ਜਲੰਧਰ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫਿਊ਼ !    ਪੀਐੱਨਬੀ ਨੇ ਵਿਆਜ ਦਰਾਂ ਘਟਾਈਆਂ !    ਸਿਆਹਫ਼ਾਮ ਰੋਸ !    ਤਾਲਾਬੰਦੀ ਦੇ ਮਾਅਨੇ !    ਵੀਹ ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਵਿਸ਼ਲੇਸ਼ਣ !    ਫ਼ੀਸਾਂ ’ਚ ਵਾਧੇ ਖ਼ਿਲਾਫ਼ ਸੋਨੀ ਦੀ ਕੋਠੀ ਘੇਰੇਗੀ ‘ਆਪ’ !    ਗੁੱਟੂ ਦੀ ਖੂਹੀ ਅਤੇ ਮਸਤ ਰਾਮ !    ਜਨਤਕ ਖੇਤਰ ਕਮਜ਼ੋਰ ਕਰਨ ਦੇ ਗੰਭੀਰ ਸਿੱਟੇ !    ਬੱਸ ਲੰਘਾਊ ਭੂਆ !    ਦਿੱਲੀ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਨੂੰ ਟੱਪੀ !    

ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸੂਬਾ ਸਰਕਾਰ ਦੀ ਸਖ਼ਤੀ ਜਾਰੀ

Posted On November - 7 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਨਵੰਬਰ
ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਨ ਦੇ ਬੁਰੀ ਤਰ੍ਹਾਂ ਪਲੀਤ ਹੋਣ ਕਾਰਨ ਬਣੇ ਗੰਭੀਰ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਵੱਲੋਂ ਕੀਤੀ ਖਿਚਾਈ ਕਾਰਨ ਸੂਬਾ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ। ਇਸ ਤਹਿਤ ਅੱਜ ਲਗਾਤਾਰ ਤੀਜੇ ਦਿਨ ਵੀ ਸੂਬੇ ਅੰਦਰ ਹਜ਼ਾਰਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਸਮੇਤ ਉਨ੍ਹਾਂ ਦੇ ਚਲਾਨ ਕੱਟ ਕੇ ਕਰੋੜਾਂ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਬਿਨਾਂ ਸੁਪਰ ਐੱਸਐੱਮਐੱਸ ਵਾਲੀਆਂ ਵੱਡੀ ਗਿਣਤੀ ਹਾਰਵੈਸਟਿੰਗ ਕੰਬਾਈਨਾਂ ਜ਼ਬਤ ਕਰ ਕੇ ਉਨ੍ਹਾਂ ’ਤੇ ਵੀ ਜੁਰਮਾਨੇ ਲਾਏ ਗਏ ਹਨ। ਅਨੇਕ ਥਾਵਾਂ ’ਤੇ ਪੰਚਾਇਤੀ ਜ਼ਮੀਨਾਂ ਵਿਚ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਤੇ ਕਈ ਥਾਈਂ ਨੰਬਰਦਾਰ ਵੀ ਪਰਾਲੀ ਸਾੜਨ ਦੇ ਦੋਸ਼ੀ ਪਾਏ ਜਾ ਰਹੇ ਹਨ। ਪਰਾਲੀ ਸਾੜਨ ਵਾਲੇ ਕਈ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਸਿਆਹੀ ਨਾਲ ਇੰਦਰਾਜ ਕੀਤੇ ਜਾ ਰਹੇ ਹਨ।
ਵੇਰਵਿਆਂ ਅਨੁਸਾਰ ਪਰਾਲੀ ਸਾੜਨ ਖ਼ਿਲਾਫ਼ ਹੁਣ ਤੱਕ ਪੰਜਾਬ ਭਰ ਵਿਚ ਲਗਪਗ 700 ਪੁਲੀਸ ਕੇਸ ਦਰਜ ਕਰ ਕੇ 550 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਸਭ ਤੋਂ ਵੱਧ 87 ਕੇਸ ਪਟਿਆਲਾ ਅਤੇ 75 ਬਠਿੰਡਾ ਜ਼ਿਲ੍ਹੇ ਵਿਚ ਦਰਜ ਹੋਏ ਹਨ। ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਸੂਬਾਈ ਚੇਅਰਮੈਨ ਕਾਹਨ ਸਿੰਘ ਪੰਨੂ ਦਾ ਕਹਿਣਾ ਸੀ ਕਿ ਅਨੇਕਾਂ ਚਲਾਨ ਕਰ ਕੇ ਜੁਰਮਾਨੇ ਵੀ ਕੀਤੇ ਗਏ ਹਨ।
ਸੂਬੇ ਵਿਚ ਅੱਜ 6 ਨਵੰਬਰ ਤੱਕ ਪਰਾਲੀ ਸਾੜਨ ਦੇ 42,676 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਨੇ ਕਾਰਵਾਈ ਜਾਰੀ ਰੱਖੀ ਹੋਈ ਹੈ। ਸ਼ੁਰੂ ਵਿਚ ਹੁਕਮ ਅਦੂਲੀ ਤਹਿਤ ਸਿਰਫ਼ ਧਾਰਾ 188 ਤਹਿਤ ਹੀ ਕਾਰਵਾਈ ਕੀਤੀ ਜਾ ਰਹੀ ਸੀ ਪਰ ਹੁਣ ‘ਏਅਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਪਾਲਿਊਸ਼ਨ ਐਕਟ 1981 ਦੀ ਧਾਰਾ 39’ ਤਹਿਤ ਵੀ ਕੇਸ ਦਰਜ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਧਾਰਾ 188 ਤਹਿਤ 77 ਅਤੇ ‘ਏਅਰ ਐਕਟ 1981’ ਤਹਿਤ 10 ਕੇਸ ਦਰਜ ਕੀਤੇ ਗਏ ਹਨ।
ਐੱਸਐੱਸਪੀ ਮਨਦੀਪ ਸਿੱਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਿਨਾਂ ਸੁਪਰ ਐੱਸਐੱਮਐੱਸ ਵਾਲੀਆਂ ਹਾਰਵੈਸਟਿੰਗ ਕੰਬਾਈਨਾਂ ਨੂੰ ਜ਼ਬਤ ਕਰ ਕੇ 20 ਲੱਖ ਤੇ ਪਰਾਲੀ ਸਾੜਨ ਦੇ 1889 ਚਲਾਨ ਕਰ ਕੇ 51 ਲੱਖ ਦੇ ਜੁਰਮਾਨੇ ਕੀਤੇ ਗਏ ਹਨ। ਪਰਾਲੀ ਸਾੜਨ ਸਬੰਧੀ 28 ਪੰਚਾਇਤੀ ਜ਼ਮੀਨਾਂ ਸਮੇਤ ਇਕ ਨੰਬਰਦਾਰ ਦੀ ਵੀ ਸ਼ਨਾਖ਼ਤ ਹੋਈ ਹੈ। ਅਧਿਕਾਰੀਆਂ ਨੇ ਇਸ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ।

ਕਿਸਾਨਾਂ ਖ਼ਿਲਾਫ਼ ਏਅਰ ਐਕਟ ਤਹਿਤ ਕਾਰਵਾਈ ਸ਼ੁਰੂ

ਮੋਗਾ (ਮਹਿੰਦਰ ਸਿੰਘ ਰੱਤੀਆਂ): ਪੰਜਾਬ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਐੱਫਆਈਆਰ ਦਰਜ ਕਰਨ ਦੇ ਨਾਲ ਨਾਲ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅਦਾਲਤਾਂ ਵਿਚ ਏਅਰ ਐਕਟ ਤਹਿਤ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਇਸ ਐਕਟ ਤਹਿਤ 3 ਮਹੀਨੇ ਦੀ ਕੈਦ ਤੇ 10 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਹੁਣ ਤੱਕ ਪਰਾਲੀ ਸਾੜਨ ਵਾਲੇ 169 ਕਿਸਾਨਾਂ ਦੇ ਚਲਾਨ ਕੀਤੇ ਗਏ ਹਨ। ਸੁਪਰਡੈਂਟ ਆਫ਼ ਪੁਲੀਸ (ਸ) ਰਤਨ ਸਿੰਘ ਬਰਾੜ ਨੇ ਦੱਸਿਆ ਕਿ 200 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਅਤੇ ਪੰਜ ਦਰਜਨ ਤੋਂ ਵੱਧ ਕਿਸਾਨਾਂ ਨੂੰ ਗ੍ਰਿਫ਼ਤਾਰੀ ਮਗਰੋਂ ਜ਼ਮਾਨਤ ਉੱਤੇ ਰਿਹਾਅ ਕੀਤਾ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ 292 ਕਿਸਾਨਾਂ ਦੇ ਜ਼ਮੀਨੀ ਮਾਲ ਰਿਕਾਰਡ ’ਚ ਲਾਲ ਸਿਆਹੀ ਨਾਲ ਐਂਟਰੀ ਕੀਤੀ ਗਈ ਹੈ।


Comments Off on ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸੂਬਾ ਸਰਕਾਰ ਦੀ ਸਖ਼ਤੀ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.