ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਅਕਤੂਬਰ
ਕੌਮੀ ਰਾਜਧਾਨੀ ਦਿੱਲੀ ਵਿੱਚ ਗੱਡੀਆਂ ਦੇ ਧੂੰਏਂ ਤੋਂ ਪ੍ਰਦੂਸ਼ਣ ਦੀ ਮਿਕਦਾਰ ਘਟਾਉਣ ਲਈ ਟਰਾਂਸਪੋਰਟ ਮਹਿਕਮੇ ਨੇ ਦਿੱਲੀ ਦੇ ਪੈਟਰੋਲ ਪੰਪਾਂ ’ਤੇ ਪ੍ਰਦੂਸ਼ਣ ਕੰਟਰੋਲ ਪ੍ਰਮਾਣ ਪੱਤਰ ਜਾਂਚਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਤਹਿਮ ਜਿਸ ਕੋਲ ਪ੍ਰਦੂਸ਼ਣ ਪ੍ਰਮਾਣ ਪੱਤਰ ਨਹੀਂ ਹੈ ਉਸ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ। ਮੁਹਿੰਮ ਲਈ ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ 500 ਇਨਫੋਰਸਮੈਂਟ ਟੀਮਾਂ ਤਿਆਰ ਕੀਤੀਆਂ ਹਨ ਜੋ ਸਟੇਸ਼ਨਾਂ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਪੈਟਰੋਲ ਪੰਪ ‘ਤੇ 4 ਮੈਂਬਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਇਹ ਪਹਿਲੀ ਵਾਰ ਹੈ ਕਿ ਕਿਸੇ ਪੈਟਰੋਲ ਪੰਪ ‘ਤੇ ਪੀਯੂਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇਗੀ। ਜੇ ਕਿਸੇ ਵਾਹਨ ਦੇ ਪ੍ਰਦੂਸ਼ਣ ਸਰਟੀਫਿਕੇਟ ਦੀ ਵੈਧਤਾ ਖਤਮ ਹੋ ਜਾਂਦੀ ਹੈ ਤਾਂ ਉਸ ਦੀ ਸਾਰੀ ਜਾਣਕਾਰੀ ਇੱਕ ਡਾਇਰੀ ਵਿੱਚ ਨੋਟ ਕੀਤੀ ਜਾਂਦੀ ਹੈ। ਟਰਾਂਸਪੋਰਟ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਟੀਮ ਨੇ 7 ਅਕਤੂਬਰ ਤੋਂ 17 ਅਕਤੂਬਰ ਤੱਕ 62,176 ਵਾਹਨਾਂ ਦੀ ਜਾਂਚ ਕੀਤੀ ਤੇ ਪੀਯੂਸੀ ਸਰਟੀਫਿਕੇਟ ਤੋਂ ਬਿਨਾਂ ਗੱਡੀ ਚਲਾਉਣ ਲਈ 4,066 ਵਾਹਨਾਂ ਨੂੰ ਜੁਰਮਾਨਾ ਕੀਤਾ ਗਿਆ। ਇਸ ਦੇ ਨਾਲ ਹੀ 39 ਵਾਹਨਾਂ ਦੇ ਚਲਾਨ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਰਾਜਧਾਨੀ ਵਿੱਚ ਦਿੱਲੀ ਸਰਕਾਰ ਵੱਲੋਂ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।