ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 29 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਵਿਰੁੱਧ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿੱਚ ਧਰਨਾ 96ਵੇਂ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਫ਼ਸਲਾਂ ਦੇ ਲਾਗਤ ਖ਼ਰਚੇ ਵਧਣ ਅਤੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਆਰਥਿਕ ਸੰਕਟ ਦਾ ਸ਼ਿਕਾਰ ਕਿਸਾਨਾਂ-ਮਜ਼ਦੂਰਾਂ ਨੂੰ ਰਾਹਤ ਦੇਣ ਦੀ ਥਾਂ ਸਰਕਾਰਾਂ ਕਾਰਪੋਰੇਟਾਂ ਕੰਪਨੀਆਂ ਨੂੰ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਦੇਣ ਲਈ ਉਤਾਵਲੀਆਂ ਹਨ।
ਕਿਸਾਨ ਆਗੂ ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ, ਚਰਨਜੀਤ ਸਿੰਘ ਫੱਲੇਵਾਲ, ਜਸਵੀਰ ਸਿੰਘ ਕੋਟ ਆਗਾ, ਸੁਦਾਗਰ ਸਿੰਘ ਜੁੜਾਹਾਂ, ਹਰਪ੍ਰੀਤ ਕੌਰ ਗੁੱਜਰਵਾਲ, ਸੁਰਿੰਦਰ ਕੌਰ ਕਾਲਖ ਅਤੇ ਅਮਰਜੀਤ ਕੌਰ ਗੁੱਜਰਵਾਲ ਨੇ ਕਿਹਾ ਕਿ ਦੁਨੀਆ ਭਰ ਵਿੱਚ ਕਾਰਪੋਰੇਟ ਘਰਾਣੇ ਲੱਖਾਂ ਏਕੜ ਜ਼ਮੀਨ ਹਥਿਆਉਣ ਲਈ ਸਰਕਾਰਾਂ ਉੱਪਰ ਦਬਾਅ ਬਣਾ ਰਹੇ ਹਨ। ਆਗੂਆਂ ਨੇ ਕਿਹਾ ਕਿ ਆਪਣੀਆਂ ਜ਼ਮੀਨਾਂ ਬਚਾਉਣ ਲਈ ਏਕੇ ਨੂੰ ਹੋਰ ਮਜ਼ਬੂਤ ਕਰ ਕੇ ਸੰਘਰਸ਼ ਨੂੰ ਜਾਰੀ ਰੱਖਣ ਦਾ ਹੀ ਰਾਹ ਬਚਿਆ ਹੈ।