ਪੱਤਰ ਪ੍ਰੇਰਕ
ਚੰਡੀਗੜ੍ਹ, 8 ਨਵੰਬਰ
ਪੰਜਾਬ ਸਰਕਾਰ ਵੱਲੋਂ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕੀਤੇ ਜਾਣ ’ਤੇ ਕਾਮਿਆਂ ਵਿੱਚ ਸਰਕਾਰ ਪ੍ਰਤੀ ਬੇਭਰੋਸਗੀ ਪੈਦਾ ਹੋ ਗਈ ਹੈ। ਇਸ ਕਾਰਨ ਰੋਹ ਵਿੱਚ ਆਏ ਕਾਮਿਆਂ ਨੇ ਮੁੜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਸਰਕਾਰ ਖ਼ਿਲਾਫ਼ ਬੱਸਾਂ ’ਚ ਭੰਡੀ ਪ੍ਰਚਾਰ ਕਰਨ ਦੀ ਤਿਆਰੀ ਵਿੱਢੀ ਹੈ।
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸਕੱਤਰ ਬਲਜੀਤ ਸਿੰਘ ਗਿੱਲ ਸਮੇਤ ਸੂਬਾਈ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਪਨਬੱਸ ਤੇ ਪੀਆਰਟੀਸੀ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਮੁੱਖ ਮੰਤਰੀ ਪੰਜਾਬ ਨਾਲ ਬੀਤੀ 12 ਅਕਤੂਬਰ ਨੂੰ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ 20 ਦਿਨ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਕਿ 20 ਦਿਨ ਦਾ ਸਮਾਂ ਪੂਰਾ ਹੋ ਚੁੱਕਾ ਹੈ, ਪਰ ਸਰਕਾਰ ਵੱਲੋਂ ਹਾਲੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਅਣਦੇਖੀ ਨੂੰ ਲੈ ਕੇ 10 ਨਵੰਬਰ ਨੂੰ ਜਲੰਧਰ ਬੱਸ ਸਟੈਂਡ ’ਤੇ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨ ਤੇ ਬੱਸਾਂ ਵਿੱਚ ਪੰਜਾਬ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕਰਨ ਸਮੇਤ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।