ਚੰਡੀਗੜ੍ਹ, 26 ਜੁਲਾਈ
ਪੰਜਾਬ ਵਿੱਚ ਅੱਜ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਕਰੋਨਾ ਮਹਾਮਾਰੀ ਕਾਰਨ ਕਰੀਬ ਚਾਰ ਮਹੀਨਿਆਂ ਤੋਂ ਬੰਦ ਪਏ ਸਕੂਲ ਖੁੱਲ੍ਹਣ ’ਤੇ ਅੱਜ ਵਿਦਿਆਰਥੀਆਂ ਨੇ ਆਖਿਆ ਕਿ ਉਹ ਖੁਸ਼ ਹਨ ਕਿਉਂਕਿ ਹੁਣ ਉਹ ਆਪਣੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰ ਸਕਣਗੇ ਤੇ ਉਨ੍ਹਾਂ ਦੀਆਂ ਪੜ੍ਹਾਈ ਨਾਲ ਸਬੰਧਤ ਸਮੱਸਿਆਵਾਂ ਹੱਲ ਹੋ ਜਾਣਗੀਆਂ। ਦੱਸਣਯੋਗ ਹੈ ਕਿ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਮਗਰੋਂ ਮਾਰਚ ਦੇ ਅੱਧ ਵਿੱਚ ਸਰਕਾਰ ਵੱਲੋਂ ਸਕੂਲ ਬੰਦ ਕਰ ਦਿੱਤੇ ਗਏ ਸਨ। ਹੁਣ ਸੂਬਾ ਸਰਕਾਰ ਨੇ ਸਿਰਫ਼ ਉਨ੍ਹਾਂ ਅਧਿਆਪਕਾਂ ਤੇ ਸਕੂਲ ਸਟਾਫ਼ ਨੂੰ ਸਕੂਲਾਂ ’ਚ ਆਉਣ ਦੀ ਇਜਾਜ਼ਤ ਦਿੱਤੀ ਹੈ, ਜਿਨ੍ਹਾਂ ਦਾ ਮੁਕੰਮਲ ਟੀਕਾਕਰਨ ਹੋਇਆ ਹੈ। ਸਕੂਲਾਂ ਨੂੰ ਵੀ ਵਿਦਿਆਰਥੀਆਂ ਦੇ ਸਕੂਲ ਆਉਣ ਸਬੰਧੀ ਮਾਪਿਆਂ ਤੋਂ ਲਿਖਤੀ ਇਜਾਜ਼ਤ ਲਏ ਜਾਣ ਲਈ ਆਖਿਆ ਗਿਆ ਹੈ। -ਪੀਟੀਆਈ