ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਕਤੂਬਰ
ਦਿੱਲੀ ਸਰਕਾਰ ਨੇ ਈ-ਆਟੋ ਪਰਮਿਟਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਔਰਤਾਂ ਲਈ 33 ਫ਼ੀਸਦ ਕੋਟਾ ਰਾਖਵਾਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੌਮੀ ਰਾਜਧਾਨੀ ਵਿੱਚ ਮੱਧ ਤੇ ਗ਼ਰੀਬ ਤਬਕੇ ਦੀਆਂ ਔਰਤਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਅਜਿਹਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਔਰਤਾਂ ਲਈ 1,406 ਸਮੇਤ 4,261 ਈ-ਆਟੋ ਪਰਮਿਟ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਈ ਯੋਗ ਲੋਕ ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੀ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ। ਸ੍ਰੀ ਗਹਿਲੋਤ ਨੇ ਇੱਕ ਟਵੀਟ ਵਿੱਚ ਕਿਹਾ ਕਿ ਈ-ਆਟੋ ਪਰਮਿਟ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਨੂੰ ਇਲੈਕਟ੍ਰਿਕ ਵਾਹਨ (ਈਵੀ) ਦੀ ਰਾਜਧਾਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਪ੍ਰਭਾਵਸ਼ਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਨੂੰ ਪ੍ਰਦੂਸ਼ਣ ਰਹਿਤ, ਵਿਸ਼ਵ ਪੱਧਰੀ ਆਵਾਜਾਈ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਆਪਣੀ ਈਵੀ ਨੀਤੀ ਦੇ ਤਹਿਤ ਈ-ਆਟੋ ਦੀ ਖਰੀਦ ‘ਤੇ 30,000 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਦੀ ਹੈ।