ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਮਾਰਚ
ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਕੇ ਵਿਧਾਇਕ ਬਣੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗਨੀਵ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਸ਼ੁਕਰਾਨੇ ਵਜੋਂ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਨਾਜਾਇਜ਼ ਤੇ ਝੂਠੇ ਕੇਸ ਵਿਚ ਫਸਾਇਆ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਉਨ੍ਹਾਂ ਕੀਰਤਨ ਸੁਣਿਆ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਚ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਉਨ੍ਹਾਂ ਅਕਾਲ ਤਖ਼ਤ ਵਿਖੇ ਵੀ ਮੱਥਾ ਟੇਕਿਆ। ਸੂਚਨਾ ਕੇਂਦਰ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਗੁਰੂ ਘਰ ਵਿਚ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਆਏ ਸਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਬਲ ਬਖਸ਼ਣ ਤਾਂ ਜੋ ਉਹ ਮਜੀਠਾ ਵਾਸੀਆਂ ਦੀ ਸੇਵਾ ਕਰ ਸਕਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਹਲਕੇ ਅਤੇ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਜਲਦੀ ਹੀ ਰਿਹਾਅ ਹੋ ਕੇ ਬਾਹਰ ਆਉਣਗੇ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਸ਼ਿਆਂ ਦੇ ਮਾਮਲੇ ਸਬੰਧੀ ਕੇਸ ਵਿਚ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੇ ਹਲਕਾ ਪੂਰਬੀ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜਨ ਵੇਲੇ ਮਜੀਠਾ ਤੋਂ ਅਕਾਲੀ ਉਮੀਦਵਾਰ ਵਜੋਂ ਉਮੀਦਵਾਰੀ ਛੱਡ ਦਿੱਤੀ ਸੀ ਅਤੇ ਉਨ੍ਹਾਂ ਦੇ ਬਦਲੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਸੀ।