ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ: ਜਥੇਦਾਰ

Posted On March - 26 - 2020

ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਮਾਰਚ
ਅਫ਼ਗਾਨਿਸਤਾਨ ਦੇ ਗੁਰਦੁਆਰੇ ਵਿਚ ਹੋਏ ਅਤਿਵਾਦੀ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਹੋਰਨਾਂ ਨੇ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਵੇਲੇ ਜਦੋਂ ਸਮੁੱਚਾ ਵਿਸ਼ਵ ਕਰੋਨਾਵਾਇਰਸ ਨਾਲ ਜੂਝ ਰਿਹਾ ਹੈ, ਉਸ ਵੇਲੇ ਅਫ਼ਗਾਨਿਸਤਾਨ ਦੇ ਗੁਰਧਾਮ ਵਿਚ ਸਿੱਖਾਂ ’ਤੇ ਕੀਤਾ ਗਿਆ ਹਮਲਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਵੇਰ ਵੇਲੇ ਗੁਰਦੁਆਰੇ ਵਿਚ ਸਿੱਖ ਸੰਗਤ ਰੋਜ਼ਾਨਾ ਦੀ ਅਰਦਾਸ ਲਈ ਇਕੱਠੀ ਹੋਈ ਸੀ, ਜਿਨ੍ਹਾਂ ’ਤੇ ਹਮਲਾਵਰਾਂ ਨੇ ਪਹਿਲਾਂ ਗੋਲੀਆਂ ਚਲਾਈਆਂ ਤੇ ਮਗਰੋਂ ਬੰਬ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਲਗਪਗ 23 ਸਿੱਖ ਮਾਰੇ ਗਏ ਹਨ, ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕਰੇ ਅਤੇ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਨੇ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਨੂੰ ਵੀ ਆਖਿਆ ਕਿ ਉਹ ਆਪਣੇ ਦੇਸ਼ ਦੀ ਸਰਕਾਰ ਨਾਲ ਗੱਲਬਾਤ ਕਰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਪੀਲ ਕਰਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਦੇ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰੇ।
ਦਿੱਲੀ ਅਕਾਲੀ ਦਲ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਅਤਿਵਾਦੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਤਤਪਰ ਰਿਹਾ ਹੈ। ਸਿੱਖ ਗੁਰਧਾਮ ’ਤੇ ਅਜਿਹਾ ਹਮਲਾ ਕਾਇਰਤਾ ਦੀ ਨਿਸ਼ਾਨੀ ਹੈ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਅਪੀਲ ਕੀਤੀ ਹੈ ਕਿ ਅਜਿਹੀ ਹਿੰਸਕ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਜਾਵੇ।

ਕਾਬੁਲ ਦੇ ਗੁਰਦੁਆਰੇ ’ਤੇ ਹਮਲਾ ਮੰਦਭਾਗਾ: ਢੀਂਡਸਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ ਦੇ ਸ਼ੋਰ ਬਾਜ਼ਾਰ ਵਿਚ ਗੁਰਦੁਆਰੇ ਵਿਖੇ ਅਤਿਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਾਰੀ ਸਿੱਖ ਕੌਮ ਕਾਬੁਲ ਦੇ ਸਿੱਖਾਂ ਦੇ ਨਾਲ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਕਾਬੁਲ ਵਿਚ ਰਹਿ ਰਹੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰ ਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਬੰਦੀ ਬਣਾਏ ਗਏ ਸਿੱਖਾਂ ਨੂੰ ਜਲਦੀ ਰਿਹਾਅ ਕਰਵਾਇਆ ਜਾਵੇ।

 


Comments Off on ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ: ਜਥੇਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.