ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Posted On October - 15 - 2019

ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸ਼ਾਮ ਰੌਸ਼ਨੀਆਂ ਨਾਲ ਸਜਾਇਆ ਦਰਬਾਰ ਸਾਹਿਬ। -ਫੋਟੋ: ਪੀਟੀਆਈ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਅਕਤੂਬਰ
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਉਪਰ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਸੰਗਤਾਂ ਵਲੋਂ ਥਾਂ ਥਾਂ ’ਤੇ ਲੰਗਰ ਲਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪਾਲਕੀ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਪੁਲੀਸ ਬੈਂਡ ਵਲੋਂ ਸਲਾਮੀ ਦਿੱਤੀ ਗਈ। ਨਗਰ ਕੀਰਤਨ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਵਿਚੋਂ ਲੰਘਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ’ਤੇ ਪੁੱਜ ਕੇ ਸਮਾਪਤ ਹੋਇਆ। ਲੰਮੇ ਅਰਸੇ ਬਾਅਦ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੇ ਸਵਾਗਤ ਲਈ ਵੱਖ ਵੱਖ ਥਾਵਾਂ ’ਤੇ ਸਵਾਗਤੀ ਗੇਟ ਬਣਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵੰਡੇ ਗਏ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਸੰਗਤ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਸਮੁੱਚੀ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।

ਅੰਮ੍ਰਿਤਸਰ ਵਿਚ ਸਰਕਾਰੀ ਛੁੱਟੀ ਅੱਜ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


Comments Off on ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.