ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਸਾਕਾ ਨਨਕਾਣਾ ਸਾਹਿਬ

Posted On February - 19 - 2020

ਸ਼ਹੀਦੀ ਅੰਗੀਠਾ, ਿਜਸ ਵਿੱਚ ਸੁਧਾਰਕਾਂ ਦੇ ਸਰੀਰਾਂ ਦੇ ਵੱਖ-ਵੱਖ ਅੰਗ ਇਕੱਠੇ ਕਰ ਕੇ ਸਸਕਾਰ ਕੀਤਾ ਗਿਆ।

ਇਕਵਾਕ ਸਿੰਘ ਪੱਟੀ

ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਆਜ਼ਾਦ ਕਰਵਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇਂ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ। ਗੁਰਦੁਆਰੇ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ਼ ਸਬੰਧਿਤ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਅਸਥਾਨ ਨੂੰ ਗੁਰੂ ਨਾਨਕ ਦੇ ਸਿਧਾਂਤਾਂ ਨੂੰ ਪ੍ਰਚਾਰਨ ਦੇ ਕੇਂਦਰ ਵਜੋਂ ਪੇਸ਼ ਕਰ ਕੇ ਉੱਥੇ ਗੁਰ ਮਰਿਯਾਦਾ ਲਾਗੂ ਕਰਵਾਉਣਾ ਵੀ ਸੀ। ਕਿਉਂਕਿ ਸਮੇਂ ਦੇ ਮਹੰਤ ਨਰੈਣੂ (ਨਰਾਇਣ ਦਾਸ) ਨੇ ਅਤੇ ਇਸ ਤੋਂ ਪਹਿਲਾਂ ਦੇ ਰਹਿ ਚੁੱਕੇ ਮਹੰਤ ਸਾਧੂ ਰਾਮ ਅਤੇ ਕਿਸ਼ਨ ਦਾਸ ਨੇ ਨਨਕਾਣਾ ਸਾਹਿਬ ਵਿੱਚ ਮੱਸੇ ਰੰਘੜ ਵਾਲੇ ਸਮੇਂ ਦੇ ਹਾਲਾਤ ਤੋਂ ਵੀ ਬਦਤਰ ਹਾਲਾਤ ਬਣਾ ਛੱਡੇ ਸਨ। ਹੁਣ ਉੱਥੇ ਸਿਰਫ ਨਚਾਰਾਂ ਦਾ ਨਾਚ ਹੀ ਨਹੀਂ ਸੀ ਹੁੰਦਾ ਬਲਕਿ ਹੁਣ ਤਾਂ ਉਸ ਅਸਥਾਨ ਦੇ ਦਰਸ਼ਨ ਕਰਨ ਜਾਣ ਵਾਲੀਆਂ ਬੀਬੀਆਂ/ਔਰਤਾਂ ਦੀ ਇੱਜ਼ਤ ਵੀ ਮਹਿਫੂਜ਼ ਨਹੀਂ ਸੀ ਰਹੀ। ਜਦ ਸੰਨ 1918 ਵਿੱਚ ਇੱਕ ਰਿਟਾਇਰਡ ਸਿੰਧੀ ਅਫ਼ਸਰ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਨਕਾਣਾ ਸਾਹਿਬ ਨਤਮਸਤਕ ਹੋਣ ਆਇਆ ਤਾਂ ਰਾਤ ਨੂੰ ਉਸ ਦੀ 13 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਮਹੰਤ ਦੇ ਚੇਲੇ ਨੇ ਜਬਰ-ਜਨਾਹ ਕੀਤਾ। ਇਸੇ ਹੀ ਸਾਲ ਪੂਰਨਾਮਾਸ਼ੀ ਦੀ ਇੱਕ ਰਾਤ ਨੂੰ ਜ਼ਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ 6 ਬੀਬੀਆਂ, ਜੋ ਗੁਰਦੁਆਰੇ ਦੇ ਦਰਸ਼ਨ ਕਰਨ ਪੁੱਜੀਆਂ ਸਨ, ਨਾਲ ਵੀ ਮਹੰਤ ਦੇ ਚੇਲਿਆਂ ਨੇ ਉਹੀ ਹਸ਼ਰ ਕੀਤਾ ਅਤੇ ਖੇਹ ਖਾਧੀ। ਅਜਿਹੀਆਂ ਵਾਰਦਾਤਾਂ ਅਕਸਰ ਹੀ ਇੱਥੇ ਹੋਣ ਲੱਗ ਪਈਆਂ ਸਨ। ਇੱਥੋਂ ਤੱਕ ਕਿ ਜਦ ਸਿੱਖਾਂ ਨੇ ਮਹੰਤ ਦੀਆਂ ਇਹ ਕਰਤੂਤਾਂ ਅਤੇ ਮੰਦਭਾਗੀਆਂ ਘਟਨਾਵਾਂ ਵਿਰੁੱਧ ਰੋਸ ਪ੍ਰਗਟ ਕੀਤਾ ਤਾਂ ਅੱਗਿਓਂ ਮਹੰਤ ਨੇ ਐਲਾਨੀਆ ਕਹਿ ਦਿੱਤਾ ਕਿ ਇਹ ਗੁਰਦੁਆਰਾ ਉਨ੍ਹਾਂ ਦੀ ਨਿੱਜੀ ਦੁਕਾਨ ਹੈ, ਉਹ ਆਪਣੀਆਂ ਇਸਤਰੀਆਂ ਨਾ ਭੇਜਿਆ ਕਰਨ।

ਇਕਵਾਕ ਸਿੰਘ ਪੱਟੀ

ਤਦ ਨਨਕਾਣਾ ਸਾਹਿਬ ਦੇ ਪਵਿੱਤਰ ਸਥਾਨ ’ਤੇ ਐਸੇ ਕੁਕਰਮਾਂ ਨੂੰ ਬੰਦ ਕਰਵਾਉਣ ਅਤੇ ਗੁਰ ਮਰਿਯਾਦਾ ਲਾਗੂ ਕਰਵਾਉਣ ਲਈ 26 ਜਨਵਰੀ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਸ ਬਾਬਤ ਇੱਕ ਵਿਸ਼ੇਸ਼ ਗੁਰਮਤਾ ਪਾਸ ਕਰ ਕੇ ਮਿਤੀ 4, 5, 6 ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਕੌਮ ਦਾ ਭਾਰੀ ਇਕੱਠ ਸੱਦਣ ਬਾਰੇ ਵਿਚਾਰ-ਚਰਚਾ ਕੀਤੀ ਗਈ ਤਾਂ ਕਿ ਉਸ ਸਮੇਂ ਸਮੁੱਚੇ ਪੰਥਕ ਰੂਪ ਵਿੱਚ ਮਿਲ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਮਹੰਤ ਨਰਾਇਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਅਤੇ ਮਹੰਤ ਨੂੰ ਸੁਧਰਨ ਲਈ ਕਿਹਾ ਜਾਵੇ। ਇਸ ਨੇ ਪ੍ਰਬੰਧ ਸੰਭਾਲਣ ਵੇਲੇ ਇਹ ਗੱਲ ਮੰਨੀ ਸੀ ਕਿ ਪਹਿਲੇ ਮਹੰਤਾਂ ਦੀ ਤਰ੍ਹਾਂ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾੲਤਿ ਨਹੀਂ ਆਵੇਗੀ।
ਹੋਣ ਵਾਲੇ ਇਸ ਪੰਥਕ ਇਕੱਠ ਦੀ ਸੂਹ ਮਹੰਤ ਨਰੈਣੂ ਨੂੰ ਲੱਗ ਗਈ ਤਾਂ ਉਸ ਨੇ ਵਿਓਂਤ ਘੜ ਲਈ ਕਿ ਉਸ ਸਮੇਂ ਸਿੱਖਾਂ ਦੇ ਉਸ ਭਾਰੀ ਇਕੱਠ ’ਤੇ ਹਮਲਾ ਕਰ ਕੇ ਸਭ ਗੁਰਮਤ ਸੁਧਾਰਕਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਇਸ ਲਈ ਉਸ ਨੇ ਵੱਡੀ ਗਿਣਤੀ ਵਿੱਚ ਗੁਰਦੁਆਰੇ ਦੀ ਹਦੂਦ ’ਚ ਗੋਲੀ, ਸਿੱਕਾ, ਟਕੂਏ, ਪਿਸਤੌਲਾਂ, ਬੰਦੂਕ, ਮਿੱਟੀ ਦੇ ਤੇਲ ਦੇ ਪੀਪਿਆਂ ਤੇ ਲੱਕੜਾਂ ਦਾ ਜ਼ਖੀਰਾ ਇਕੱਠਾ ਕਰ ਲਿਆ ਤਾਂ ਕਿ ਉੱਠ ਰਹੀ ਗੁਰਦੁਆਰਾ ਸੁਧਾਰ ਲਹਿਰ ਦੇ ਮੁਖੀਆਂ ਸਮੇਤ ਹਾਜ਼ਰ ਸਾਰੇ ਸਿੱਖਾਂ ਦਾ ਖੁਰਾ ਖੋਜ ਉਸ ਦਿਨ ਹੋਣ ਵਾਲੀ ਇੱਤਰਤਾ ਮੌਕੇ ਮਿਟਾਇਆ ਜਾ ਸਕੇ। ਮਹੰਤ ਨਰੈਣੂ ਦੇ ਇਸ ਕਾਰੇ ਦੀ ਸੂਹ ਗੁਰਸਿੱਖਾਂ ਕੋਲ ਪੁੱਜੀ ਤਾਂ ਉਨ੍ਹਾਂ ਨੇ 17 ਫਰਵਰੀ 1921 ਨੂੰ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕਰ ਦਿੱਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਆਜ਼ਾਦੀ ਲਈ ਚਾਲੇ ਪਾ ਦੇਣਗੇ। ਕਿਉਂਕਿ ਮਹੰਤ ਵਿਰੁੱਧ ਤੇ ਗੁਰਦੁਆਰਾ ਆਜ਼ਾਦ ਕਰਵਾਉਣ ਲਈ ਸੰਗਤ ’ਚ ਪਹਿਲਾਂ ਹੀ ਜੋਸ਼ ਠਾਠਾਂ ਮਾਰ ਰਿਹਾ ਸੀ ਤੇ ਮਹੰਤ ਦੀ ਸਿੱਖਾਂ ’ਤੇ ਹਮਲਾ ਕਰਨ ਦੀ ਬਦਨੀਤੀ ਨੇ ਸਿੱਖਾਂ ਵਿਚਲੇ ਰੋਹ ਨੂੰ ਭਾਂਬੜ ਦਾ ਰੂਪ ਦੇ ਦਿੱਤਾ।
ਮਿੱਥੀ ਮਿਤੀ ਤੇ ਅਰਦਾਸਾ ਸੋਧ ਕੇ ਗੁਰੂ ਦੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਗੁਰੂ ਦੀ ਸਿੱਖਿਆ ‘ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ॥’ ਅਤੇ ‘ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥’ ਦੇ ਮਾਹਾਂਵਾਕਾਂ ਨੂੰ ਮੰਨਦਿਆਂ ਗੁਰਧਾਮਾਂ ਦੀ ਆਜ਼ਾਦੀ ਲਈ ਅਤੇ ਗੁਰੂ ਅਸਥਾਨ ਦੀ ਬੇਅਦਬੀ ਰੋੋਕਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਰਸਤੇ ਵਿੱਚ ਪੰਥਕ ਲੀਡਰਾਂ ਦੇ ਕਹੇ ’ਤੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕਣ ਲਈ ਉਪਰਾਲਾ ਕੀਤਾ ਗਿਆ ਤਾਂ ਕਿ ਮਾਹੌਲ ਨਾ ਵਿਗੜੇ ਪਰ ਸਿੱਖਾਂ ਨੇ ਇੱਕੋ ਗੱਲ ਕਹੀ, ‘‘ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰ ਕੇ ਤੁਰੇ ਹਾਂ, ਅਕਾਲ ਪੁਰਖ ਆਪ ਸਹਾਈ ਹੋਵੇਗਾ ਅਤੇ ਸਾਡੀ ਜਿੱਤ ਨਿਸਚਿਤ ਹੈ। ਅਸੀਂ ਅੱਗੇ ਹੋ ਕੇ ਮਰ ਜਾਵਾਂਗੇ ਪਰ ਹੁਣ ਪਿੱਛੇ ਨਹੀਂ ਹਟਾਂਗੇ। ਜਾਂ ਨਾਨਕ ਦਾ ਨਨਕਾਣਾ ਆਜ਼ਾਦ ਕਰਵਾਵਾਂਗੇ ਜਾਂ ਫਿਰ ਸ਼ਹੀਦ ਹੋਵਾਂਗੇ।’’ ਇਸ ਤਰ੍ਹਾਂ ਭਾਈ ਲਛਮਣ ਸਿੰਘ ਦਾ ਜਥਾ ਸ਼ਬਦ ਪੜ੍ਹਦਾ ਹੋਇਆ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆ। ਮਹੰਤ ਨੇ ਬਾਹਰਲੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਂਤਮਈ ਸਿੰਘਾਂ ’ਤੇ ਮੀਂਹ ਦੀ ਤਰ੍ਹਾਂ ਗੋਲੀਆਂ ਦੀ ਬੁਛਾੜ ਕਰ ਦਿੱਤੀ। ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਭਾਈ ਲੱਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋਂ ਬਾਅਦ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ। ਪਾਵਣ ਸਰੂਪ ’ਤੇ ਵੀ ਕਈ ਗੋਲੀਆਂ ਲੱਗੀਆਂ। ਇਹ ਜ਼ੁਲਮ ਦੀ ਇੰਤਹਾ ਸੀ। ਇਸੇ ਜਦ ਤਰ੍ਹਾਂ ਭਾਈ ਦਲੀਪ ਸਿੰਘ ਗੁਰਦੁਆਰੇ ਦਾਖਲ ਹੋਏ ਤਾਂ ਉਨ੍ਹਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਕਿਹਾ ਜਾਂਦਾ ਹੈ ਕਿ ਦੋ ਸਾਲ ਦਾ ਇੱਕ ਸਿੱਖ ਬੱਚਾ, ਜੋ ਇੱਕ ਅਲਮਾਰੀ ਵਿੱਚ ਬੰਦ ਸੀ, ਨੂੰ ਵੀ ਬਾਹਰ ਕੱਢ ਕੇ ਬਲਦੀ ਅੱਗ ’ਚ ਸੁੱਟ ਕੇ ਸ਼ਹੀਦ ਕੀਤਾ ਗਿਆ, ਜੋ ਜਰਗ (ਲੁਧਿਆਣਾ) ਨਿਵਾਸੀ ਸ਼ਹੀਦ ਕੇਹਰ ਸਿੰਘ ਦਾ ਪੁੱਤਰ ਸੀ ਅਤੇ ਆਪਣੇ ਪਿਤਾ ਨਾਲ ਇਸ ਸ਼ਹੀਦੀ ਜਥੇ ਵਿੱਚ ਸ਼ਾਮਿਲ ਸੀ।
ਗੁਰਦੁਆਰਾ ਨਨਕਾਣਾ ਸਾਹਿਬ ਦੇ ਸਾਕੇ ਦੀ ਇਹ ਖ਼ਬਰ ਜੰਗਲ ਦੀ ਅੱੱਗ ਵਾਂਗ ਫੈਲ ਗਈ ਅਤੇ ਸਿੱਖਾਂ ਦੀ ਵੱਡੀ ਗਿਣਤੀ ਗੁਰਦੁਆਰੇ ਇਕੱਠੀ ਹੋਣੀ ਸ਼ੁਰੂ ਹੋ ਗਈ। ਇਸ ਤਰ੍ਹਾਂ 23 ਫਰਵਰੀ ਨੂੰ ਸ਼ਹੀਦ ਸਿੰਘਾਂ ਦਾ ਸਸਕਾਰ ਕੀਤਾ ਗਿਆ ਅਤੇ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੌਪੀਆਂ ਅਤੇ ਮੌਕੇ ’ਤੇ ਫਰਾਰ ਹੋਏ ਮਹੰਤ ਨੂੰ ਵੀ ਸਖ਼ਤ ਸਜ਼ਾ ਦਿੱਤੀ ਗਈ। ਇਸ ਤਰ੍ਹਾਂ ਸ਼ਹਾਦਤਾਂ ਤੋਂ ਬਾਅਦ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ।

ਸੰਤ ਸੂਰਜ ਸਿੰਘ ਪ੍ਰਚਾਰਕ ਦੀ ਪੁਸਤਕ ‘ਜਾਗ੍ਰਤ ਖਾਲਸਾ’ ਵਿੱਚ ਗੁਰਦੁਆਰਾ ਜਨਮ ਅਸਥਾਨ ਦੇ ਮਹੰਤ ਬਾਰੇ ਲਿਖੀ ਗਈ ਪਉੜੀ:

ਹੋ ਮਹੰਤ ਗੁਰ ਧਾਮ ਦੇ ਕੀ ਕਿਰਤ ਕਮਾਈ
ਇਕ ਡੂੰਮਨੀ ਓਸ ਨੇ ਘਰ ਵਿਸ ਵਸਾਈ
ਵਿਸ਼ੇ ਪਰਾਇਨ ਹੋ ਰਿਹਾ ਸਭ ਬੁਧ ਨਸਾਈ
ਪੁੱਤਰ ਧੀਆਂ ਓਸ ਤੋਂ ਬੈਠਾ ਉਪਜਾਈ
ਨਾਮ ਉਨ੍ਹਾਂ ਦੇ ਲਾਂਵਦਾ ਸੀ ਵਿਰਸਾ ਭਾਈ
ਲਾਜ ਨਾ ਸਾਧੂ ਭੇਖ ਦੀ ਭੈੜੇ ਨੂੰ ਆਈ
ਪੀਏ ਸ਼ਰਾਬ ਨਿਤ ਹੀ ਬਣ ਰਿਹਾ ਸ਼ੁਦਾਈ
ਚੋਰ ਉਚੱਕੇ ਧਾੜਵੀ, ਬਹੁ ਪਾਸ ਬੁਲਾਈ
ਦੇਖ ਦੇਖ ਰਹੇ, ਸਿੰਘ ਦੁਖਾਈ।

ਭਾਈ ਕਰਤਾਰ ਸਿੰਘ ਜੀ ਗਿਆਨੀ ਵੱਲੋਂ ਪੁਸਤਕ ‘ਖੂਨਿ ਸ਼ਹੀਦਾਂ’ ਸ਼ਹੀਦਾਂ ਵਿੱਚ ਦਰਸਾਇਆ ਗਿਆ ਭਾਈ ਲਛਮਣ ਸਿੰਘ ਦਾ ਹਾਲ:
ਲਛਮਣ ਸਿੰਘ ਨੂੰ ਫੜ ਮਹੰਤ ਲਿਆ ਹੱਥ ਛਵ੍ਹੀ ਤੇ ਰੂਪ ਕਸਾਈ ਵੀਰੋ
ਕਹਿੰਦਾ ਤੂੰ ਆਯਾ ਗੱਦੀ ਲੈਣ ਮੇਰੀ ਤੈਨੂੰ ਦੇਂਦਾ ਹਾਂ ਗੱਜ ਸੁਨਾਈ ਵੀਰੋ
ਦਿੱਤੇ ਹੁਕਮ ਇਹਦੇ ਹੱਥ ਕੱਟ ਦੇਵੋ ਤੇਜਾਬ ਦੀ ਬੋਦਲ ਮੰਗਾਈ ਵੀਰੋ
ਧਾਰ ਬੰਨ੍ਹ ਕੇ ਸਿਰ ’ਤੇ ਪਾ ਦਿੱਤੀ ਦਿਹ ਹੋ ਬੇ ਦਰਦ ਜਲਾਈ ਵੀਰੋ
ਓਹਦੀ ਇੰਦਰੀ ਫੇਰ ਕਟਾਇ ਕਰਦੇ ਓਹਦੇ ਮੂੰਹ ਦੇ ਵਿੱਚ ਦਿਵਾਈ ਵੀਰੋ
ਧੂਹ ਕੇਸਾਂ ਤੋਂ ਜੰਡ ਦੇ ਪਾਸ ਖੜਯਾ ਬੰਨ੍ਹ , ਸਿੰਘ ਦੀ ਦਿਹ ਲਟਕਾਈ ਵੀਰੋ
ਉੱਤੇ ਮਿੱਟੀ ਦਾ ਤੇਲ ਪਵਾਇ ਦਿੱਤਾ ਅੱਗ ਆਪ ਨਰੈਣੇ ਨੇ ਲਾਈ ਵੀਰੋ
ਮੇਰੀ ਕਲਮ ਹੈ ਲਿਖਦੀ ਰੋ ਪਈ ਤੇ ਹਨੇਰੀ ਅੱਖਾਂ ਅੱਗੇ ਛਾਈ ਵੀਰੋ
ਜੀਉਂਦੇ ਜੀਵ ਨੂੰ ਪਾਪੀ ਨੇ ਅੱਗ ਲਾਈ ਡਾਢੀ ਭਾਰੀ ਤਕਲੀਫ ਪੁਚਾਈ ਵੀਰੋ
ਜਿਹੜਾ ਕੰਮ ਮਹੰਤ ਨੇ ਸ਼ੁਰੂ ਕੀਤਾ ਕਰ ਸੱਕਦਾ ਨਹੀਂ ਕਸਾਈ ਵੀਰੋ
ਲੱਗੀ ਜੀਉਂਦੇ ਜਿਸਮ ਨੂੰ ਅੱਗ ਜਦੋਂ ਕਿੱਡੀ ਹੋਊ ਤਕਲੀਫ ਉਠਾਈ ਵੀਰੋ
ਦੇਖ ਸਾਧ ਦਾ ਕੰਮ ਕਰਤਾਰ ਸਿੰਘਾ ਘੈਰ ਵਿੱਚ ਅਕਾਸ਼ ਦੇ ਛਾਈ ਵੀਰੋ

ਸੰਪਰਕ: 98150-24920


Comments Off on ਸਾਕਾ ਨਨਕਾਣਾ ਸਾਹਿਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.