ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਕਿਸਾਨਾਂ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸ

Posted On February - 14 - 2020

ਪਟਿਆਲਾ ਵਿਚ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਫਰਵਰੀ
ਕੇਂਦਰੀ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਧਰਨੇ ਲਾ ਕੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ।
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਕੀਤੇ ਗਏ ਇਸ ਰਾਜ ਪੱਧਰੀ ਐਕਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਨੂੰ ਪੰਜਾਬ ਭਰ ਵਿਚੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਦੌਰਾਨ ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਫ਼ਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਤਰਨ ਤਾਰਨ, ਅੰਮ੍ਰਿਤਸਰ, ਨਵਾਂ ਸ਼ਹਿਰ, ਪਠਾਨਕੋਟ, ਗੁਰਦਾਸਪੁਰ, ਰੋਪੜ ਅਤੇ ਕਪੂਰਥਲਾ ’ਤੇ ਆਧਾਰਿਤ 19 ਜ਼ਿਲ੍ਹਾ ਹੈੱਡਕੁਆਰਟਰਾਂ ਸਮੇਤ 62 ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਅਜਿਹੇ ਪ੍ਰਦਰਸ਼ਨ ਕੀਤੇ ਗਏ ਤੇ ਕੇਂਦਰੀ ਵਿੱਤੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ।
ਜਗਮੋਹਣ ਸਿੰਘ ਨੇ ਦੱਸਿਆ ਕਿ ਇਨ੍ਹਾਂ ਐਕਸ਼ਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਸੰਧੂ, ਕਿਸਾਨ ਸਭਾ ਪੰਜਾਬ ਦੇ ਆਗੂ ਮੇਜਰ ਸਿੰਘ ਪੁੰਨਾਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਟਾਂਡਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਇੰਦਰਜੀਤ ਸਿੰਘ ਬੁੱਢੇਵਾਲ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ, ਕਿਰਤੀ ਕਿਸਾਨ ਯੂਨੀਅਨ ਦੇ ਮੁਖੀ ਨਿਰਭੈ ਸਿੰਘ ਢੁੱਡੀਕੇ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਡਾ. ਦਰਸ਼ਨ ਪਾਲ ਆਦਿ ਨੇ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਜਟ ਕਿਸਾਨ ਵਿਰੋਧੀ ਹੈ, ਜਿਸ ਵਿਚ ਐਤਕੀਂ ਵੀ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਗੱਲ ਨਹੀਂ ਕੀਤੀ ਗਈ। ਇਹ ਬਜਟ ਖੇਤੀ ਖੇਤਰ ਨੂੰ ਨਿੱਜੀਕਰਨ ਵੱਲ ਧੱਕਣ ਦੇ ਤੁਲ ਹੈ। ਕਰਜ਼ੇ ਕਾਰਨ ਖ਼ੁਦਕੁਸ਼ੀਆਂ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਇਸ ਬਜਟ ਵਿਚ ਕਿਸੇ ਕਿਸਮ ਦੀ ਰਾਹਤ ਨਹੀਂ ਦਿੱਤੀ ਗਈ। ਪਟਿਆਲਾ ਵਿਚ ਡੀ.ਸੀ. ਦਫ਼ਤਰ ਅੱਗੇ ਦਿੱਤੇ ਧਰਨੇ ਨੂੰ ਜਗਮੋਹਣ ਸਿੰਘ, ਗੁਰਮੇਲ ਸਿੰਘ, ਜੰਗ ਸਿੰਘ ਭਟੇੜੀ ਨੇ ਸੰਬੋਧਨ ਕੀਤਾ।

ਕਿਸਾਨ ਯੂਨੀਅਨ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਮੰਗ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਸਮਝੌਤੇ ਬਿਜਲੀ ਪੈਦਾਵਾਰ/ਸਪਲਾਈ ਦੇ ਨਿੱਜੀਕਰਨ ਦੀ ਨੀਤੀ ਸਿਰੇ ਲਾਉਣ ਵੱਲ ਸੇਧਤ ਹਨ। ਉਨ੍ਹਾਂ ਕਿਹਾ ਕਿ ਦੋਵੇਂ ਹੱਥੀਂ ਖਜ਼ਾਨਾ ਲੁਟਾਉਣ ਵਾਲੇ ਇਹ ਸਮਝੌਤੇ ਭਾਵੇਂ ਅਕਾਲੀ-ਭਾਜਪਾ ਸਰਕਾਰ ਨੇ ਕੀਤੇ ਸਨ ਪਰ ਇਹ ਸਮਝੌਤੇ ਰੱਦ ਨਾ ਕਰਨ ਅਤੇ ਬਠਿੰਡਾ ਵਿਚ ਪਰਾਲੀ ਨਾਲ ਚੱਲਣ ਵਾਲੇ ਪ੍ਰਸਤਾਵਤ ਥਰਮਲ ਨੂੰ ਚਾਲੂ ਨਾ ਕਰਨ ਲਈ ਕਾਂਗਰਸ ਦੀ ਕੈਪਟਨ ਸਰਕਾਰ ਹੀ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਦਲੀਲ ਦਿੱਤੀ ਕਿ ਵਧੇਰੇ ਸਸਤੀ ਬਿਜਲੀ ਪੈਦਾਵਾਰ ਅਤੇ ਵਾਤਾਵਰਨ ਪ੍ਰਦੂਸ਼ਨ ਦੇ ਸਥਾਈ ਹੱਲ ਲਈ ਸੋਲਰ ਪਾਵਰ ਪਲਾਂਟ ਅਤੇ ਪਣ ਬਿਜਲੀ ਘਰ ਲਾਉਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਖਜ਼ਾਨੇ ਦਾ ਪੈਸਾ ਪਾਵਰ ਪ੍ਰਾਜੈਕਟਾਂ ਲਈ ਖਰਚਿਆ ਜਾਵੇ।

ਅਗਲੀ ਰਣਨੀਤੀ ਲਈ ਦਿੱਲੀ ’ਚ ਮੀਟਿੰਗ ਸੱਦੀ
ਜਗਮੋਹਣ ਸਿੰਘ ਦਾ ਕਹਿਣਾ ਸੀ ਕਿ ਇਹ ਸੰਕੇਤਕ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਵਾਲਾ ਪ੍ਰੋਗਰਾਮ ਸੀ ਪਰ ਅਗਲੇ ਸੰਘਰਸ਼ ਦੀ ਰੂਪ ਰੇਖਾ ਲਈ 28-29 ਫਰਵਰੀ ਨੂੰ ਦਿੱਲੀ ਵਿਚ ਮੀਟਿੰਗ ਬੁਲਾਈ ਗਈ ਹੈ, ਜੋ ਕੌਮੀ ਪੱਧਰ ਦੇ ਵਰਕਿੰਗ ਗਰੁੱਪ ਦੀ ਹੋਵੇਗੀ। ਉਸ ਵਿਚ ਲੰਮਾ ਤੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।


Comments Off on ਕਿਸਾਨਾਂ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.