ਆਤਿਸ਼ ਗੁਪਤਾ
ਚੰਡੀਗੜ੍ਹ, 27 ਅਗਸਤ
ਖੇਤੀ ਕਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਸੈਕਟਰ-25 ਦੀ ਰੈਲੀ ਗਰਾਊਂਡ ਵਿਚ ਰੱਖੇ ਗਏ ਹੱਲਾ-ਬੋਲ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ। ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਨੂੰ ਕਾਰਪੋਰੇਟ ਕੰਪਨੀਆਂ ਚਲਾ ਰਹੀਆਂ ਹਨ। ਮੋਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਕਾਰਪੋਰੇਟ ਕੰਪਨੀਆਂ ਦੇ ਹੱਕ ਵਿੱਚ ਫ਼ੈਸਲੇ ਲਏ ਜਾ ਰਹੇ ਹਨ, ਜਿਸ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਸ੍ਰੀ ਟਿਕੈਤ ਨੇ ਕਿਹਾ ਕਿ ਭਾਜਪਾ ਵੱਲੋਂ ਕਈ ਵਾਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਹੁਣ ਗੰਨੇ ਦੇ ਭਾਅ ਵਿੱਚ ਪੰਜ ਰੁਪਏ ਪ੍ਰਤੀ ਕਿਲੋ ਵਾਅਦਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ 9 ਮਹੀਨਿਆਂ ਤੋਂ ਸੰਘਰਸ਼ ਕਰ ਰਿਹਾ ਹੈ ਇਹ ਸੰਘਰਸ਼ ਹੁਣ ਤੱਕ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਲੜਨ ਸਬੰਧੀ ਗੁਰਨਾਮ ਸਿੰਘ ਚੜੂਨੀ ਵੱਲੋਂ ਦਿੱਤਾ ਬਿਆਨ ਉਨ੍ਹਾਂ ਦਾ ਵਿਅਕਤੀਗਤ ਬਿਆਨ ਹੈ। ਇਸ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ।