ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ

Posted On December - 5 - 2019

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਦੇ ਆਗੂ ਸੁਖਦੇਵ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਪਾਲ ਸਿੰਘ ਨੌਲੀ
ਜਲੰਧਰ, 4 ਦਸੰਬਰ
ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਮਾਮਲੇ ਵਿਚ ਇਨਸਾਫ਼ ਨਾ ਮਿਲਣ ’ਤੇ 35 ਸਿੱਖ ਜਥੇਬੰਦੀਆਂ ਦੇ ‘ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਕਾਂਗਰਸ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਗੱਠਜੋੜ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ, ਆਵਾਜ਼-ਏ-ਕੌਮ ਜਥੇਬੰਦੀ ਦੇ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਜਿਹੜੇ ਕੈਬਨਿਟ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਉਨ੍ਹਾਂ ਦੇ ਘਰਾਂ ਮੂਹਰੇ 51 ਮੈਂਬਰੀ ਨੌਜਵਾਨ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠਣਗੇ ਤੇ ਉਨ੍ਹਾਂ ਨੂੰ ਵਾਅਦੇ ਯਾਦ ਕਰਵਾ ਕੇ ਜਵਾਬ ਮੰਗੇ ਜਾਣਗੇ। ਪਹਿਲਾ ਧਰਨਾ 8 ਦਸੰਬਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਲਾਇਆ ਜਾਵੇਗਾ, ਦੂਜਾ ਧਰਨਾ 15 ਦਸੰਬਰ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤੀਸਰਾ 22 ਦਸੰਬਰ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਮੂਹਰੇ ਦਿੱਤਾ ਜਾਵੇਗਾ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਗਲੇ ਪੜਾਅ ’ਚ ਬਾਕੀ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਵੀ ਧਰਨੇ ਲਾਏ ਜਾਣਗੇ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਬਾਦਲ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਕਿੱਕੀ ਢਿੱਲੋਂ ਅਤੇ ਹੋਰ ਆਗੂ ਸ਼ਾਮਲ ਹਨ, ਜਿਨ੍ਹਾਂ ਦਾ ਐਲਾਨ ਅਗਲੇ ਪੜਾਅ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਮੁਖੀ ਤੇ ਪ੍ਰੇਮੀਆਂ ਨੂੰ ਬਰਗਾੜੀ ਅਤੇ ਮੌੜ ਬੰਬ ਧਮਾਕੇ ਮਾਮਲਿਆਂ ’ਚੋਂ ਕਥਿਤ ਬਚਾਉਣਾ ਚਾਹੁੰਦੇ ਹਨ ਅਤੇ ਇਹੀ ਕੰਮ ਤਤਕਾਲੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਨੇ ਕੀਤਾ ਸੀ।
ਉਨ੍ਹਾਂ ਆਖਿਆ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਸਿੱਖ ਕੌਮ ਆਪਣੇ ਵੱਡੇ ਇਕੱਠ ਅਤੇ ਸਰਬੱਤ ਖਾਲਸਾ ਤੇ ਬਰਗਾੜੀ ਮੋਰਚੇ ਦੇ ਰੂਪ ਵਿੱਚ ਪਹਿਲਾਂ ਹੀ ਦਿਖਾ ਚੁੱਕੀ ਹੈ। ਇਸ ਲਈ ਉਹ ਇਸ ਸੰਘਰਸ਼ ਨੂੰ ਵੱਖਰੇ ਰੂਪ ਵਿਚ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਬੇਅਦਬੀ ਕਾਂਡ ’ਚ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਲਈ ਕੈਬਨਿਟ ਮੰਤਰੀਆਂ ਦੇ ਬੂਹੇ ਖੜਕਾਏ ਜਾ ਰਹੇ ਹਨ। ਜਾਣਕਾਰੀ ਅਨੁਸਾਰ ਉਕਤ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਬੇਅਦਬੀ ਮਾਮਲੇ ’ਚ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਸੀ। ਜਾਣਕਾਰੀ ਅਨੁਸਾਰ ਬੇਅਦਬੀ ਕਾਂਡ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਨੁਕਸਾਨ ਝੱਲਣਾ ਪਿਆ ਹੈ। ਇਸ ਮੌਕੇ ਅਮਰਜੀਤ ਸਿੰਘ ਸੁਰਸਿੰਘ, ਹਰਪ੍ਰੀਤ ਸਿੰਘ ਸੋਢੀ, ਨਵਜੋਧ ਸਿੰਘ, ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।

ਸੀਬੀਆਈ ’ਤੇ ਡੇਰਾ ਪ੍ਰੇਮੀਆਂ ਨੂੰ ਬਚਾਉਣ ਦੇ ਦੋਸ਼

ਫ਼ਰੀਦਕੋਟ, (ਜਸਵੰਤ ਜੱਸ): ਸਾਲ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਵਾਪਰੀਆਂ ਤਿੰਨ ਘਟਨਾਵਾਂ ਦੀ ਮੁੜ ਪੜਤਾਲ ਕਰ ਰਹੀ ਸੀਬੀਆਈ ਨੇ ਅੱਜ ਦੂਜੇ ਦਿਨ ਵੀ ਆਪਣੀ ਪੜਤਾਲ ਜਾਰੀ ਰੱਖੀ। ਸੀਬੀਆਈ ਟੀਮ ਐੱਸਪੀ ਰਵਿੰਦਰ ਕੁਮਾਰ ਜੈਨ ਦੀ ਅਗਵਾਈ ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪੁੱਜੀ, ਜਿਥੇ ਉਨ੍ਹਾਂ ਨੂੰ ਘਟਨਾ ਦੇ ਚਸ਼ਮਦੀਦਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਗਵਾਹਾਂ ਨੇ ਸੀਬੀਆਈ ਦੇ ਅਧਿਕਾਰੀਆਂ ਕੋਲ ਗਿਲਾ ਜ਼ਾਹਿਰ ਕੀਤਾ ਕਿ ਉਨ੍ਹਾਂ ਨੇ ਕਲੋਜ਼ਰ ਰਿਪੋਰਟ ਦਾਇਰ ਕਰਕੇ ਕਥਿਤ ਤੌਰ ’ਤੇ ਡੇਰਾ ਪ੍ਰੇਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਗਵਾਹਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਸੀਬੀਆਈ ਦੀ ਮੌਜੂਦਾ ਪੜਤਾਲ ਵੀ ਡੇਰਾ ਪ੍ਰੇਮੀਆਂ ਨੂੰ ਰਾਹਤ ਦੇਣ ਲਈ ਸ਼ੁਰੂ ਕੀਤੀ ਗਈ ਹੈ, ਕਿਉਂਕਿ ਹਾਲ ਹੀ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਪ੍ਰੇਮੀ, ਭਾਜਪਾ ਦੇ ਹੱਕ ਵਿੱਚ ਭੁਗਤੇ ਹਨ। ਸੀਬੀਆਈ ਅਧਿਕਾਰੀਆਂ ਨੇ ਗਵਾਹਾਂ ਦੀ ਕਿਸੇ ਵੀ ਟਿੱਪਣੀ ਦਾ ਜਵਾਬ ਨਹੀਂ ਦਿੱਤਾ ਅਤੇ ਪੂਰਾ ਦਿਨ ਆਪਣੀ ਪੜਤਾਲ ਜਾਰੀ ਰੱਖੀ। ਸੀਬੀਆਈ ਨੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਦੇ ਪ੍ਰਧਾਨ ਰਣਜੀਤ ਸਿੰਘ ਸਮੇਤ ਇੱਕ ਦਰਜਨ ਗਵਾਹਾਂ ਨਾਲ ਲੰਬੀ ਗੱਲਬਾਤ ਕੀਤੀ। ਅਕਾਲੀ ਦਲ ਮਾਨ ਦੇ ਆਗੂ ਸੀਬੀਆਈ ਨੂੰ ਮਿਲਣ ਲਈ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋਏ ਸਨ ਪਰ ਸੀਬੀਆਈ ਦੀ ਟੀਮ ਬਰਗਾੜੀ ਨਹੀਂ ਗਈ ਅਤੇ ਉਹ ਆਪਣੇ ਕੈਂਪ ਦਫ਼ਤਰ ਫ਼ਰੀਦਕੋਟ ਵਿੱਚ ਆ ਗਈ। ਸੂਚਨਾ ਅਨੁਸਾਰ ਸੀਬੀਆਈ ਟੀਮ ਕਰੀਬ ਇੱਕ ਹਫ਼ਤਾ ਇੱਥੇ ਠਹਿਰੇਗੀ। ਸੀਬੀਆਈ ਦੇ ਐੱਸਪੀ ਰਵਿੰਦਰ ਕੁਮਾਰ ਜੈਨ ਨੇ ਮੁੜ ਸ਼ੁਰੂ ਹੋਈ ਪੜਤਾਲ ਬਾਰੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ। ਜਾਣਕਾਰੀ ਅਨੁਸਾਰ ਸੀਬੀਆਈ ਨੇ ਪਹਿਲਾਂ ਇਨ੍ਹਾਂ ਮਾਮਲਿਆਂ ਦੀ ਜਾਂਚ ਬੰਦ ਕਰ ਦਿੱਤੀ ਸੀ ਪਰ ਫਿਰ ਆਪਣਾ ਫ਼ੈਸਲਾ ਬਦਲਦਿਆਂ ਅਦਾਲਤ ਤੋਂ ਪ੍ਰਵਾਨਗੀ ਲੈ ਕੇ ਬੀਤੇ ਦਿਨ ਮੁੜ ਜਾਂਚ ਸ਼ੁਰੂ ਕੀਤੀ ਹੈ।


Comments Off on ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.