ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਦਾਗ਼ੀ ਉਮੀਦਵਾਰਾਂ ਦੇ ਵੇਰਵੇ ਦੱਸਣ ਪਾਰਟੀਆਂ

Posted On February - 14 - 2020

ਅਪਰਾਧਕ ਕੇਸਾਂ ਦੇ ਵੇਰਵੇ ਵੈੱਬਸਾਈਟ ’ਤੇ ਅਪਲੋਡ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 13 ਫਰਵਰੀ
ਸੁਪਰੀਮ ਕੋਰਟ ਨੇ ਸਿਆਸਤ ਦੇ ਵਧਦੇ ਅਪਰਾਧੀਕਰਨ ’ਤੇ ਚਿੰਤਾ ਜਤਾਉਂਦਿਆਂ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਲੜਨ ਵਾਲੇ ਆਪਣੇ ਉਮੀਦਵਾਰਾਂ ਖ਼ਿਲਾਫ਼ ਬਕਾਇਆ ਪਏ ਅਪਰਾਧਕ ਕੇਸਾਂ ਦੇ ਵੇਰਵੇ ਆਪਣੀ ਵੈੱਬਸਾਈਟ ’ਤੇ ਅਪਲੋਡ ਕਰਨ।
ਸੁਪਰੀਮ ਕੋਰਟ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਬਕਾਇਆ ਪਏ ਅਪਰਾਧਕ ਕੇਸਾਂ ਵਾਲੇ ਉਮੀਦਵਾਰਾਂ ਨੂੰ ਚੁਣਨ ਦੇ ਕਾਰਨਾਂ ਨੂੰ ਵੀ ਆਪਣੀ ਵੈੱਬਸਾਈਟ ’ਤੇ ਅਪਲੋਡ ਕਰਨਾ ਪਵੇਗਾ। ਜਸਟਿਸ ਰੋਹਿੰਟਨ ਫਲੀ ਨਰੀਮਨ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਅਜਿਹੇ ਉਮੀਦਵਾਰਾਂ ਦੀ ਚੋਣ ਲਈ ਸਿਰਫ਼ ਜਿੱਤ ਦੀ ਸੰਭਾਵਨਾ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਹੈ ਅਤੇ ਇਸ ਦੇ ਜਾਇਜ਼ ਕਾਰਨ ਦੱਸਣੇ ਪੈਣਗੇ। ਸਿਖਰਲੀ ਅਦਾਲਤ ਨੇ ਇਹ ਹੁਕਮ ਇੱਜ਼ਤ ਹੱਤਕ ਦੀ ਦਾਖ਼ਲ ਕੀਤੀ ਗਈ ਅਰਜ਼ੀ ’ਤੇ ਦਿੱਤੇ ਹਨ ਜਿਸ ’ਚ ਕਿਹਾ ਗਿਆ ਸੀ ਕਿ ਸਤੰਬਰ 2018 ’ਚ ਸੁਪਰੀਮ ਕੋਰਟ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ।
ਬੈਂਚ ਨੇ ਸਿਆਸੀ ਪਾਰਟੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਇਹ ਵੇਰਵੇ ਫੇਸਬੁੱਕ ਅਤੇ ਟਵਿੱਟਰ ਜਿਹੇ ਸੋਸ਼ਲ ਮੀਡੀਆ, ਇਕ ਸਥਾਨਕ ਭਾਸ਼ਾਈ ਅਖ਼ਬਾਰ ਅਤੇ ਇਕ ਕੌਮੀ ਅਖ਼ਬਾਰ ’ਚ ਪ੍ਰਕਾਸ਼ਿਤ ਕਰਾਉਣਗੀਆਂ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ‘ਦਾਗ਼ੀ’ ਉਮੀਦਵਾਰਾਂ ਦੀ ਚੋਣ ਦੇ 72 ਘੰਟਿਆਂ ਦੇ ਅੰਦਰ ਅੰਦਰ ਚੋਣ ਕਮਿਸ਼ਨ ਕੋਲ ਇਸ ਬਾਬਤ ਪਾਲਣਾ ਰਿਪੋਰਟ ਜਮ੍ਹਾਂ ਕਰਾਉਣੀ ਪਵੇਗੀ। ਬੈਂਚ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਈ ਵੀ ਪਾਰਟੀ ਉਨ੍ਹਾਂ ਦੀਆਂ ਹਦਾਇਤਾਂ ਦਾ ਪਾਲਣ ਕਰਨ ’ਚ ਨਾਕਾਮ ਰਹਿੰਦੀ ਹੈ ਤਾਂ ਉਹ ਇਹ ਮਾਮਲਾ ਸੁਪਰੀਮ ਕੋਰਟ ਦੇ ਧਿਆਨ ’ਚ ਲਿਆਵੇ। ਬੈਂਚ ਨੇ ਹੁਕਮ ਸੁਣਾਉਂਦਿਆਂ ਕਿਹਾ ਕਿ ਪਿਛਲੀਆਂ ਚਾਰ ਆਮ ਚੋਣਾਂ ’ਚ ਸਿਆਸਤ ਦੇ ਅਪਰਾਧੀਕਰਨ ’ਚ ਬੇਤਹਾਸ਼ਾ ਵਾਧਾ ਨਜ਼ਰ ਆਉਂਦਾ ਹੈ। ਸਿਖਰਲੀ ਅਦਾਲਤ ਨੇ ਇਸ ਤੋਂ ਪਹਿਲਾਂ ਟਿੱਪਣੀ ਕੀਤੀ ਸੀ ਕਿ ਅਪਰਾਧਕ ਪਿਛੋਕੜ ਦੀ ਜਾਣਕਾਰੀ ਨਾ ਦੇਣ ਵਾਲੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ’ਤੇ ਜੁਰਮਾਨਾ ਲਗਾਉਣ ਦੇ ਮੁੱਦੇ ’ਤੇ ਵੀ ਬਹੁਤ ਸਾਵਧਾਨੀ ਨਾਲ ਵਿਚਾਰ ਕਰਨਾ ਹੋਵੇਗਾ ਕਿਉਂਕਿ ਅਕਸਰ ਵਿਰੋਧੀ ਉਮੀਦਵਾਰ ਸਿਆਸੀ ਨਜ਼ਰੀਏ ਨਾਲ ਇਕ-ਦੂਜੇ ’ਤੇ ਗੰਭੀਰ ਦੋਸ਼ ਲਗਾਉਂਦੇ ਹਨ। ਸਤੰਬਰ 2018 ’ਚ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਰਬਸੰਮਤੀ ਨਾਲ ਆਪਣੇ ਫ਼ੈਸਲੇ ’ਚ ਕਿਹਾ ਸੀ ਕਿ ਸਾਰੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਪਹਿਲਾਂ ਚੋਣ ਕਮਿਸ਼ਨ ਕੋਲ ਆਪਣੇ ਅਪਰਾਧਕ ਪਿਛੋਕੜ ਦਾ ਐਲਾਨ ਕਰਨਾ ਹੋਵੇਗਾ। ਸੁਪਰੀਮ ਕੋਰਟ ਨੇ ਇਸ ਬਿਓਰੇ ਦਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ’ਚ ਪ੍ਰਚਾਰ ਅਤੇ ਪ੍ਰਕਾਸ਼ਨ ਕਰਨ ’ਤੇ ਵੀ ਜ਼ੋਰ ਦਿੱਤਾ ਸੀ। ਉਨ੍ਹਾਂ ਸਿਆਸੀ ਅਪਰਾਧੀਕਰਨ ’ਤੇ ਰੋਕ ਲਾਉਣ ਲਈ ਗੰਭੀਰ ਅਪਰਾਧਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਸਿਆਸਤ ਤੋਂ ਵੱਖ ਰੱਖਣ ਲਈ ਢੁਕਵਾਂ ਕਾਨੂੰਨ ਬਣਾਉਣ ਦਾ ਮਸਲਾ ਸੰਸਦ ’ਤੇ ਛੱਡ ਦਿੱਤਾ ਸੀ। ਇਸ ਮਾਮਲੇ ’ਚ ਇੱਜ਼ਤ ਹੱਤਕ ਪਟੀਸ਼ਨ ’ਤੇ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਅਜਿਹੇ ਸੰਸਦ ਮੈਂਬਰਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਦਰਜ ਹੋ ਰਿਹਾ ਹੈ ਜਿਨ੍ਹਾਂ ਖ਼ਿਲਾਫ਼ ਸੰਗੀਨ ਅਪਰਾਧਕ ਕੇਸ ਬਕਾਇਆ ਪਏ ਹਨ। ਉਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਸੰਸਦ ’ਚ 43 ਫ਼ੀਸਦੀ ਸੰਸਦ ਮੈਂਬਰ ਹਨ ਜਿਨ੍ਹਾਂ ਖ਼ਿਲਾਫ਼ ਅਪਰਾਧਕ ਕੇਸ ਦਰਜ ਹਨ। ਕਮਿਸ਼ਨ ਨੇ ਭਾਜਪਾ ਆਗੂ ਅਤੇ ਅਰਜ਼ੀਕਾਰ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣ ਦੇ ਇਸ ਸੁਝਾਅ ਨਾਲ ਸਹਿਮਤੀ ਜਤਾਈ ਸੀ ਕਿ ਸਾਰੀਆਂ ਸਿਆਸੀ ਪਾਰਟੀਆਂ ਲਈ ਆਪਣੇ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਆਪਣੀ ਵੈੱਬਸਾਈਟ ’ਤੇ ਅਪਲੋਡ ਕਰਨਾ ਲਾਜ਼ਮੀ ਕੀਤਾ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਅਜਿਹੇ ਵਿਅਕਤੀ ਦੀ ਚੋਣ ਕਿਉਂ ਕੀਤੀ ਗਈ ਹੈ। ਉਂਜ ਚੋਣ ਕਮਿਸ਼ਨ ਅਪਰਾਧਕ ਪਿਛੋਕੜ ਦਾ ਐਲਾਨ ਕਰਨ ’ਚ ਨਾਕਾਮ ਰਹਿਣ ਵਾਲੇ ਉਮੀਦਵਾਰਾਂ ਅਤੇ ਪਾਰਟੀਆਂ ਨੂੰ ਸੰਵਿਧਾਨ ਦੀ ਧਾਰਾ 324 ਤਹਿਤ ਸਜ਼ਾ ਦੇਣ ਦੇ ਸੁਝਾਅ ਤੋਂ ਸਹਿਮਤ ਨਹੀਂ ਸੀ। ਕਮਿਸ਼ਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 10 ਅਕਤੂਬਰ 2018 ਨੂੰ ਫਾਰਮ 26 ’ਚ ਸੋਧ ਕਰਦਿਆਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ।

-ਪੀਟੀਆਈ

ਫ਼ੈਸਲੇ ਨਾਲ ਚੁਣਾਵੀ ਲੋਕਤੰਤਰ ਮਜ਼ਬੂਤ ਹੋਵੇਗਾ: ਭਾਜਪਾ

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ‘ਦਾਗ਼ੀ’ ਉਮੀਦਵਾਰਾਂ ਖ਼ਿਲਾਫ਼ ਦਿੱਤੇ ਗਏ ਨਿਰਦੇਸ਼ਾਂ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਚੁਣਾਵੀ ਲੋਕਤੰਤਰ ਮਜ਼ਬੂਤ ਹੋਵੇਗਾ। ਪਾਰਟੀ ਨੇ ਇਹ ਵੀ ਕਿਹਾ ਕਿ ਇਹ ਨਿਰਦੇਸ਼ ਵੋਟਰਾਂ ਨੂੰ ਵੋਟ ਦੇਣ ਸਮੇਂ ਸਾਰੇ ਕਾਰਨਾਂ ਨੂੰ ਧਿਆਨ ’ਚ ਰੱਖ ਕੇ ਪਸੰਦ ਤੈਅ ਕਰਨ ਦੇ ਸਮਰੱਥ ਬਣਾਵੇਗਾ।

-ਪੀਟੀਆਈ

ਪ੍ਰਧਾਨ ਮੰਤਰੀ ਨੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾਈਆਂ: ਕਾਂਗਰਸ

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ‘ਦਾਗ਼ੀ’ ਉਮੀਦਵਾਰਾਂ ਖ਼ਿਲਾਫ਼ ਹਦਾਇਤਾਂ ਜਾਰੀ ਕੀਤੇ ਜਾਣ ਮਗਰੋਂ ਕਾਂਗਰਸ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਰਦੇਸ਼ਾਂ ਦੀਆਂ ਪਹਿਲਾਂ ਹੀ ਧੱਜੀਆਂ ਉਡਾ ਦਿੱਤੀਆਂ ਹਨ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸਿੰਘ ਸੁਰਜੇਵਾਲਾ ਅਤੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਕਰਨਾਟਕ ’ਚ ਖਣਨ ਕੇਸ ’ਚ ਦੋਸ਼ੀ ਵਿਧਾਇਕ ਨੂੰ ਭਾਜਪਾ ਨੇ ਮੰਤਰੀ ਬਣਾਇਆ ਹੋਇਆ ਹੈ। ਸ੍ਰੀ ਸੁਰਜੇਵਾਲਾ ਨੇ ਕਿਹਾ ਕਿ ਕੀ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਖ਼ਿਲਾਫ਼ ਇੱਜ਼ਤ ਹੱਤਕ ਦਾ ਕੇਸ ਚਲਾਏਗੀ? ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਅਤੇ ਭਾਜਪਾ ‘ਬੇਲਾਰੀ ਗਰੋਹ’ ਦੀ ਪਿੱਠ ’ਤੇ ਖੜ੍ਹੀ ਹੈ। ਸ਼ੇਰਗਿੱਲ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਸਿਆਸਤ ਦੇ ਅਪਰਾਧੀਕਰਨ ਖ਼ਿਲਾਫ਼ ਜੰਗ ਦੀ ਸੁਪਰੀਮ ਕੋਰਟ ਨੇ ਵੀ ਤਸਦੀਕ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਨੰਦ ਸਿੰਘ ਨੂੰ ਕਰਨਾਟਕ ’ਚ ਮੰਤਰੀ ਬਣਾਇਆ ਹੈ ਜਦਕਿ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ 15 ਕੇਸ ਦਰਜ ਹਨ।

-ਪੀਟੀਆਈ

ਅਹਿਮ ਹਦਾਇਤਾਂ

* ‘ਦਾਗ਼ੀ’ ਉਮੀਦਵਾਰਾਂ ਨੂੰ ਚੁਣਨ ਦੇ ਕਾਰਨ ਵੀ ਦੱਸਣੇ ਪੈਣਗੇ
* ਵੇਰਵੇ ਸੋਸ਼ਲ ਮੀਡੀਆ, ਇਕ ਸਥਾਨਕ ਭਾਸ਼ਾਈ ਅਖ਼ਬਾਰ ਅਤੇ ਇਕ ਕੌਮੀ ਅਖ਼ਬਾਰ ’ਚ ਪ੍ਰਕਾਸ਼ਿਤ ਕਰਵਾਏ ਜਾਣ
* ‘ਦਾਗ਼ੀ’ ਉਮੀਦਵਾਰਾਂ ਬਾਰੇ 72 ਘੰਟਿਆਂ ਦੇ ਅੰਦਰ ਅੰਦਰ ਚੋਣ ਕਮਿਸ਼ਨ ਕੋਲ ਪਾਲਣਾ ਰਿਪੋਰਟ ਜਮ੍ਹਾਂ ਕਰਾਉਣੀ ਪਵੇਗੀ
* ਪਾਰਟੀਆਂ ਵੱਲੋਂ ਹੁਕਮ ਅਦੂਲੀ ਦੀ ਜਾਣਕਾਰੀ ਚੋਣ ਕਮਿਸ਼ਨ ਅਦਾਲਤ ਨੂੰ ਦੇਵੇਗਾ


Comments Off on ਦਾਗ਼ੀ ਉਮੀਦਵਾਰਾਂ ਦੇ ਵੇਰਵੇ ਦੱਸਣ ਪਾਰਟੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.