ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    ਪਾਕਿਸਤਾਨੀ ਗੋਲਾਬਾਰੀ ’ਚ ਦੋ ਭਾਰਤੀ ਨਾਗਰਿਕ ਜ਼ਖ਼ਮੀ !    ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    

ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ

Posted On November - 20 - 2019

ਟ੍ਰਿਬਿਊਨ ਨਿਊਜ਼ ਸਰਿਵਸ
ਚੰਡੀਗੜ੍ਹ, 19 ਨਵੰਬਰ

ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਪੁਰਾਣੀ ਤਸਵੀਰ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵਿਚਕਾਰ ਚੰਡੀਗੜ੍ਹ ਵਿਚ ਹੋਈ ਮੀਟਿੰਗ ਬੇਸਿੱਟਾ ਰਹੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਫਿਲਹਾਲ ਅਧਿਆਪਕ ਭਰਤੀ ਲਈ ਲਾਗੂ ਕੀਤੇ ਜਾ ਰਹੇ 55 ਫ਼ੀਸਦੀ ਵਾਲਾ ਨਿਯਮ ਵਾਪਸ ਲੈਣ ਤੋਂ ਟਾਲਾ ਵੱਟ ਲਿਆ ਹੈ। ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਐਲਾਨ ਕੀਤਾ ਕਿ 17 ਨਵੰਬਰ ਨੂੰ ਹੋਏ ਫ਼ੈਸਲੇ ਅਨੁਸਾਰ ਹੁਣ ਮੁੜ 24 ਨਵੰਬਰ ਨੂੰ ਵੱਡੇ ਇਕੱਠ ਨਾਲ ਸਿੱਖਿਆ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ।
ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ 17 ਨਵੰਬਰ ਨੂੰ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਰਾਹੀਂ ਖਦੇੜਿਆ ਗਿਆ ਸੀ। ਲਾਠੀਚਾਰਜ ਤੋਂ ਬਾਅਦ ਹੁਣ ਮੀਟਿੰਗ ਦੌਰਾਨ ਮੰਗਾਂ ਦਾ ਹੱਲ ਨਾ ਹੋਣਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਜਬਰ ਨਾਲ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਵਫ਼ਦ ਵਿਚ ਸ਼ਾਮਲ ਮੀਤ ਪ੍ਰਧਾਨ ਨਿੱਕਾ ਸਿੰਘ, ਸੂਬਾ ਕਮੇਟੀ ਮੈਂਬਰ ਯੁੱਧਜੀਤ ਸਿੰਘ ਬਠਿੰਡਾ, ਅਮਨ ਸੇਖਾ, ਬਲਕਾਰ ਸਿੰਘ ਮਾਨਸਾ ਅਤੇ ਨਵਜੀਵਨ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ 55 ਫ਼ੀਸਦੀ ਵਾਲੀ ਸ਼ਰਤ ਵਿਚ ਸੋਧ ਕੀਤੇ ਜਾਣ ਤੱਕ ਅੰਗਹੀਣਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਦੀ ਆਖ਼ਰੀ ਤਰੀਕ ਵਿਚ ਵਾਧਾ ਕਰਨ ਵਰਗੇ ਸੁਝਾਅ ਉੱਪਰ ਵੀ ਸਹਿਮਤੀ ਨਹੀਂ ਦਿੱਤੀ।
ਆਗੂਆਂ ਨੇ ਦੱਸਿਆ ਕਿ ਨਵੀਂ ਭਰਤੀ ਬਾਰੇ ਸਿੱਖਿਆ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਵਿਭਾਗ ਵਿਚ ਕੰਮ ਕਰ ਰਹੇ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕੀਤੀ ਜਾਵੇਗੀ, ਜਿਸ ਮਗਰੋਂ 31 ਮਾਰਚ ਤੱਕ ਹੀ ਨਵੀਂ ਭਰਤੀ ’ਤੇ ਵਿਚਾਰ ਕੀਤਾ ਜਾਵੇਗਾ। ਮੰਤਰੀ ਵੱਲੋਂ ਸ਼ਰਤ ਰੱਦ ਕਰਨ ਅਤੇ ਨਵੀਂ ਭਰਤੀ ਸਬੰਧੀ ਟਾਲਾ ਵੱਟਣ ਤੋਂ ਭੜਕੇ ਯੂਨੀਅਨ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਤੇਜ਼ ਕਰਨ ਲਈ ਬੇਰੁਜ਼ਗਾਰ ਅਧਿਆਪਕ ਸਮੁੱਚੇ ਪੰਜਾਬ ਦੇ ਲੋਕਾਂ ਅਤੇ ਵੱਖ ਵੱਖ ਜਥੇਬੰਦੀਆਂ ਤੱਕ ਪਹੁੰਚ ਕਰਨਗੇ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ 8 ਸਤੰਬਰ ਤੋਂ ਪੱਕਾ ਮੋਰਚਾ ਸੰਗਰੂਰ ਵਿਚ ਚੱਲ ਰਿਹਾ ਹੈ।
ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਖ਼ੁਦਕੁਸ਼ੀ ਕਰ ਗਏ ਉੱਚ ਯੋਗਤਾ ਪਾਸ ਬੇਰੁਜ਼ਗਾਰ ਅਧਿਆਪਕ ਜਗਸੀਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣਾ, ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨਾ, ਮਾਸਟਰ ਕਾਡਰ ਦੀ ਭਰਤੀ ਲਈ ਗ੍ਰੈਜੂਏਸ਼ਨ ਵਿਚੋਂ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰਨਾ, ਨੌਕਰੀ ਉਡੀਕਦਿਆਂ ਉਮਰ ਹੱਦ ਲੰਘਾ ਚੁੱਕੇ ਉਮੀਦਵਾਰਾਂ ਪ੍ਰਤੀ ਵਿਚਾਰ ਕਰਦਿਆਂ ਉਮਰ ਹੱਦ 42 ਸਾਲ ਕਰਨਾ ਅਤੇ ਦੋ ਸਾਲ ਐਕਸਟੈਂਸ਼ਨ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਸੇਵਾਮੁਕਤ ਕਰ ਕੇ ਨਵੇਂ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸ਼ਾਮਲ ਹੈ।


Comments Off on ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.