ਪੱਤਰ ਪ੍ਰੇਰਕ
ਭਵਾਨੀਗੜ੍ਹ, 20 ਸਤੰਬਰ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਹਿੰਮ ਦੀ ਲੜੀ ਤਹਿਤ ਅੱਜ ਲੋਕ ਮੋਰਚਾ ਪੰਜਾਬ ਵੱਲੋਂ ਸੰਗਰੂਰ ਬਲਾਕ ਦੇ ਪਿੰਡ ਘਰਾਚੋਂ ਵਿਖੇ ਵੱਖ ਵੱਖ ਜਨਤਕ ਜਥੇਬੰਦੀਆਂ ਵਿੱਚ ਸਰਗਰਮ ਸੰਘਰਸ਼ਸ਼ੀਲ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਤੇ ਜੂਝਾਰੂ ਅਮਲਾਂ ਨੂੰ ਮਨ ਵਿਚ ਵਸਾਉਣ ਅਤੇ ਆਪਣੇ ਸੰਘਰਸ਼ਾਂ ਰਾਹੀਂ ਅਮਲੀ ਜਾਮਾ ਪਹਿਨਾਉਣ ਲਈ ਲੋਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਕਰਨ, ਸਾਮਰਾਜਵਾਦੀਆਂ ਨੂੰ ਮੁਲਕ ’ਚੋਂ ਬਾਹਰ ਕੱਢਣ, ਪੂੰਜੀਪਤੀਆਂ ਤੇ ਜਗੀਰਦਾਰਾਂ ਖ਼ਿਲਾਫ਼ ਸੰਘਰਸ਼ ਕਰ ਕੇ ਦੱਬੇ ਕੁਚਲੇ ਲੋਕਾਂ ਹੱਥ ਰਾਜ ਦੇਣ ਦੇ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਵਿਚਾਰਾਂ ਬਾਰੇ ਜਾਣੂ ਕਰਵਾਇਆ।