ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਪ੍ਰਕਾਸ਼ ਪੁਰਬ: ਡੀਸੀ ਵਲੋਂ ‘ਟੈਂਟ ਸਿਟੀ’ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼

Posted On October - 12 - 2019

ਡੇਰਾ ਬਾਬਾ ਨਾਨਕ ਦੇ ‘ਟੈਂਟ ਸਿਟੀ’ ਵਿੱਚ ਡੀਸੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ।

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ (ਬਟਾਲਾ), 11 ਅਕਤੂਬਰ
ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਡੀਸੀ ਵਿਪੁਲ ਉਜਵਲ ਦੀ ਅਗਵਾਈ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ’ਚ ਸਿਵਲ ਅਤੇ ਪੁਲੀਸ ਅਧਿਕਾਰੀਆਂ ਵਲੋਂ ਸਾਂਝੇ ਤੌਰ ’ਤੇ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਬਟਾਲਾ ਦੇ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਤੇ ਏਡੀਸੀ ਤੇਜਿੰਦਰਪਾਲ ਸਿੰਘ ਸੰਧੂ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਅੱਜ ਡੇਰਾ ਬਾਬਾ ਨਾਨਕ ਵਿਖੇ ਬਣ ਰਹੇ ‘ਟੈਂਟ ਸਿਟੀ’ ਵਿਚ ਡੀਸੀ ਨੇ ਮੀਟਿੰਗ ਦੌਰਾਨ ਸਾਰੇ ਵਿਭਾਗਾਂ ਨੂੰ ਪਹਿਲੀ ਨਵੰਬਰ ਤੋਂ 15 ਨਵੰਬਰ ਤੱਕ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮਨਾਉਣ ਲਈ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਸੈਕਟਰ ਬਣਾਏ ਜਾਣਗੇ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡੇਰਾ ਬਾਬਾ ਨਾਨਕ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ 8 ਸੈਕਟਰਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਪਾਰਕਿੰਗ ਵਾਲੀਆਂ ਸਾਰੀਆਂ ਥਾਵਾਂ, ਟੈਂਟ ਸਿਟੀਆਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਐਂਬੂਲੈਂਸਾਂ ਵੀ ਲਗਾਈਆਂ ਜਾਣਗੀਆਂ। ਸੰਗਤ ਦੀ ਸਹਾਇਤਾ ਲਈ ਹੈਲਪ ਡੈਸਕ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਰੀਬ 65 ਏਕੜ ਵਿਚ ਟੈਂਟ ਸਿਟੀ, ਪੰਡਾਲ ਅਤੇ ਸੰਗਤਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ।

ਭਕਨਾ ਖੁਰਦ ’ਚ ਗੁਰਮਤਿ ਸਮਾਗਮ ਕਰਵਾਇਆ
ਅਟਾਰੀ, (ਪੱਤਰ ਪ੍ਰੇਰਕ): ਪਿੰਡ ਭਕਨਾ ਖੁਰਦ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਚੀਫ਼ ਖਾਲਸਾ ਦੀਵਾਨ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ ਅਤੇ ਸੰਗਤ ਦੇ ਸਹਿਯੋਗ ਸਦਕਾ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਸਤਨਾਮ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਭਾਈ ਨਿਰੰਜਨ ਸਿੰਘ ਬੋਪਾਰਾਏ ਦੇ ਕਵੀਸ਼ਰ ਜਥੇ ਵੱਲੋਂ ਵਾਰਾਂ ਪੇਸ਼ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੁਪਰਡੈਂਟ ਗੁਰਚਰਨ ਸਿੰਘ ਘਰਿੰਡਾ ਵੱਲੋਂ ਚਲਾਏ ਜਾ ਰਹੇ ਧਾਰਮਿਕ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਤੇ ਸੰਗਤਾਂ ਨੂੰ ਸ੍ਰੀ ਗੁਰੂੁ ਨਾਨਕ ਦੇਵ ਦੇ ਗੁਰਮਤਿ ਸਿਧਾਂਤ ਨੂੰ ਅਪਨਾਉਣ ਦੀ ਅਪੀਲ ਕੀਤੀ। ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਨੇ ਵੀ ਸੰਬੋਧਨ ਕੀਤਾ। ਕੋ-ਆਰਡੀਨੇਟਰ ਗਗਨਦੀਪ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਤੱਕ ਗੁਰਮਤਿ ਸਮਾਗਮ ਨਿਰੰਤਰ ਜਾਰੀ ਰਹਿਣਗੇ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ,(ਪੱਤਰ ਪ੍ਰੇਰਕ): ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਤਹਿਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ। ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਜਪੁਜੀ ਸਾਹਿਬ ਬਾਣੀ ਦੀ ਦਾਰਸ਼ਨਿਕ ਵਿਆਖਿਆ ਕੀਤੀ। ਆਨਰੇਰੀ ਸਕੱਤਰ ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚਲਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਨੇ ਗੁਰੂ ਨਾਨਕ ਦੇਵ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੰਮ੍ਰਿਤ ਵੇਲੇ ਦੀ ਹਰ ਜੀਵ ਨੂੰ ਸੰਭਾਲ ਕਰਨੀ ਚਾਹੀਦੀ ਹੈ।


Comments Off on ਪ੍ਰਕਾਸ਼ ਪੁਰਬ: ਡੀਸੀ ਵਲੋਂ ‘ਟੈਂਟ ਸਿਟੀ’ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.