ਕੁਲਦੀਪ ਸਿੰਘ
ਚੰਡੀਗੜ੍ਹ, 22 ਜਨਵਰੀ
ਚੰਡੀਗੜ੍ਹ ਨਗਰ ਨਿਗਮ ਵੱਲੋਂ ਜਲ ਸਪਲਾਈ ਅਤੇ ਸੀਵਰੇਜ ਦੀਆਂ ਮੋਟੀਆਂ ਰਕਮਾਂ ਵਾਲੇ ਭੇਜੇ ਬਿਲਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ। ਅੱਜ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ ਦੀ ਅਗਵਾਈ ਵਿੱਚ ਲੋਕਾਂ ਨੇ ਨਗਰ ਨਿਗਮ ਖਿਲਾਫ਼ ਰੋਸ ਮੁਜ਼ਾਹਰਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਗੁਰਚਰਨ ਸਿੰਘ, ਨਰਿੰਦਰ ਸਿੰਘ, ਨੀਰਜ ਕੁਮਾਰ, ਸਤਪਾਲ, ਸੋਹਣ ਲਾਲ ਆਦਿ ਨੇ ਦੱਸਿਆ ਕਿ ਪਿੰਡ ਪਲਸੌਰਾ ਵਿੱਚ ਲੋਕਾਂ ਨੂੰ ਦੋ-ਦੋ ਮਹੀਨੇ ਦੇ 20-20 ਹਜ਼ਾਰ ਰੁਪਏ ਦੇ ਬਿੱਲ ਭੇਜੇ ਗਏ ਹਨ ਜੋ ਕਿ ਕਥਿਤ ਤੌਰ ’ਤੇ ਨਾਜਾਇਜ਼ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਛੋਟੇ-ਛੋਟੇ ਕਾਰੋਬਾਰ ਕਰਕੇ ਅਤੇ ਜਾਂ ਪਸ਼ੂਆਂ ਦਾ ਦੁੱਧ ਵੇਚ ਕੇ ਗੁਜ਼ਾਰਾ ਕਰ ਰਹੇ ਹਨ ਅਤੇ ਵੱਡੀਆਂ ਰਕਮਾਂ ਵਾਲੇ ਬਿਲਾਂ ਨੇ ਉਨ੍ਹਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ।
ਉਨ੍ਹਾਂ ਯੂਟੀ ਪ੍ਰਸ਼ਾਸਨ ਉੱਤੇ ਵਰ੍ਹਦਿਆਂ ਕਿਹਾ ਕਿ ਜਿਹੜੇ ਪਿੰਡਾਂ ਦੀਆਂ ਜ਼ਮੀਨਾਂ ਉੱਤੇ ਚੰਡੀਗੜ੍ਹ ਸ਼ਹਿਰ ਵਸਾਇਆ ਗਿਆ ਹੈ, ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਤਾਂ ਚੰਡੀਗੜ੍ਹ ਵਰਗੀਆਂ ਨਹੀਂ ਦਿੱਤੀਆਂ ਗਈਆਂ ਪਰ ਬਿਜਲੀ, ਪਾਣੀ ਤੇ ਸੀਵਰੇਜ ਦੇ ਬਿੱਲ ਚੰਡੀਗੜ੍ਹ ਦੀ ਤਰਜ਼ ’ਤੇ ਭੇਜੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਾਣੀ ਤੇ ਸੀਵਰੇਜ ਦੇ ਬਿਲਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਰਿਆਇਤਾਂ ਦਿੱਤੀਆਂ ਜਾਣ।