ਨਵੀਂ ਦਿੱਲੀ, 23 ਅਗਸਤ
ਸੁਪਰੀਮ ਕੋਰਟ ਨੇ ਅੱਜ ਲੋਕਾਂ ਨਾਲ ਕਥਿਤ ਠੱਗੀਆਂ ਮਾਰਨ ਦੇ ਮਾਮਲੇ ਵਿੱਚ ਮੁਲਜ਼ਮ ਸੁਕੇਸ਼ ਚੰਦਰਸ਼ੇਖਰ ਅਤੇ ਉਸ ਦੀ ਪਤਨੀ ਨੂੰ ਤਿਹਾੜ ਜੇਲ੍ਹ ਤੋਂ ਸ਼ਹਿਰ ਦੀ ਮੰਡੋਲੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ। ਚੰਦਰਸ਼ੇਖਰ ਅਤੇ ਉਸ ਦੀ ਪਤਨੀ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਸਿਖਰਲੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ ਅਤੇ ਉਨ੍ਹਾਂ ਨੂੰ ਦਿੱਲੀ ਤੋਂ ਬਾਹਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਜਸਟਿਸ ਐੱਸ ਆਰ ਭੱਟ ਅਤੇ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਉਨ੍ਹਾਂ ਨੂੰ ਦੂਸਰੀ ਜੇਲ੍ਹ ਵਿੱਚ ਤਬਦੀਲ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ। ਚੰਦਰਸ਼ੇਖਰ ਮਨੀ ਲਾਂਡਰਿੰਗ ਅਤੇ ਵੱਖ ਵੱਖ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਹੈ। -ਪੀਟੀਆਈ