ਜ਼ੀਰਕਪੁਰ: ਇੱਥੇ ਇਕ 19 ਸਾਲਾਂ ਦੀ ਲੜਕੀ ਆਪਣੇ ਘਰ ’ਚੋਂ ਅੱਠ ਲੱਖ ਰੁਪਏ ਚੋਰੀ ਕਰ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਜ਼ੀਰਕਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ 19 ਸਾਲਾ ਧੀ ਚੰਡੀਗੜ੍ਹ ਦੇ ਇਕ ਕਾਲਜ ਵਿੱਚ ਪੜ੍ਹਾਈ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਧੀ ਰੋਜ਼ਾਨਾ ਵਾਂਗ ਸਵੇਰੇ ਕਾਲਜ ਗਈ ਸੀ ਪਰ ਵਾਪਸ ਨਹੀਂ ਆਈ। ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਘਰ ਵਿੱਚ ਪਏ 10 ਲੱਖ ਰੁਪਏ ਵਿੱਚੋਂ ਅੱਠ ਲੱਖ ਰੁਪਏ ਗਾਇਬ ਸਨ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੀ ਧੀ ਨੂੰ ਪਿੰਡ ਭੋਲੇਵਾਲ, ਤਹਿਸੀਲ ਬਲਾਚੌਰ, ਨਵਾਂ ਸ਼ਹਿਰ ਦਾ ਰਹਿਣ ਵਾਲਾ ਇਕ ਨੌਜਵਾਨ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਪੁਲੀਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਉਸ ਦੀ ਧੀ ਅਤੇ ਉਕਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ