ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਅਕਤੂਬਰ
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦਾ ਮੁਹਾਲੀ ਵਿੱਚ ਲੜੀਵਾਰ ਧਰਨਾ ਅੱਜ 8ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਜਦੋਂਕਿ ਇਕ ਮੁਟਿਆਰ ਸਮੇਤ ਚਾਰ ਬੇਰੁਜ਼ਗਾਰ ਅਧਿਆਪਕ ਇਨਸਾਫ਼ ਪ੍ਰਾਪਤੀ ਲਈ ਸੋਹਾਣਾ ਵਿੱਚ ਪਾਣੀ ਦੀ ਟੈਂਕੀ ਉੱਤੇ ਡਟੇ ਹੋਏ ਹਨ ਜਦੋਂਕਿ ਉਨ੍ਹਾਂ ਦੇ ਬਾਕੀ ਸਾਥੀ ਟੈਂਕੀ ਦੇ ਥੱਲੇ ਧਰਨੇ ’ਤੇ ਬੈਠੇ ਹਨ। ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਬੀਤੇ ਦਿਨੀਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੀ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਗੁਰਲਾਭ ਸਿੰਘ ਭੋਲਾ, ਕ੍ਰਿਸ਼ਨ ਸਿੰਘ ਨਾਭਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਕਿਹਾ ਕਿ ਉਹ ਸਾਲ 2011 ਤੋਂ ਸਮੇਂ ਸਮੇਂ ਸਿਰ ਧਰਨੇ ਦਿੰਦੇ ਆ ਰਹੇ ਹਨ ਅਤੇ ਪਿਛਲੇ ਅੱਠ ਦਿਨ ਤੋਂ ਸੋਹਾਣਾ ਵਿੱਚ ਪਾਣੀ ਦੀ ਟੈਂਕੀ ’ਤੇ ਡਟੇ ਹੋਏ ਹਨ ਪਰ ਹੁਕਮਰਾਨ ਜਾਂ ਉੱਚ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਆਇਆ।
ਪੱਕੇ ਕਰਨ ਦੀ ਮੰਗ ਸਬੰਧੀ ਅਧਿਆਪਕ ਟੈਂਕੀ ’ਤੇ ਚੜ੍ਹੇ
ਖਰੜ (ਪੱਤਰ ਪ੍ਰੇਰਕ): ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦੋ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਦੇਸੂਮਾਜਰਾ ਟੈਂਕੀ ’ਤੇ ਅੱਜ ਸਵੇਰੇ ਚਾਰ ਵਜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ। ਜਦੋਂ ਖਰੜ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲੱਗਾ ਤਾਂ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਟੈਂਕੀ ਤੋਂ ਹੇਠਾਂ ਆਉਣ ਲਈ ਅਪੀਲ ਕੀਤੀ ਗਈ ਤੇ ਭਰੋਸਾ ਦਿੱਤਾ ਗਿਆ ਕਿ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਮਾਮਲਾ ਹੱਲ ਕੀਤਾ ਜਾਵੇਗਾ। ਇਸ ਦੇ ਜਵਾਬ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਬੇਰੁਜ਼ਗਾਰੀ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਧਿਆਪਕ ਟੈਂਕੀ ਉੱਪਰ ਚੜ੍ਹੇ ਰਹਿਣਗੇ। ਯੂਨੀਅਨ ਦੇ ਪ੍ਰੈਸ ਸਕੱਤਰ ਦੀਪ ਬਨਾਰਸੀ ਨੇ ਦੱਸਿਆ ਕਿ ਟੈਂਕੀ ਉਤੇ ਅਮਨ ਅਤੇ ਪਰਮ ਚੜ੍ਹੇ ਹਨ। ਉਨ੍ਹਾਂ ਦੱਸਿਆ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਸਿਰੇ ਨਹੀਂ ਲੱਗ ਸਕੀ ਹੈ।