ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦਾ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਦਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਪਿੜਾਈ ਸੀਜ਼ਨ ਤੋਂ ਕਿਸਾਨਾਂ ਨੂੰ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ (ਐੱਸਏਪੀ) ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗਾ, ਜਿਸ ਨਾਲ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 380 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ’ਤੇ ਸਾਲਾਨਾ 200 ਕਰੋੜ ਰੁਪਏ ਦਾ ਵਾਧੂ ਬੋਝ ਪਏਗਾ।
ਮੁੱਖ ਮੰਤਰੀ ਨੇ ਕਿਹਾ, “ਸੂਬੇ ਵਿਚ ਕਿਸਾਨ ਗੰਨੇ ਦੀ ਖੇਤੀ ਤਾਂ ਕਰਨੀ ਚਾਹੁੰਦੇ ਹਨ, ਪਰ ਪਿਛਲੇ ਸਮੇਂ ਵਿਚ ਢੁਕਵਾਂ ਮੁੱਲ ਨਾ ਮਿਲਣ ਅਤੇ ਫਸਲ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ ਨੇ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਸੀ। ਇਸ ਵੇਲੇ ਪੰਜਾਬ ਵਿਚ 1.25 ਲੱਖ ਹੈਕਟੇਅਰ ਰਕਬੇ ਵਿਚ ਹੀ ਗੰਨੇ ਦੀ ਕਾਸ਼ਤ ਹੁੰਦੀ ਹੈ ਜਦਕਿ ਸੂਬੇ ਦੀਆਂ ਖੰਡ ਮਿੱਲਾਂ ਦੀ ਕੁੱਲ ਸਮਰੱਥਾ 2.50 ਲੱਖ ਹੈਕਟੇਅਰ ਰਕਬੇ ਦੇ ਗੰਨੇ ਦੀ ਪਿੜਾਈ ਕਰਨ ਦੀ ਹੈ। ਲਿਹਾਜ਼ਾ ਗੰਨਾ ਉਤਪਾਦਕਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਗੰਨੇ ਦਾ ਭਾਅ ਵਧਾਉਣ ਦਾ ਐਲਾਨ ਕਰਦਾ ਹਾਂ।” ਮੁੱਖ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨਾਂ ਦਾ ਸਮੁੱਚਾ ਬਕਾਇਆ ਅਦਾ ਕਰ ਦਿੱਤਾ ਹੈ ਅਤੇ ਇਕ-ਦੋ ਪ੍ਰਾਈਵੇਟ ਖੰਡ ਮਿੱਲਾਂ ਨੇ ਅਜੇ ਤੱਕ ਕਿਸਾਨਾਂ ਦੀ ਅਦਾਇਗੀ ਦਾ ਭੁਗਤਾਨ ਨਹੀਂ ਕੀਤਾ। ਇਨ੍ਹਾਂ ਮਿੱਲਾਂ ਦੇ ਮਾਲਕ ਕਿਸਾਨਾਂ ਦੇ ਹਿੱਤਾਂ ਦੀ ਸਾਰ ਲੈਣ ਦੀ ਬਜਾਏ ਵਿਦੇਸ਼ ਭੱਜ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਨ੍ਹਾਂ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਕਰਨ ਦੀ ਕਾਰਵਾਈ ਪਹਿਲਾਂ ਹੀ ਆਰੰਭੀ ਹੋਈ ਹੈ।