ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਜਿੱਤੀ ਹੈ। ਭਾਰਤ ਨੇ ਕਿਹਾ ਕਿ ਇਹ ਪ੍ਰਕਿਰਿਆ ਹੋਰ ਕੁਝ ਨਹੀਂ ਸਗੋਂ ਪਾਕਿਸਤਾਨ ਵੱਲੋਂ ਆਪਣੇ ਗੈਰਕਾਨੂੰਨੀ ਕਬਜ਼ੇ ਨੂੰ ਦੰਭ ਰਾਹੀਂ ਲੁਕੋਣ ਦਾ ਯਤਨ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਇਸ ਮਸਲੇ ’ਤੇ ਆਪਣਾ ਵਿਰੋਧੀ ਵੀ ਦਰਜ ਕਰਵਾਇਆ ਸੀ। ਉਨ੍ਹਾਂ ਪਾਕਿਸਤਾਨ ਤੇ ਚੀਨ ਵੱਲੋਂ ਹਾਲ ਹੀ ਵਿੱਚ ਸਾਂਝੇ ਪ੍ਰੈੱਸ ਬਿਆਨ ਵਿੱਚ ਜੰਮੂ ਕਸ਼ਮੀਰ ਬਾਰੇ ਕੀਤੀਆਂ ਟਿੱਪਣੀਆਂ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਜੰਮੂ ਕਸ਼ਮੀਰ ਤੇ ਲੱਦਾਖ ਭਾਰਤ ਦਾ ਅਟੁੱਟ ਅੰਗ ਹਨ ਤੇ ਰਹਿਣਗੇ। -ਪੀਟੀਆਈ