ਕੇਂਦਰ ਨੇ ਲੌਕਡਾਊਨ 30 ਜੂਨ ਤਕ ਵਧਾਇਆ !    ਹਨੇਰੀ ਕਾਰਨ ਤਾਜ ਮਹੱਲ ਨੂੰ ਭਾਰੀ ਨੁਕਸਾਨ !    ਕੇਂਦਰ ਨਾਲੋਂ ਨਾਤਾ ਤੋੜਨ ਸੁਖਬੀਰ: ਕੈਪਟਨ !    ਅਮਰੀਕਾ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ !    ਭਰਾ ਦੀ ਕਹੀ ਨਾਲ ਹੱਤਿਆ !    ਕਾਹਨੂੰਵਾਨ ’ਚ 50 ਦੇ ਕਰੀਬ ਨਸ਼ਾ ਤਸਕਰਾਂ ਵੱਲੋਂ ਆਤਮ-ਸਮਰਪਣ !    ਪਤਨੀ ਦੀ ਬਿਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਫਾਹਾ ਲਿਆ !    ਦੇਸ਼ ਮੁਸ਼ਕਲ ਹਾਲਾਤ ’ਚ, ਮਾੜੀ ਰਾਜਨੀਤੀ ਛੱਡੋ: ਕੇਜਰੀਵਾਲ !    ਸ੍ਰੀਨਗਰ ਦੇ ਗੁਰਦੁਆਰੇ ਵਿੱਚ ਚੋਰੀ !    ਸਰਹੱਦ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ !    

ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਖ਼ਿਲਾਫ਼ ਮੁਜ਼ਾਹਰਾ

Posted On October - 12 - 2019

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 11 ਅਕਤੂਬਰ
ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ’ਤੇ ਕਥਿਤ ਮਾੜੇ ਵਤੀਰੇ ਦਾ ਦੋਸ਼ ਲਗਾਉਂਦਿਆਂ ਸਕੂਲ ਮੁਖੀ ਨੂੰ ਤੁਰੰਤ ਬਦਲਣ ਦੀ ਮੰਗ ਨੂੰ ਲੈ ਅੱਜ ਰੋਸ ਮੁਜ਼ਾਹਰਾ ਕੀਤਾ ਤੇ ਪ੍ਰਿੰਸੀਪਲ ਰਿਤੂ ਸ਼ਰਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਕੂਲ ਵਿੱਚ ਅਧਿਆਪਕਾਂ ਦੀ ਧੜੇਬੰਦੀ ਕਾਰਨ ਮਾਹੌਲ ਖ਼ਰਾਬ ਹੋ ਰਿਹਾ ਹੈ। ਵਿਦਿਆਰਥੀਆਂ ਨੇ ਪ੍ਰਿੰਸੀਪਲ ’ਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਗਲਤ ਵਿਵਹਾਰ ਕਰਨ, ਮਾੜੀ ਭਾਸ਼ਾ ਵਰਤਣ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਿਆਦਾਤਰ ਵਿਦਿਆਰਥੀਆਂ ਦੂਰ ਦੁਰਾਡੇ ਦੇ ਪਿੰਡਾਂ ਅਤੇ ਦੂਜੇ ਸ਼ਹਿਰਾਂ ਤੋਂ ਹਨ। ਜਦੋਂ ਮਾਪੇ ਸਕੂਲ ਵਿੱਚ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਤਾਂ ਸਕੂਲ ਪ੍ਰਸ਼ਾਸਨ ਵੱਲੋਂ ਮਾਪਿਆਂ ਦੇ ਬੈਠਣ ਲਈ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਇਹੀ ਨਹੀਂ ਮਿਲਣ ਆਉਣ ਵਾਲੇ ਭੈਣ ਭਰਾਵਾਂ ਨਾਲ ਵੀ ਸਹੀ ਢੰਗ ਨਾਲ ਗੱਲਬਾਤ ਨਹੀਂ ਕੀਤੀ ਜਾਂਦੀ ਹੈ। ਮਾਪਿਆਂ ਨੂੰ ਸਕੂਲ ਵਿੱਚ ਮਿਲਣ ਆਉਣ ’ਤੇ ਕਈ ਤਰ੍ਹਾਂ ਦੇ ਸਵਾਲ ਜਵਾਬ ਕੀਤੇ ਜਾਂਦੇ ਹਨ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੈਡੀਕਲ ਸਹੂਲਤ ਵੀ ਨਹੀਂ ਮਿਲਦੀ। ਇਸ ਮੌਕੇ ਪ੍ਰਿੰਸੀਪਲ ਦੇ ਹੁਕਮਾਂ ’ਤੇ ਸੁਰੱਖਿਆ ਗਾਰਡਾਂ ਵੱਲੋਂ ਮੀਡੀਆ ਕਰਮੀਆਂ ਨੂੰ ਅੰਦਰ ਵੜਨ ਤੋਂ ਰੋਕਣ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ। ਸਕੂਲ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਰੱਖਣ ਅਤੇ ਵਰਤਣ ਦੀ ਸਖ਼ਤ ਮਨਾਹੀ ਹੈ ਪਰ ਇਸ ਦੇ ਬਾਵਜੂਦ ਵਿਦਿਆਰਥੀਆਂ ਵੱਲੋਂ ਸਕੂਲ ਕੈਂਪਸ ਅੰਦਰੋਂ ਮੀਡੀਆ ਨਾਲ ਗੱਲਬਾਤ ਲਈ ਮੋਬਾਈਲ ਫੋਨ ਦੀ ਵਰਤੋਂ ਚਰਚਾ ਦਾ ਵਿਸ਼ਾ ਰਹੀ। ਉਧਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਅਤੇ ਕੌਂਸਲਰ ਨੇ ਵਿਦਿਆਰਥੀਆਂ ਨੂੰ ਸ਼ਾਂਤ ਕਰਦਿਆਂ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਵੱਲੋਂ ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਪ੍ਰਿੰਸੀਪਲ ਨੇ ਦੁਰਵਿਵਹਾਰ ਕਰਨ ਦੇ ਦੋਸ਼ ਨਕਾਰੇ
ਮੈਰੀਟੋਰੀਅਸ ਸਕੂਲ ਦੀ ਪ੍ਰਿੰਸੀਪਲ ਰਿਤੂ ਸ਼ਰਮਾ ਨੇ ਵਿਦਿਆਰਥੀਆਂ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆ ਨਾਲ ਕਦੇ ਵੀ ਦੁਰਵਿਵਹਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਹਰੇਕ ਘਟਨਾ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਲਗਾਤਾਰ ਜਾਣੂ ਕਰਵਾ ਰਹੇ ਹਨ।

ਸ਼ਿਕਾਇਤ ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਤੱਕ ਪੁੱਜੀ
ਮੈਰੀਟੋਰੀਅਸ ਸੁਸਾਇਟੀ ਦੇ ਸਹਾਇਕ ਪ੍ਰਾਜੈਕਟ ਡਾਇਰੈਕਟਰ ਆਈਪੀ ਮਲਹੋਤਰਾ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਉਨ੍ਹਾਂ ਨੇ ਪ੍ਰਾਜੈਕਟ ਡਾਇਰੈਕਟਰ ਮਨਿਦਰ ਸਿੰਘ ਸਰਕਾਰੀਆ ਨਾਲ ਸਕੂਲ ਕੈਂਪਸ ਦਾ ਦੌਰਾ ਕਰਕੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਖ਼ਿਲਾਫ਼ ਕੀਤੀ ਸ਼ਿਕਾਇਤ ਨੂੰ ਅਗਲੀ ਕਾਰਵਾਈ ਲਈ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਭੇਜ ਦਿੱਤੀ ਹੈ। ਪਤਾ ਲੱਗਾ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਮਾਮਲੇ ਦੀ ਜਾਂਚ ਲਈ ਤਿੰਨ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਸਹਾਇਕ ਪ੍ਰਾਜੈਕਟ ਡਾਇਰੈਕਟਰ ਆਈਪੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਪ੍ਰੀਤ ਕੌਰ ਧਾਲੀਵਾਲ ਤੇ ਮੈਰੀਟੋਰੀਅਸ ਸਕੂਲ ਬਠਿੰਡਾ ਦੀ ਪ੍ਰਿੰਸੀਪਲ ਰੂਬੀ ਗੁਪਤਾ ਸ਼ਾਮਲ ਹਨ। ਇਹ ਕਮੇਟੀ ਬੁੱਧਵਾਰ ਤੱਕ ਆਪਣੀ ਜਾਂਚ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪ ਦੇਵੇਗੀ।


Comments Off on ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਖ਼ਿਲਾਫ਼ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.