ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ

Posted On January - 26 - 2020

ਪੰਜਾਬ ਬੰਦ ਦੇ ਸੱਦੇ ਦੌਰਾਨ ਭੰਡਾਰੀ ਪੁਲ ’ਤੇ ਕੀਤੇ ਗਏ ਰੋਸ ਵਿਖਾਵੇ ਦਾ ਦ੍ਰਿਸ਼।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਜਨਵਰੀ
ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਲੋਕ ਮਾਰੂ ਨੀਤੀਆਂ ਖਿਲਾਫ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੋਸ ਪ੍ਰਗਟਾਉਣ ਵਾਸਤੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ। ਕੁਝ ਥਾਵਾਂ ’ਤੇ ਕਾਰੋਬਾਰ ਅਤੇ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹੇ ਪਰ ਕੁਝ ਥਾਵਾਂ ’ਤੇ ਸਭ ਕੁਝ ਆਮ ਵਾਂਗ ਚਲਦਾ ਰਿਹਾ । ਇਸ ਦੌਰਾਨ ਸਿੱਖ ਪ੍ਰਦਰਸ਼ਨਕਾਰੀਆਂ ਨੇ ਅੱਜ ਇਕੱਠੇ ਹੋ ਕੇ ਭੰਡਾਰੀ ਪੁਲ ’ਤੇ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵਾ ਕਰਦਿਆਂ ਨਾਗਰਿਕਤਾ ਸੋਧ ਕਾਨੂੰਨ ਅਤੇ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦਾ ਸਖਤ ਵਿਰੋਧ ਕੀਤਾ। ਲਗਪਗ ਦੋ ਘੰਟੇ ਚਲੇ ਇਸ ਰੋਸ ਵਿਖਾਵੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਤਕ ਰੋਸ ਮਾਰਚ ਵੀ ਕੀਤਾ ਗਿਆ। ਰੋਸ ਵਿਖਾਵੇ ਵਿਚ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਵੀ ਸ਼ਾਮਲ ਸਨ। ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ , ਕੰਵਰਪਾਲ ਸਿੰਘ ਤੇ ਹੋਰਨਾਂ ਨੇ ਮਾਰਚ ਦੀ ਅਗਵਾਈ ਕੀਤੀ। ਉਨ੍ਹਾਂ ਦੇ ਨਾਲ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਰਣਜੀਤ ਸਿੰਘ ਦਮਦਮੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਰਬੀਰ ਸਿੰਘ ਸੰਧੂ ਤੇ ਬਲਵਿੰਦਰ ਸਿੰਘ ਆਦਿ ਵੀ ਸ਼ਾਮਲ ਸਨ। ਰੋਸ ਮਾਰਚ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਚੀਮਾ ਨੇ ਆਖਿਆ ਕਿ ਪੰਜਾਬ ਦੇ ਸਿੱਖ, ਹਿੰਦੂ, ਈਸਾਈ ਅਤੇ ਦਲਿਤ ਭਾਈਚਾਰਾ ਮੁਸਲਿਮ ਭਾਈਚਾਰੇ ਦੇ ਨਾਲ ਖੜਾ ਹੈ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ, ਭਗਤ ਰਵੀਦਾਸ ਦਾ ਮੰਦਰ ਢਾਹੁਣ ਖਿਲਾਫ ਅਤੇ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਖਿਲਾਫ ਵੀ ਵਿਰੋਧ ਪ੍ਰਗਟਾਇਆ ਗਿਆ।ਕੰਵਰਪਾਲ ਸਿੰਘ ਬਿੱਟੂ ਨੇ ਦਸਿਆ ਕਿ ਪੰਜਾਬ ਬੰਦ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਇਆ ਹੈ ਅਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਿਚ ਦੁਕਾਨਾਂ, ਕਾਰੋਬਾਰ, ਮਾਰਕੀਟ, ਬੈਂਕ, ਪੈਟਰੋਲ ਪੰਪ, ਫੈਕਟਰੀਆਂ ਆਦਿ ਬੰਦ ਰੱਖੇ ਗਏ ਹਨ।
ਜਲੰਧਰ (ਪਾਲ ਸਿੰਘ ਨੌਲੀ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਦਲ ਖਾਲਸਾ, ਭਾਰਤੀ ਮੁਕਤੀ ਮੋਰਚਾ, ਮੁਸਲਿਮ ਲੀਗ ਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਕੋਈ ਅਸਰ ਨਹੀਂ ਹੋਇਆ। ਸ਼ਹਿਰ ਵਿਚ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਨਾ ਹੀ ਬੱਸਾਂ ਅਤੇ ਹੋਰ ਆਵਾਜਾਈ ਵਿਚ ਕੋਈ ਵਿਘਨ ਪਿਆ। ਸ਼ਹਿਰ ਦੇ ਚੌਂਕਾਂ ਵਿਚ ਪੁਲੀਸ ਮੁਸਤੈਦ ਰਹੀ। ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਕੁਨਾਂ ਨੇ ਕੁਝ ਸਮੇਂ ਲਈ ਰੋਸ ਵਿਖਾਵਾ ਕੀਤਾ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਨੇ ਦੱਸਿਆ ਕਿ ਮੋਦੀ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ ਜਿਸ ਦਾ ਘੱਟ ਗਿਣਤੀਆਂ ਤੇ ਸਿੱਖ ਭਾਈਚਾਰਾ ਲਗਾਤਾਰ ਵਿਰੋਧ ਕਰਦਾ ਆ ਰਿਹਾ ਹੈ।

ਬੰਦ ਸਮਰਥਕ ਤੇ ਬੰਦ ਵਿਰੋਧੀ ਜਥੇਬੰਦੀਆਂ ਆਹਮੋ-ਸਾਹਮਣੇ
ਹੁਸ਼ਿਆਰਪੁਰ, (ਹਰਪ੍ਰੀਤ ਕੌਰ): ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਮਾਨ), ਕ੍ਰਿਸਚੀਅਨ ਨੈਸ਼ਨਲ ਫ਼ਰੰਟ, ਅੰਬੇਦਕਰ ਫ਼ੋਰਸ, ਗੁਰੂ ਰਵਿਦਾਸ ਸਭਾਵਾਂ ਅਤੇ ਕਈ ਹੋਰ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸ਼ਹਿਰ ’ਚ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਕਈ ਬਜ਼ਾਰਾਂ ’ਚ ਦੁਕਾਨਾਂ ਬੰਦ ਰਹੀਆਂ ਜਦੋਂਕਿ ਕਈ ਕਾਰੋਬਾਰੀ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ। ਸ਼ਹਿਰ ਵਿੱਚ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਰਹੀ ਕਿਉਂਕਿ ਇਕ ਪਾਸੇ ਬੰਦ ਦੇ ਸਮਰਥਨ ’ਚ ਜਥੇਬੰਦੀਆਂ ਨੇ ਰੋਸ ਮਾਰਚ ਕੱਢਿਆ ਅਤੇ ਦੂਜੇ ਪਾਸੇ ਬੰਦ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੇ ਮਾਰਚ ਕੱਢਿਆ। ਘੰਟਾ ਘਰ ਦੇ ਨਜ਼ਦੀਕ ਦੋਵੇਂ ਧਿਰਾਂ ਲਗਭਗ ਆਹਮੋ ਸਾਹਮਣੇ ਆ ਗਈਆਂ ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਲਿਆ ਜਿਸ ਪਿੱਛੋਂ ਦੋਵੇਂ ਧਿਰਾਂ ਕੁੱਝ ਦੂਰੀ ’ਤੇ ਧਰਨੇ ’ਤੇ ਬੈਠ ਗਈਆਂ। ਲਗਭਗ ਤਿੰਨ ਘੰਟੇ ਧਰਨਾ ਦੇਣ ਤੋਂ ਬਾਅਦ ਜਦੋਂ ਬੰਦ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ ਦੇ ਕਾਰਕੁਨ ਵਾਪਿਸ ਜਾ ਰਹੇ ਸਨ ਤਾਂ ਘੰਟਾ ਘਰ ਚੌਕ ’ਚ ਮਾਹੌਲ ਇੱਕ ਵਾਰ ਫ਼ਿਰ ਟਕਰਾਅ ਵਾਲਾ ਬਣ ਗਿਆ ਜਦੋਂ ਦੋਵੇਂ ਪਾਸਿਉਂ ਨਾਅਰੇਬਾਜ਼ੀ ਸ਼ੁਰੂ ਹੋ ਗਈ।

 


Comments Off on ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.