ਸੰਤੋਖ ਗਿੱਲ
ਗੁਰੂਸਰ ਸੁਧਾਰ, 18 ਅਕਤੂਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਦੇ ਨੇੜੇ ਹੀ ਲੁਧਿਆਣਾ-ਹਿਸਾਰ ਰੇਲ ਮਾਰਗ ਉੱਪਰ ਧਰਨਾ ਮਾਰ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਠੀਕ 10 ਵਜੇ ਕਿਸਾਨਾਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ। ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਮੌਤ ਦੇ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਅਹੁਦੇ ਤੋਂ ਬਰਖ਼ਾਸਤਗੀ ਅਤੇ ਤੁਰੰਤ ਗ੍ਰਿਫ਼ਤਾਰੀ ਤੋਂ ਇਲਾਵਾ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਸਭ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਦਿਨ ਭਰ ਰੇਲਾਂ ਦਾ ਚੱਕਾ ਜਾਮ ਰੱਖਿਆ। ਪੱਕੇ ਮੋਰਚੇ ’ਤੇ ਡਟੇ ਕਿਸਾਨਾਂ ਵੱਲੋਂ ਅਚਾਨਕ ਮਾਲ ਗੱਡੀ ਰੋਕੇ ਜਾਣ ਕਾਰਨ ਪੱਖੋਵਾਲ-ਡੇਹਲੋਂ ਸੜਕ ਆਵਾਜਾਈ ਵੀ ਕੁਝ ਅਰਸੇ ਲਈ ਠੱਪ ਹੋ ਗਈ ਤਾਂ ਥਾਣਾ ਡੇਹਲੋਂ ਦੇ ਪੁਲੀਸ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਇਸ ਗੱਲ ਲਈ ਰਾਜ਼ੀ ਕਰ ਲਿਆ ਕਿ ਰੇਲ ਨੂੰ ਸਟੇਸ਼ਨ ਤੱਕ ਜਾਣ ਦੀ ਆਗਿਆ ਦੇ ਦਿੱਤੀ ਜਾਵੇ ਤਾਂ ਜੋ ਸੜਕ ਆਵਾਜਾਈ ਵਿਚ ਰੁਕਾਵਟ ਨਾ ਪਵੇ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ ਨੇ ਵੀ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ।
ਮੁੱਲਾਂਪੁਰ: ਲੁਧਿਆਣਾ-ਫ਼ਿਰੋਜ਼ਪੁਰ ਰੇਲ ਮਾਰਗ ਉੱਪਰ ਮੁੱਲਾਂਪੁਰ ਰੇਲਵੇ ਸਟੇਸ਼ਨ ਉੱਪਰ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਸੁਖਵਿੰਦਰ ਸਿੰਘ ਹੰਬੜਾਂ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਸਤਨਾਮ ਸਿੰਘ ਵੜੈਚ ਨੇ ਇਸ ਮੌਕੇ ਸੰਬੋਧਨ ਕੀਤਾ। ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਥਾਣਾ ਦਾਖਾ ਦੇ ਮੁਖੀ ਹਰਸ਼ਪ੍ਰੀਤ ਸਿੰਘ ਪੁਲੀਸ ਪਾਰਟੀ ਸਮੇਤ ਮੁੱਲਾਂਪੁਰ ਸਟੇਸ਼ਨ ’ਤੇ ਤਾਇਨਾਤ ਰਹੇ ਜਦਕਿ ਡੇਹਲੋਂ ਪੁਲੀਸ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।