ਆਤਿਸ਼ ਗੁਪਤਾ
ਚੰਡੀਗੜ੍ਹ, 8 ਫਰਵਰੀ
ਹਰਿਆਣਾ ਵਿਧਾਨ ਸਭਾ ’ਚ 2 ਮਾਰਚ ਤੋਂ ਬਜਟ ਸੈਸ਼ਨ ਸ਼ੁਰੂ ਹੋਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ। ਇਹ ਬਜਟ ਸੈਸ਼ਨ ਕਿੰਨੇ ਦਿਨ ਦਾ ਹੋਵੇਗਾ, ਉਸ ਬਾਰੇ ਫ਼ੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਇਸ ਬਜਟ ਸੈਸ਼ਨ ਵਿੱਚ ਕਈ ਬਿੱਲ ਪੇਸ਼ ਕੀਤੇ ਜਾਣਗੇ। ਹਰਿਆਣਾ ਕੈਬਨਿਟ ਦੀ ਮੀਟਿੰਗ ਵਿੱਚ 28 ਮਤੇ ਰੱਖੇ ਗਏ ਹਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਧਰਮ ਬਦਲਣ ਰੋਕਥਾਮ ਕਾਨੂੰਨ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੈਬਨਿਟ ਮੀਟਿੰਗ ਵਿੱਚ ਧਰਮ ਬਦਲਣ ਰੋਕਥਾਮ ਬਿੱਲ-2022 ਨੂੰ ਪੇਸ਼ ਕੀਤਾ ਗਿਆ। ਇਸ ਬਿੱਲ ਨੂੰ ਸਮੁੱਚੀ ਕੈਬਨਿਟ ਨੇ ਮਨਜ਼ੂਰ ਕਰ ਦਿੱਤਾ ਹੈ। ਹੁਣ ਬਜਟ ਸੈਸ਼ਨ ਦੌਰਾਨ ਬਿੱਲ ਨੂੰ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਤੋਂ ਮਨਜ਼ੂਰੀ ਤੋਂ ਬਾਅਦ ਧਰਮ ਬਦਲਣ ਰੋਕਥਾਮ ਕਾਨੂੰਨ ਨੂੰ ਆਖਰੀ ਰੂਪ ਦਿੱਤਾ ਜਾਵੇਗਾ। ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਧਰਮ ਬਦਲੇ ਬਿਨਾਂ ਕੋਈ ਵੀ ਵਿਆਹ ਕਰ ਸਕਦਾ ਹੈ, ਉਸ ’ਤੇ ਕੋਈ ਰੋਕ ਨਹੀਂ ਹੈ ਪਰ ਜੇ ਕੋਈ ਪੈਸੇ ਦੇ ਲਾਲਚ ’ਚ ਜਬਰਨ ਕਿਸੇ ਦਾ ਧਰਮ ਬਦਲੀ ਕਰਵਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਗਰੁੱਪ ਸੀ ਅਤੇ ਡੀ ਦੇ ਅਹੁਦਿਆਂ ’ਤੇ ਜਲਦੀ ਭਰਤੀਆਂ ਕੀਤੀਆਂ ਜਾਣਗੀਆਂ। ਸਾਰੇ ਵਿਭਾਗਾਂ ਤੋਂ 11 ਫਰਵਰੀ ਤੱਕ ਗਰੁੱਪ ਸੀ ਅਤੇ ਡੀ ਦੇ ਵੇਰਵੇ ਮੰਗੇ ਹਨ।
ਨੌਕਰੀਆਂ ’ਚ ਰਾਖਵੇਂਕਰਨ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
ਸ੍ਰੀ ਖੱਟਰ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ 75 ਫ਼ੀਸਦ ਨੌਕਰੀਆਂ ਵਿੱਚ ਰਾਖਵਾਂਕਰਨ ਦਿੱਤੇ ਜਾਣ ਦੇ ਮਾਮਲੇ ਦੀ ਸੁਪਰੀਮ ਕੋਰਟ ਤੱਕ ਲੜਾਈ ਲੜੀ ਜਾਵੇਗੀ। ਹਰਿਆਣਾ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕਰ ਦਿੱਤੀ ਗਈ ਹੈ ਜਿਸ ਦੀ ਸੁਣਵਾਈ 11 ਫਰਵਰੀ ਨੂੰ ਹੋਵੇਗੀ।