ਨਵੀਂ ਦਿੱਲੀ, 12 ਨਵੰਬਰ
ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਐਲਾਨ ਕੀਤਾ ਹੈ ਕਿ ਝਾਰਖੰਡ ਵਿੱਚ ਪਾਰਟੀ ਆਪਣੇ ਬਲਬੂਤੇ ਵਿਧਾਨ ਸਭਾ ਦੀਆਂ 50 ਸੀਟਾਂ ਉੱਤੇ ਚੋਣ ਲੜੇਗੀ। ਇੱਥੇ ਪਾਰਟੀ ਦੀ ਭਾਜਪਾ ਨਾਲ ਰਲ ਕੇ ਚੋਣਾਂ ਲੜਨ ਦੀ ਗੱਲ ਸਿਰੇ ਨਹੀਂ ਚੜ੍ਹੀ ਅਤੇ ਹੁਣ ਪਾਰਟੀ ਨੇ ਆਪਣੇ ਪੰਜ ਉਮੀਦਵਾਰਾਂ ਦਾ ਅੱਜ ਐਲਾਨ ਵੀ ਕਰ ਦਿੱਤਾ ਹੈ।
ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਪੰਜ ਪੜਾਵਾਂ ਵਿੱਚ 30 ਨਵੰਬਰ ਤੋਂ 20 ਦਸੰਬਰ ਤੱਕ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਲੋਕ ਜਨ ਸ਼ਕਤੀ ਪਾਰਟੀ ਤਾਂ ਗੱਠਜੋੜ ਲਈ ਤਰਲੋਮੱਛੀ ਹੋ ਰਹੀ ਸੀ ਪਰ ਭਾਜਪਾ ਨੇ ਆਪਣੀ ਰਣਨੀਤੀ ਤਹਿਤ ਖੇਤਰੀ ਪਾਰਟੀ ਨੂੰ ਬਹੁਤੀ ਅਹਿਮੀਅਤ ਨਹੀਂ ਦਿੱਤੀ। ਜ਼ਿਕਰਯੋਗ ਹੈ ਕਿ ਬਿਹਾਰ ਵਿੱਚ ਪਾਰਟੀ ਦਾ ਭਾਜਪਾ ਨਾਲ ਗੱਠਜੋੜ ਹੈ। ਪਾਸਵਾਨ ਨੇ ਕਿਹਾ ਕਿ ਉਨ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਹੋਰਨਾਂ ਭਾਜਪਾ ਆਗੂਆਂ ਤੱਕ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ। ਪੀਟੀਆਈ