ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਅਕਤੂਬਰ
ਸਿੱਖ ਗੁਰਦੁਆਰਾ ਐਕਟ 1925 ਨੂੰ ਤੋੜਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਤਿੰਨ ਵੱਖ-ਵੱਖ ਥਾਵਾਂ ਤੋਂ ਕੱਢੇ ਗਏ ਮਾਰਚ ਅੱਜ ਸ਼ਾਮ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜ ਗਏ। ਇੱਥੇ ਸ਼੍ਰੋਮਣੀ ਕਮੇਟੀ ਦੀ ਸਲਾਮਤੀ, ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਵਿਰੋਧੀਆਂ ਨੂੰ ਮਾਤ ਦੇਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਜਲਦੀ ਹੀ ਸਾਰਿਆਂ ਨਾਲ ਸਲਾਹ ਮਸ਼ਵਰਾ ਕਰਕੇ ਉਲੀਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਦੇ ਇਸ ਸਬੰਧੀ ਫ਼ੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਲਈ ਕਾਨੂੰਨੀ ਮਾਹਿਰਾਂ ਦੀ ਸਲਾਹ ਲਈ ਜਾ ਰਹੀ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਲਈ ਐਕਟ ਨੂੰ ਮਾਨਤਾ ਦੇਣ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਤਹਿਤ ਅੱਜ ਪੰਜਾਬ ਅਤੇ ਹਰਿਆਣਾ ਵਿੱਚੋਂ ਤਿੰਨ ਵੱਖ-ਵੱਖ ਥਾਵਾਂ ਤੋਂ ਮਾਰਚ ਆਰੰਭ ਹੋਏ, ਜੋ ਅੱਜ ਸ਼ਾਮ ਇਥੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਕੇ ਸਮਾਪਤ ਹੋਏ ਹਨ। ਇੱਕ ਮਾਰਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ, ਦੂਸਰਾ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਤੀਜਾ ਮਾਰਚ ਹਰਿਆਣਾ ਦੇ ਅੰਬਾਲਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਸਵੇਰੇ ਆਰੰਭ ਹੋਇਆ ਸੀ। ਤਿੰਨਾਂ ਮਾਰਚਾਂ ਦਾ ਇੱਥੇ ਗੋਲਡਨ ਗੇਟ ਵਿਖੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੱਖ ਵੱਖ ਸਿੱਖ ਜਥੇਬੰਦੀਆਂ ਵਖਰੇਵਿਆਂ ਦੇ ਬਾਵਜੂਦ ਇਸ ਮਸਲੇ ’ਤੇ ਸ਼੍ਰੋਮਣੀ ਕਮੇਟੀ ਦੇ ਨਾਲ ਹਨ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਮਾਰਚ ਵਿੱਚ ਸ਼ਾਮਲ ਕਾਫਲੇ ਨੂੰ ਪੁਲੀਸ ਵੱਲੋਂ ਬੈਰੀਅਰ ਲਾ ਕੇ ਰੋਕਿਆ ਗਿਆ।
ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਕਾਂਗਰਸ, ਭਾਜਪਾ ਅਤੇ ‘ਆਪ’ ਇੱਕਜੁਟ: ਸਖਬੀਰ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਇਥੋਂ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਲਈ ਰੋਸ ਮਾਰਚ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖਾਂ ਦੀਆਂ ਅਥਾਹ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖ ਵਿਰੋਧੀ ਤਾਕਤਾਂ ਤੋੜਨ ਦੇ ਰਾਹ ਪਈਆਂ ਹੋਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੇ ਸਹਿਯੋਗ ਨਾਲ ਅਜਿਹਾ ਨਹੀਂ ਹੋਣ ਦੇਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕਸੁਰ ਹਨ। ਸ੍ਰੀ ਬਾਦਲ ਨੇ ਕਿਹਾ ਕਿ ਹਰ ਧਰਮ ਦੀ ਆਪਣੀ ਮਰਿਆਦਾ ਹੈ ਤੇ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਅੰਗਰੇਜ਼ਾਂ ਨੇ ਵੀ ਆਪਣੇ ਰਾਜ ਸਮੇਂ ਅਜਿਹੀ ਕੋਸ਼ਿਸ਼ ਕੀਤੀ ਸੀ ਪਰ ਆਖਿਰ ਮੋਰਚਾ ਲਾਉਣ ਕਰਕੇ ਅੰਗਰੇਜ਼ਾਂ ਨੂੰ ਸਿੱਖ ਕੌਮ ਅੱਗੇ ਝੁਕਣਾ ਪਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆਂ ਭਰ ਵਿੱਚ ਜਿੱਥੇ ਵੀ ਕਿਤੇ ਸਿੱਖ ਮਸਲਾ ਉਭਰਿਆ ਤਾਂ ਸ਼੍ਰੋਮਣੀ ਕਮੇਟੀ ਨੇ ਉਸ ਦੀ ਬਣਦੀ ਪੈਰਵਾਈ ਕੀਤੀ ਹੈ। ਇਹ ਗੱਲ ਸਿੱਖ ਵਿਰੋਧੀਆਂ ਨੂੰ ਤੰਗ ਕਰਦੀ ਹੈ ਜਿਸ ਕਰਕੇ ਵਿਰੋਧੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਯਤਨ ਕਰ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਾਂਝਾ ਸੰਘਰਸ਼ ਵਿੱਢਣਗੇ ਅਤੇ ਸ਼ਾਨਾਮਤੀ ਸਿੱਖ ਸੰਸਥਾ ਨੂੰ ਕਿਸੇ ਕੀਮਤ ’ਤੇ ਟੁੱਟਣ ਨਹੀਂ ਦਿੱਤਾ ਜਾਵੇਗਾ। ਸ੍ਰੀ ਬਾਦਲ ਨੇ ਇਹ ਵੀ ਦਾਅਵਾ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਅਸਥਾਨਾਂ ਅਤੇ ਅਦਾਰਿਆਂ ਵਿੱਚ ਕੋਈ ਸੂਬਾ ਸਰਕਾਰ ਦਖ਼ਲ ਨਹੀਂ ਦੇ ਸਕਦੀ ਅਤੇ ਸ਼੍ਰੋਮਣੀ ਕਮੇਟੀ ਉਕਤ ਐਕਟ ਤਹਿਤ ਕੰਮ ਕਰ ਰਹੀ ਹੈ।