ਪਾਲ ਸਿੰਘ ਨੌਲੀ
ਜਲੰਧਰ, 28 ਸਤੰਬਰ
ਦੇਸ਼ ਭਗਤ ਯਾਦਗਾਰ ਵਿਖੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਵਲੋਂ ਭਗਤ ਸਿੰਘ ਦਾ ਜਨਮ ਦਿਨ ਮਨਾਉਂਦਿਆ ਪੰਜਾਬ ਵਿੱਚ ਰੁਜ਼ਗਾਰ ਪ੍ਰਾਪਤੀ ਮੁਹਿੰਮ (ਬਨੇਗਾ) ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ। ਅੱਜ ਦੇ ਦਿਨ ਉੱਤੇ ਹੀ ਇਸ ਵਿਸ਼ੇਸ਼ ਐਲਾਨ ਰਾਹੀਂ ਨੌਜਵਾਨਾਂ ਨੂੰ ਸੱਦਾ ਕਿ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ (ਬਨੇਗਾ) ਅਤੇ ਇਹਦੇ ਅਮਲ ਲਈ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਦੀ ਪ੍ਰਾਪਤੀ ਲਈ 25 ਨਵੰਬਰ ਨੂੰ ਦਿੱਲੀ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਵੱਡੀ ਪੱਧਰ ’ਤੇ ਸ਼ਾਮਲ ਹੋਣ। ਪੰਜਾਬ ਭਰ ਦੇ ਹਜ਼ਾਰਾਂ ਲਾਲ ਵਰਦੀਧਾਰੀ ਨੌਜਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਵਲੰਟੀਅਰ ਸੰਮੇਲਨ ਅਤੇ ਮਾਰਚ ਕੀਤਾ ਗਿਆ। ਸੰਮੇਲਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਲਵਪ੍ਰੀਤ ਮਾੜੀ ਮੇਘਾ ਅਤੇ ਸਕੱਤਰ ਵਰਿੰਦਰ ਖੁਰਾਣਾ ਨੇ ਕੀਤੀ।
ਤਰਨ ਤਾਰਨ (ਗੁਰਬਖਸ਼ਪੁਰੀ): ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਮੌਕੇ ਅੱਜ ਜ਼ਿਲ੍ਹੇ ਵਿੱਚ ਭਗਤੀ ਦੀ ਭਾਵਨਾ ਨਾਲ ਸਮਾਗਮ ਕੀਤੇ ਗਏ| ਇਸ ਮੌਕੇ ਸਰਕਾਰੀ ਤੌਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਕੀਤੇ ਸਮਾਗਮ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ| ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਕਰਮਚਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੀਡੀਓ ਸੰਦੇਸ਼ ਰਾਹੀਂ ਭੇਜੀ ਸਹੁੰ ਚੁਕਾਈ ਗਈ| ਨਹਿਰੂ ਯੁਵਾ ਕੇਂਦਰ ਵਲੋਂ ਇਥੋਂ ਦੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿੱਚ ਸਾਂਝੇ ਤੌਰ ’ਤੇ ਕੀਤੇ ਸਮਾਗਮ ਵਿੱਚ ਇਕ ਸਾਈਕਲ ਰੈਲੀ ਕੱਢੀ ਗਈ| ਇਥੋਂ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਕੀਤੇ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਵਿੰਦਰਜੀਤ ਸਿੰਘ ਗਰੇਵਾਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ|
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੈਲੀਆਂ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਅਜ ਕਾਰਪੋਰੇਟ ਘਰਾਣਿਆਂ, ਸਾਮਰਾਜਵਾਦੀ ਅਤੇ ਪੂੰਜੀਪਤੀਆਂ ਖ਼ਿਲਾਫ਼ ਦੋ ਵੱਖ-ਵੱਖ ਕਨਵੈਨਸ਼ਨਾਂ ਦਾਣਾ ਮੰਡੀ ਅੱਡਾ ਡੱਡੂਆਣਾ ਅਤੇ ਦੂਜੀ ਗੁਰਦਵਾਰਾ ਸਾਧੂ ਸਿੱਖ ਚਵਿੰਡਾ ਕਲਾਂ ਵਿਖੇ ਕਰਵਾਈ ਗਈ। ਇਹ ਸੂਬਾ ਪੱਧਰੀ ਪ੍ਰੋਗਰਾਮ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ, ਕੰਧਾਰਾ ਸਿੰਘ ਨੇ ਕਿਹਾ ਕਿ ਜਥੇਬੰਦੀ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਕਿਸਾਨ ਮਜਦੂਰਾਂ ਦਾ ਰਾਜ ਕਾਇਮ ਕਾਰਨ ਲਈ ਲੋਕ ਹਿਤਾਂ ਦੀ ਲੜਾਈ ਲੜਦੀ ਰਹੇਗੀ। ਇਸ ਮੌਕੇ ਕਿਸਾਨ ਆਗੂ ਬਾਜ਼ ਸਿੰਘ ਸਾਰੰਗੜਾ ਅਤੇ ਕੰਵਰਦਲੀਪ ਸੈਦੋਲੇਹਲ ਨੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਮੋਦੀ ਸਰਕਾਰ ਵੱਲੋਂ ਲਿਆਂਦੇ ਬਿਜਲੀ ਵੰਡ ਲਾਈੇਸੈਂਂਸ ਨਿਯਮ 2022 ਦੇ ਖਿਲਾਫ ਵੱਲ੍ਹਾ ਵਿਖੇ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਤੇ ਰੇਲ ਆਵਾਜਾਈ ਰੋਕਣ ਲਈ ਸੱਦਾ ਦਿੱਤਾ।ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਸੁਖਦੇਵ ਸਿੰਘ ਚਾਟੀਵਿੰਡ, ਸਕੱਤਰ ਸਿੰਘ ਕੋਟਲਾ, ਅਮਰਦੀਪ ਗੋਪੀ, ਬਲਵਿੰਦਰ ਸਿੰਘ ਰੁਮਾਣਾਚੱਕ, ਸਵਿੰਦਰ ਸਿੰਘ ਰੂਪੋਵਾਲੀ, ਚਰਨਜੀਤ ਸਿੰਘ ਸਾਫੀਪੁਰ, ਅਮਨਿੰਦਰ ਸਿੰਘ, ਚਰਨ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ,ਕਜ਼ੀਕੋਟ, ਗੁਰਭੇਜ ਸਿੰਘ ਅਤੇ ਹੋਰ ਜ਼ੋਨ ਤੇ ਪਿੰਡ ਪੱਧਰੀ ਆਗੂ ਹਾਜ਼ਰ ਸਨ ।