ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਕਰਵਾਏ ਸਮਾਗਮ ਵਿੱਚ ਸ਼ਿਕਰਤ ਕੀਤੀ
ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਲਈ ਦਿੱਤੇ ਜਾਣਗੇ ਇਕ ਕਰੋੜ ਰੁਪਏ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 17 ਅਕਤੂਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਹ ਇਥੋਂ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੱਦੇਨਜ਼ਰ ਰਾਜ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ। ਅਗਲੇ ਕੁੱਝ ਦਿਨਾਂ ਵਿਚ ਉਨ੍ਹਾਂ ਨੇ ਹੁਸ਼ਿਆਰਪੁਰ ਨੂੰ 10 ਕਰੋੜ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਬਾਇਓਡਾਇਵਰਸਿਟੀ ਅਤੇ ਸਪੋਰਟਸ ਪਾਰਕ ਬਣਾਇਆ ਜਾਵੇਗਾ ਤਾਂ ਜੋ ਖੇਤਰ ਵਿਚ ਬਨਸਪਤੀ ਅਤੇ ਜੀਵਾਂ ਨੂੰ ਹੋਰ ਸੁਰੱਖਿਅਤ ਕੀਤਾ ਜਾ ਸਕੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਪਾਰਕ ਅਤੇ ਉਸਾਰੇ ਜਾਣ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਜਲਦੀ ਹੀ ਰੱਖਿਆ ਜਾਵੇਗਾ ਅਤੇ ਇਸ ਮੈਡੀਕਲ ਕਾਲਜ ਦੀਆਂ ਕਲਾਸਾਂ ਅਗਲੇ ਵਿਦਿਅਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਵਕੀਲਾਂ ਦੇ ਚੈਂਬਰਾਂ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇ ਫੰਡ ਦੇਣ ਦਾ ਵੀ ਐਲਾਨ ਕੀਤਾ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਲਈ 2 ਕਿਲੋਵਾਟ ਤੱਕ ਦੇ 52 ਲੱਖ ਤੋਂ ਵੱਧ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਮੁਆਫ ਕਰਨ ਲਈ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ।
ਲੋਕਾਂ ਦੇ ਸੁਫਨੇ ਸਾਕਾਰ ਕਰਨ ਲਈ ਸਰਕਾਰ ਗੰਭੀਰ: ਵਿਧਾਇਕ ਸੁੰਦਰ ਸ਼ਾਮ ਅਰੋੜਾ
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਕੋਵਿਡ ਮਹਾਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸ੍ਰੀ ਚੰਨੀ ਨੇ ਉਨ੍ਹਾਂ ਨੂੰ ਰੋਜ਼ਮਰਾਹ ਵਰਤੋਂ ਦੀਆਂ ਚੀਜ਼ਾਂ ਅਤੇ ਕੁਝ ਨਕਦੀ ਵਾਲੇ ਪੈਕਟ ਵੀ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਅਰੁਣ ਡੋਗਰਾ, ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਚੱਬੇਵਾਲ ਦੇ ਗ੍ਰਹਿ ਦਾ ਵੀ ਦੌਰਾ ਕੀਤਾ।
ਕੋਵਿਡ ਮਹਾਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਨੂੰ ਕਿੱਟਾਂ ਵੰਡਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ।