ਆਤਿਸ਼ ਗੁਪਤਾ
ਚੰਡੀਗੜ੍ਹ, 13 ਮਾਰਚ
ਉੱਤਰੀ ਭਾਰਤ ਵਿੱਚ ਸਾਈਬਰ ਕ੍ਰਾਈਮ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਦੀ ਕਮਾਈ ਨੂੰ ਠੱਗਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਰਹੀਆਂ ਹਨ। ਅਜਿਹੀ ਘਟਨਾਵਾਂ ਚੰਡੀਗੜ੍ਹ ਪੁਲੀਸ ਲਈ ਵੱਡੀ ਚੁਣੌਤੀਆਂ ਬਣ ਹੋਈਆਂ ਹਨ ਜਿਨ੍ਹਾਂ ਦੀ ਰੋਕਥਾਮ ਲਈ ਪੁਲੀਸ ਪ੍ਰਸ਼ਾਸਨ ਜਲਦ ਹੀ ਆਧੁਨਿਕ ਤਕਨੀਕ ਨਾਲ ਲੈਸ ਹੋਵੇਗਾ। ਇਸ ਮੰਤਵ ਲਈ ਚੰਡੀਗੜ੍ਹ ਵਿੱਚ ਸਾਈਬਰ ਡਾਇਰੈਕਟੋਰੇਟ ਦੀ ਸਥਾਪਨਾ ਜਲਦੀ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਡੀਜੀਪੀ ਚੰਡੀਗੜ੍ਹ ਪਰਵੀਰ ਰੰਜਨ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਈਬਰ ਡਾਇਰੈਕਟੋਰੇਟ ਚੰਡੀਗੜ੍ਹ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਉੱਤਰ ਭਾਰਤ ਦੇ ਪੰਜ ਸੂਬਿਆਂ ਵਿੱਚ ਸਾਈਬਰ ਕਰਾਈਮ ਰੋਕਣ ਲਈ ਮਦਦ ਕਰੇਗਾ।
ਸ੍ਰੀ ਰੰਜਨ ਨੇ ਕਿਹਾ ਕਿ ਸਾਈਬਰ ਅਪਰਾਧ ਦੀ ਰੋਕਥਾਮ ਲਈ ਪੁਲੀਸ ਵੱਲੋਂ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਸਾਈਬਰ ਸਵੱਛਤਾ ਮਿਸ਼ਨ ਤਹਿਤ ਤਿੰਨ ਹਜ਼ਾਰ ਵਿਦਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਲਗਾਤਾਰ ਸਾਈਬਰ ਅਪਰਾਧਾਂ ਦੀ ਰੋਕਥਾਮ ਲਈ ਕੰਮ ਕਰ ਰਹੀ ਹੈ। ਇਸ ਲਈ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ।
ਡੀਜੀਪੀ ਨੇ ਕਿਹਾ ਕਿ ਮੌਜੂਦਾ ਸਮੇਂ ਵੱਡੇ-ਵੱਡੇ ਗੈਂਗਸਟਰ ਵੀ ਸੋਸ਼ਲ ਮੀਡੀਆ ਦੀ ਮਦਦ ਨਾਲ ਜੇਲ੍ਹਾਂ ਵਿੱਚ ਬੈਠ ਕੇ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੀ ਰੋਕਥਾਮ ਲਈ ਪੁਲੀਸ ਨਿਵੇਕਲਾ ਸਿਸਟਮ ਲਿਆਉਣ ਜਾ ਰਹੀ ਹੈ ਤਾਂ ਕਿ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਦੇ ਸੰਪਰਕ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀ ਯੋਜਨਾ ਤਿਆਰ ਕਰ ਰਹੇ ਹਨ।
ਪੁਲੀਸ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਵਧਾਈ ਜਾਵੇਗੀ
ਡੀਜੀਪੀ ਪਰਵੀਰ ਰੰਜਨ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਵਿੱਚ ਪਾਰਦਰਸ਼ਤਾ ਵਧਾਈ ਜਾਵੇਗੀ ਅਤੇ ਉਮੀਦਾਂ ’ਤੇ ਖਰੇ ਨਾ ਉਤਰਨ ਵਾਲੇ ਪੁਲੀਸ ਮੁਲਾਜ਼ਮਾਂ ਤੋਂ ਜਵਾਬ ਮੰਗਿਆ ਜਾਵੇਗਾ। ਇਸ ਤਰ੍ਹਾਂ ਲੋਕਾਂ ਨੂੰ ਖੱਜਲ-ਖੁਆਰ ਹੋਣ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਹਰ ਕੋਈ ਈ-ਸਿਸਟਮ ਰਾਹੀਂ ਆਪਣੀ ਸ਼ਿਕਾਇਤ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ। ਪੁਲੀਸ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੀ ਕੋਸ਼ਿਸ਼ਾਂ ਜਾਰੀ ਹਨ।
ਸ਼ਿਕਾਇਤ ਦਰਜ ਕਰਵਾਉਣ ਲਈ ਮਿਲੇਗੀ ਆਨਲਾਈਨ ਸਹੂਲਤ
ਡੀਜੀਪੀ ਪਰਵੀਰ ਰੰਜਨ ਨੇ ਦੱਸਿਆ ਕਿ ਸ਼ਹਿਰ ਵਿੱਚ ਜਲਦੀ ਹੀ ਈ-ਪੁਲੀਸ ਸਟੇਸ਼ਨ ਸਥਾਪਤ ਕੀਤਾ ਜਾਵੇਗਾ ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਆਨਲਾਈਨ ਦਰਜ ਕਰਵਾ ਸਕਣਗੇ। ਇਸ ਤਰ੍ਹਾਂ ਚੋਰੀ ਅਤੇ ਹੋਰਨਾਂ ਸ਼ਿਕਾਇਤਾਂ ਲਈ ਕਿਸੇ ਵਿਅਕਤੀ ਨੂੰ ਪੁਲੀਸ ਸਟੇਸ਼ਨ ਜਾਣ ਦੀ ਲੋੜ ਨਹੀਂ ਹੋਵੇਗੀ ਬਲਕਿ ਲੋਕ ਘਰ ਬੈਠ ਕੇ ਕੇਸ ਦਰਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਈ-ਪੁਲੀਸ ਸਟੇਸ਼ਨ ਨਾਲ ਲੋਕਾਂ ਨੂੰ ਬਹੁਤ ਮਦਦ ਮਿਲੇਗੀ।