ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 3 ਦਸੰਬਰ
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪਟਿਆਲਾ ਦੇ ਪੋਲੋ ਗਰਾਂਊਂਡ ਵਿਚ11 ਤੋਂ 13 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਵਿੱਚ ਦਾਖਲਾ ਮੁਫ਼ਤ ਹੋਵੇਗਾ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੌਕਤ ਅਹਿਮਦ ਪਰੈ ਨੇ ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਅਤੇ ਸਕੂਲਾਂ, ਕਾਲਜਾਂ ਦੇ ਨੁਮਾਇੰਦਿਆਂ ਨਾਲ ਅੱਜ ਮੀਟਿੰਗ ਵੀ ਕੀਤੀ। ਏਡੀਸੀ ਨੇ ਦੱਸਿਆ ਕਿ ਇਸ ਦੌਰਾਨ ਪਹੁੰਚਣ ਵਾਲੇ ਦਰਸ਼ਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁੰਮ-ਹੁਮਾ ਕੇ ਇੱਥੇ ਪੁੱਜਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਸਾਬਕਾ ਮੁੱਖੀ ਤੇ ਪ੍ਰੋਫੈਸਰ ਡਾ. ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇਸ਼ਵਿੰਦਰ ਸਿੰਘ ਗਰੇਵਾਲ, ਮਨਜੀਤ ਸਿੰਘ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਤੋਂ ਪੋ. ਵੀਰਦੇਵ ਸਿੰਘ ਤੇ ਹੋਰ ਹਾਜ਼ਰ ਸਨ।