ਪੱਤਰ ਪ੍ਰੇਰਕ
ਫਰੀਦਾਬਾਦ, 27 ਜੂਨ
ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ 4.5 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਅੱਗ ਬੁਝਾਊ ਕੇਂਦਰ (ਸੈਕਟਰ-25) ਦਾ ਉਦਘਾਟਨ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕੀਤਾ। ਜਾਣਕਾਰੀ ਮੁਤਾਬਿਕ ਇਹ ਭਵਨ 3.21 ਏਕੜ ਵਿੱਚ ਬਣਾਇਆ ਗਿਆ ਹੈ। ਇਸ ਮਗਰੋਂ ਉਨ੍ਹਾਂ ਸੈਕਟਰ-56 ਦੇ ਵਾਰਡ ਕੌਂਸਲਰ, ਆਰਡਬਲਿਊਏ ਤੇ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਦਿਆਂ 46 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕੀਤਾ। ਅੱਗ ਬੁਝਾਊ ਕੇਂਦਰ ਦੇ ਉਦਘਾਟਨ ਮੌਕੇ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਥਾਨਕ ਖੇਤਰ ਦੀਆਂ ਲੋੜਾਂ ਅਨੁਸਾਰ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਦੇ ਨਾਲ ਨਾਲ ਪੂਰਾ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸਥਾਨਕ ਲੋਕਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਤੋਂ ਬਾਅਦ ਉਨ੍ਹਾਂ ’ਤੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਥਾਨਕ ਖੇਤਰ ਦੇ ਵਸਨੀਕਾਂ ਨੂੰ ਇਸ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਹੋਣ ਅਪੀਲ ਕੀਤੀ ਤਾਂ ਜੋ ਇਸ ਜਾਗਰੂਕਤਾ ਦੇ ਆਧਾਰ ’ਤੇ ਸੰਸਦੀ ਹਲਕੇ ਤੇ ਸੂਬੇ ਨੂੰ ਨਿਆਂ ਦਿੱਤਾ ਜਾ ਸਕੇ।