ਜਸਵੰਤ ਜੱਸ
ਫ਼ਰੀਦਕੋਟ, 30 ਸਤੰਬਰ
ਪੰਜਾਬ ਸਰਕਾਰ ਨੇ ਦੋ ਮਹੀਨਿਆਂ ਦੀ ਲੰਮੀ ਉਡੀਕ ਮਗਰੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਦਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਇਸੇ ਸਾਲ ਜੁਲਾਈ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੋਂ ਨਾਰਾਜ਼ ਹੋ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਡਾਇਰੈਕਟਰ ਸਿੱਖਿਆ ਅਤੇ ਮੈਡੀਕਲ ਖੋਜ ਵਿਭਾਗ ਪੰਜਾਬ ਨੇ ਯੂਨੀਵਰਸਿਟੀ ਲਈ ਨਵਾਂ ਵਾਈਸ ਚਾਂਸਲਰ ਨਿਯੁਕਤ ਕਰਨ ਦੀ ਕਾਰਵਾਈ ਆਰੰਭੀ ਸੀ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਡਾ. ਵਾਂਦਰ ਦੀ ਨਿਯੁਕਤੀ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਯੋਗ ਅਗਵਾਈ ਮਿਲੇਗੀ।