਦ ਵਿਚ ਬੀਜੀ ਕਣਕ ਵਿੱਚ ਗੁੱਲੀ ਡੰਡੇ ਦੀ ਰੋਕਥਾਮ ਲਈ ਕਣਕ ਦੀ ਬਿਜਾਈ ਤੋਂ 30-35 ਦਿਨਾਂ ਬਾਅਦ ਪ੍ਰਤੀ ਏਕੜ 400 ਮਿਲੀਲਿਟਰ ਐਕਸੀਅਲ 5 ਈਸੀ (ਪਿਨੋਕਸਾਡਿਨ) ਜਾਂ 13 ਗ੍ਰਾਮ ਲੀਡਰ/ਐਸ ਐਫ-10/ ਸਫਲ/ ਮਾਰਕਸਲਫੋ 75 ਡਬਲਯੂਜੀ (ਸਲਫੋਸਲਫੂਰਾਨ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਜਿਨ੍ਹਾਂ ਖੇਤਾਂ ਵਿੱਚ ਗੁੱਲੀ ਡੰਡੇ ਵਿੱਚ ਆਈਸੋਪ੍ਰੋਟਯੂਰਾਨ ਦੀ ਵਿਰੋਧੀ ਸ਼ਕਤੀ ਨਹੀਂ, ਉਥੇ 500 ਗ੍ਰਾਮ ਪ੍ਰਤੀ ਏਕੜ ਆਈਸੋਪ੍ਰੋਟਯੂਰਾਨ 75 ਡਬਲਯੂਪੀ ਦਾ ਛਿੜਕਾਅ ਕਰੋ। ਜੇ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਹੋਣ ਤਾਂ ਕਣਕ ਦੀ ਬਿਜਾਈ ਤੋਂ 30-35 ਦਿਨਾਂ ਪਿੱਛੋਂ 10 ਗ੍ਰਾਮ ਪ੍ਰਤੀ ਏਕੜ ਐਲਗਰਿਪ/ਐਲਗਰਿਪ ਰਾਇਲ/ਮਾਰਕਗਰਿਪ/ਮਕੋਤੋ 20 ਡਬਲਯੂਪੀ (ਮੈਟਸਲਫੂਰਾਨ*) 150 ਲਿਟਰ ਪਾਣੀ ਵਿੱਚ ਘੋਲ ਕੇ ਵਰਤੋ। ਬਟਨ ਬੂਟੀ (ਚੌੜੇ ਪੱਤੇ ਵਾਲਾ ਨਦੀਨ) ਹੋਵੇ ਤਾਂ ਕਣਕ ਦੀ ਬਿਜਾਈ ਤੋਂ 25-30 ਦਿਨਾਂ ਵਿਚ 20 ਗ੍ਰਾਮ ਪ੍ਰਤੀ ਏਕੜ ਏਮ/ਅਫਿਨਟੀ 40 ਡੀਐਫ (ਕਾਰਫੈਨਟਰਾਜੋਨ ਈਥਾਈਲ*) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕੋ। ਇਹ ਨਦੀਨਨਾਸ਼ਕ ਸਾਰੇ ਚੌੜੇ ਪੱਤਿਆਂ ਵਾਲੇ ਨਦੀਨਾਂ ਅਤੇ ਬਟਨ ਬੂਟੀ ਦੀ ਰੋਕਥਾਮ ਕਰਦਾ ਹੈ। ਜੇ ਕਮਾਦ ਵਿਚ ਬੀਜੀ ਕਣਕ ਵਿਚ ਘਾਹ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਦੀ ਇਕੱਠੀ ਸਮੱਸਿਆ ਹੋਵੇ ਤਾਂ ਪ੍ਰਤੀ ਏਕੜ 16 ਗ੍ਰਾਮ ਟੋਟਲ/ਮਾਰਕਪਾਵਰ 75 ਡਬਲਯੂਜੀ (ਸਲਫੋਸਲਫੂਰਾਨ + ਮੈਟਸਲਫੂਰਾਨ*) ਜਾਂ 160 ਗ੍ਰਾਮ ਐਟਲਾਂਟਿਸ 3.6 ਡਬਲਯੂਡੀਜੀ (ਮਿਜ਼ੋਸਲਫੂਰਾਨ + ਆਇਡੋਸਲਫੂਰਾਨ) ਨੂੰ 150 ਲਿਟਰ ਪਾਣੀ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਤੋਂ 30-35 ਦਿਨਾਂ ਦੇ ਅੰਦਰ ਛਿੜਕਾਅ ਕਰੋ।
ਕਮਾਦ ਵਿਚ ਰਾਇਆ ਬੀਜਿਆ ਹੋਵੇ ਤਾਂ ਇਸ ਦੀ ਬਿਜਾਈ ਤੋਂ 25-30 ਦਿਨਾਂ ਅੰਦਰ 400 ਗ੍ਰਾਮ ਪ੍ਰਤੀ ਏਕੜ ਆਈਸੋਪ੍ਰੋਟਯੂਰਾਨ 75 ਡਬਲਯੂਪੀ 150 ਲਿਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਲਸਣ ਬੀਜਿਆ ਗਿਆ ਹੋਵੇ ਤਾਂ ਇਸ ਦੀ ਬਿਜਾਈ ਤੋਂ ਦੋ ਦਿਨਾਂ ਦੇ ਅੰਦਰ ਇੱਕ ਲਿਟਰ ਸਟੌਂਪ 30 ਈਸੀ (ਪੈਂਡੀਮੈਥਾਲਿਨ) ਜਾਂ 400 ਮਿਲੀਲਿਟਰ ਗੋਲ 23.5 ਈਸੀ ਪ੍ਰਤੀ ਏਕੜ (ਅੋਕਸੀਫਲੋਰਫੈਨ*) ਬਿਜਾਈ ਤੋਂ ਇੱਕ ਹਫ਼ਤੇ ਦੇ ਅੰਦਰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ । ਗੋਲ 23.5 ਈ ਸੀ ਦਾ ਛਿੜਕਾਅ ਗੰਨੇ ਦੇ ਜੰਮਣ ਤੋਂ ਪਹਿਲਾਂ ਕਰੋ। ਪਹਿਲਾ ਪਾਣੀ ਬਿਜਾਈ ਤੋਂ ਇਕ ਮਹੀਨਾ ਬਾਅਦ ਅਤੇ ਫਿਰ ਫ਼ਰਵਰੀ ਤੱਕ ਤਿੰਨ ਪਾਣੀ ਲਾਉ। ਬਾਕੀ ਪਾਣੀ ਬਹਾਰ ਰੁੱਤ ਦੀ ਫ਼ਸਲ ਵਾਂਗ ਦਿਉ।
ਮੂਢੇ ਕਮਾਦ ਦੀ ਸੰਭਾਲ: ਪੰਜਾਬ ਵਿਚ ਕਮਾਦ ਦੀ ਕਰੀਬ ਅੱਧੀ ਫ਼ਸਲ ਮੂਢੀ ਹੁੰਦੀ ਹੈ, ਜਿਸ ਤੋਂ ਉਪਜ ਘੱਟ ਮਿਲਦੀ ਹੈ। ਇਸ ਦੇ ਝਾੜ ਵਿਚ ਵਾਧਾ ਕਰਨ ਸਿਫ਼ਾਰਸ਼ਾਂ ਇੰਝ ਹਨ: ਜਿਹੜੀ ਫ਼ਸਲ ਮੂਢੀ ਰੱਖਣੀ ਹੋਵੇ ਉਹ ਜਨਵਰੀ ਦੇ ਅਖੀਰਲੇ ਹਫ਼ਤੇ ਤੋਂ ਬਾਅਦ ਕੱਟੋ ਕਿਉਂਕਿ ਇਸ ਸਮੇਂ ਤੱਕ ਕੋਰੇ ਵਾਲਾ ਮੌਸਮ ਖਤਮ ਹੋ ਜਾਂਦਾ ਹੈ। ਕਮਾਦ ਦੀਆਂ ਅਗੇਤੀਆਂ ਕਿਸਮਾਂ ਨੂੰ ਨਵੰਬਰ ਵਿਚ ਕੱਟਣ ਦੇ ਤੁਰੰਤ ਪਿਛੋਂ ਖੋਰੀ ਨੂੰ ਬਾਹਰ ਕੱਢ ਕੇ ਖੇਤ ਨੂੰ ਪਾਣੀ ਲਾ ਦਿਓ। ਜਦ ਖੇਤ ਵੱਤਰ ਆਵੇ ਤਾਂ ਗੋਡੀ ਕਰ ਦਿਓ ਜਾਂ ਸਿਆੜਾਂ ਦਰਮਿਆਨ ਵਾਲੀ ਥਾਂ ਵਾਹ ਦਿਓ। ਮੁਢਾਂ ਨੂੰ ਖੋਰੀ ਨਾਲ ਨਾ ਢੱਕੋ। ਮੂਢੀ ਫ਼ਸਲ ਨੂੰ ਜਿੰਨੀ ਨੀਵੀਂ ਹੋ ਸਕੇ ਕੱਟੋ ਤਾਂ ਕਿ ਵੱਧ ਪੁੰਗਾਰਾ ਹੋਵੇ। ਜੇ ਫਿਰ ਵੀ ਕੁਝ ਮੁੱਢ ਉੱਚੇ ਰਹਿ ਜਾਣ ਤਾਂ ਕੋਰਾ ਪੈ ਹਟਣ ਪਿਛੋਂ ਇਨ੍ਹਾਂ ਨੂੰ ਜ਼ਮੀਨ ਦੇ ਨੇੜਿਉਂ ਕੱਟ ਦਿਓ। ਕਤਾਰਾਂ ਵਿਚ ਖਾਲੀ ਰਹਿ ਗਈਆਂ ਥਾਵਾਂ ’ਤੇ ਮਾਰਚ ਦੇ ਮਹੀਨੇ ਤਿੰਨ ਅੱਖਾਂ ਵਾਲੀਆਂ ਗੁੱਲੀਆਂ ਬੀਜੋ। ਨਵੀਂ ਬੀਜੀ ਫ਼ਸਲ ਨਾਲੋਂ ਮੂਢੀ ਫ਼ਸਲ ਨੂੰ ਖਾਦ ਦੀ ਡੇਢ ਗੁਣਾ ਵੱਧ ਲੋੜ ਪੈਂਦੀ ਹੈ। ਪਹਿਲਾ ਹਿੱਸਾ ਫ਼ਰਵਰੀ-ਮਾਰਚ, ਦੂਸਰਾ ਅਪਰੈਲ ਤੇ ਤੀਜਾ ਜੂਨ ਦੇ ਸ਼ੁਰੂ ਵਿੱਚ। ਮੂਢੀ ਫ਼ਸਲ ਉੱਪਰ ਅਗੇਤੀ ਫੋਟ ਦਾ ਗੜੂੰਆਂ, ਆਗ ਦਾ ਗੜੂੰਆਂ ਅਤੇ ਕਾਲੇ ਖਟਮਲ ਦਾ ਹਮਲਾ ਅਗੇਤਾ ਹੀ ਹੋ ਜਾਂਦਾ ਹੈ। ਇਸ ਲਈ ਕੀੜੇ ਉੱਪਰ ਅਪਰੈਲ ਮਹੀਨੇ ਹੀ ਨਜ਼ਰ ਰੱਖੋ ਅਤੇ ਫ਼ੌਰੀ ਰੋਕਥਾਮ ਕਰੋ।
ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ।
ਸੰਪਰਕ: 94654-20097


Comments Off on ਪੱਤਝੜ ਰੁੱਤ ਦੇ ਕਮਾਦ ਦੀ ਕਾਸ਼ਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.