ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ (ਮੁਹਾਲੀ), 11 ਜਨਵਰੀ
ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਆਪਣੀ ਪਾਰਟੀ ਹਾਈਕਮਾਨ ’ਤੇ ਟਿਕਟਾਂ ਦੀ ਖਰੀਦੋ-ਫ਼ਰੋਖਤ ਦੇ ਲਗਾਏ ਜਾ ਰਹੇ ਦੋਸ਼ਾਂ ਨਾਲ ਪਾਰਟੀ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਵੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਉੱਤੇ ਟਿਕਟਾਂ ਵੇਚਣ ਦੇ ਦੋਸ਼ ਲਗਾਏ ਗਏ ਹਨ ਤੇ ਅਰਵਿੰਦ ਕੇਜਰੀਵਾਲ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।
ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੇ ਹਮੇਸ਼ਾ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਅਕਾਲੀ ਦਲ ਅਤੇ ਕਾਂਗਰਸ ਨੂੰ ਧੋਖਾ ਦੇ ਚੁੱਕੇ ਹਨ ਅਤੇ ਹੁਣ ‘ਆਪ’ ਨੂੰ ਵੀ ਜ਼ਿਆਦਾ ਉਮੀਦ ਨਹੀਂ ਰੱਖਣੀ ਚਾਹੀਦੀ। ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਮੁਹਾਲੀ ਨਾਲ ਤੀਹ ਵਰ੍ਹਿਆਂ ਤੋਂ ਵੱਧ ਦੀ ਸਾਂਝ ਹੈ। ਪਿਛਲੇ ਪੰਦਰਾਂ ਸਾਲਾਂ ਤੋਂ ਉਹ ਮੁਹਾਲੀ ਦੇ ਵੋਟਰਾਂ ਦੀ ਬਦੌਲਤ ਵਿਧਾਇਕ ਚਲੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮੁਹਾਲੀ ਵਾਸੀ ਜਮਾਨਤ ਜ਼ਬਤ ਕਰਾਕੇ ਘਰ ਬਿਠਾਉਣਗੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪ੍ਰਚਾਰਨ ਦਾ ਸੱਦਾ ਦਿੱਤਾ। ਉਨ੍ਹਾਂ ਸਾਰਿਆਂ ਨੂੰ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਨ ਦਾ ਵੀ ਸੱਦਾ ਦਿੱਤਾ।