ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਈ
ਸੀਬੀਆਈ ਨੇ ਚੰਡੀਗੜ੍ਹ ਨਗਰ ਨਿਗਮ ਦੇ ਫਾਇਰ ਅਫ਼ਸਰ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਸੈਕਟਰ-38 ਫਾਇਰ ਸਟੇਸ਼ਨ ਵਿੱਚ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਅਫ਼ਸਰ ਨੇ ਸੈਕਟਰ-36 ਸਥਿਤ ਸ਼ੋਅਰੂਮ ਲਈ ਐੱਨਓਸੀ ਜਾਰੀ ਕਰਨ ਵਾਸਤੇ ਕਥਿਤ ਤੌਰ ’ਤੇ 30 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਬਾਰੇ ਸ਼ੋਅਰੂਮ ਦੇ ਮਾਲਕ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ। ਸੀਬੀਆਈ ਨੇ ਫਾਇਰ ਅਫ਼ਸਰ ਨੂੰ 30 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਜਾਂਚ ਏਜੰਸੀ ਨੇ ਮੁਲਜ਼ਮ ਤੋਂ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ।
ਹੱਤਿਆ ਦੇ ਦੋਸ਼ ਹੇਠ ਨੌਜਵਾਨ ਕਾਬੂ: ਮਨੀਮਾਜਰਾ ਵਿੱਚ ਕੁਝ ਦਿਨ ਪਹਿਲਾਂ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕੁਨਾਲ ਵਾਲੀ ਮਨੀਮਾਜਰਾ ਵਜੋਂ ਹੋਈ ਹੈ। ਥਾਣਾ ਮਨੀਮਾਜਰਾ ਦੀ ਪੁਲੀਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਹੱਤਿਆ ਕੇਸ ’ਚ ਸ਼ਾਮਲ ਹੋਰਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਮਨੀਮਾਜਰਾ ਪੁਲੀਸ ਛਾਪੇ ਮਾਰ ਰਹੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਰਜ ਅਤੇ ਕੁਨਾਲ ਵਿੱਚ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਉਸ ਤੋਂ ਬਾਅਦ ਦੇਰ ਰਾਤ ਕੁਨਾਲ ਨੇ ਆਪਣੇ ਸਾਥੀਆਂ ਸਣੇ ਸੂਰਜ ’ਤੇ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।