ਰਵੇਲ ਸਿੰਘ ਭਿੰਡਰ
ਪਟਿਆਲਾ, 7 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਚੜ੍ਹਦੀਕਲਾ ਅਤੇ ਸਫਲਤਾ ਲਈ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿੱਚ ਕਿਸਾਨ ਭਰਾਵਾਂ ਲਈ ਅਰਦਾਸ ਸਮਾਗਮ ਕਰਵਾਏ ਗਏ। ਦੀਵਾਨ ਹਾਲ ਵਿੱਚ ਹਜ਼ੂਰੀ ਕੀਰਤਨੀ ਜਥਿਆਂ ਨੇ ਕੀਰਤਨ ਸਰਵਣ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਚੜ੍ਹਦੀਕਲਾ ਲਈ ਅਰਦਾਸ ਕੀਤੀ ਅਤੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨ ਭਰਾਵਾਂ ਨੂੰ ਸ਼ਰਧਾ ਸਤਿਕਾਰ ਵੀ ਭੇਟ ਕੀਤਾ ਗਿਆ। ਇਸ ਮੌਕੇ ਅੰਤ੍ਰਿਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ,ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕਮਲੇਸ਼ ਕੁਮਾਰ, ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਹਾਜ਼ਰ ਸਨ।