ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਅਪਰੈਲ
ਬੀਤੇ ਦਿਨੀਂ ਕੁੰਡਲੀ-ਮਾਨੇਸਰ-ਪਲਵਲ ਟੌਲ ਪਲਾਜ਼ਾ ਨੂੰ ਪਰਚੀ ਮੁਕਤ ਕਰਨ ਦੀ ਮੁਹਿੰਮ ਮਗਰੋਂ ਹਰਿਆਣਾ ਪੁਲੀਸ ਵੱਲੋਂ 140 ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕੀਤੇ ਗਏ ਹਨ। ਇਸ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਨਿੰਦਾ ਕੀਤੀ ਗਈ ਤੇ ਕਿਹਾ ਗਿਆ ਕਿ ਕਿਸਾਨਾਂ ਵੱਲੋਂ ਪਲਾਜ਼ੇ ਪਰਚੀ ਮੁਕਤ ਰੱਖਣ ਦੀ ਮੁਹਿੰਮ ਜਾਰੀ ਰਹੇਗੀ। ਹਰਿਆਣਾ ਪੁਲੀਸ ਵੱਲੋਂ ਕਿਸਾਨ ਆਗੂ ਅਭਿਮੰਨਿਊ ਕੋਹਾੜ ਤੇ ਹੋਰ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੀਟਿੰਗ ਦੌਰਾਨ ਕੋਵਿਡ ਕਾਰਨ ਦੇਸ਼ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੌਤਾਂ ਦਾ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਾ ਨਿਕੰਮਾ ਹੋਣਾ ਹੈ। ਔਖੀ ਘੜੀ ਵਿੱਚ ਕਾਰਪੋਰੇਟਾਂ ਦੇ ਹਸਪਤਾਲ ਮਰੀਜ਼ਾਂ ਨੂੰ ਲੁੱਟ ਰਹੇ ਹਨ। ਸਰਕਾਰਾਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਦਾ ਖ਼ਿਆਲ ਰੱਖਣ ਤੋਂ ਵੀ ਭੱਜ ਰਹੀਆਂ ਹਨ ਤੇ ਇਸੇ ਕਰਕੇ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਫਿਟਕਾਰਾਂ ਪੈ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਨਾਲ ਹੀ ਸਿਸਟਮ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਪਟਿਆਲਾ ਤੇ ਦਿੱਲੀ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿਹਤ ਸਹੂਲਤਾਂ ਦੀ ਘਾਟ ਨਾਲ ਮਰਨ ਵਾਲਿਆਂ ਬਾਰੇ ਆ ਰਹੀਆਂ ਖ਼ਬਰਾਂ ’ਤੇ ਦੁੱਖ ਪ੍ਰਗਟਾਇਆ। ਸੰਯੁਕਤ ਕਿਸਾਨ ਮੋਰਚੇ ਨੇ ਮੰਗ ਕੀਤੀ ਕਿ ਆਕਸੀਜਨ, ਦਵਾਈਆਂ, ਐਂਬੂਲੈਂਸਾਂ ਦੇ ਨਾਂ ’ਤੇ ਹੋ ਰਹੇ ਗ਼ੈਰ-ਕਾਨੂੰਨੀ ਵਪਾਰ ’ਤੇ ਰੋਕ ਲਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲਾਂਕਿ ਸੁਪਰੀਮ ਕੋਰਟ ਨੇ ਤਿੰਨ ਖੇਤੀ ਕਾਨੂੰਨਾਂ ’ਤੇ ਪਾਬੰਦੀ ਲਾਈ ਹੈ, ਪਰ ਕੇਂਦਰ ਸਰਕਾਰ ਇਨ੍ਹਾਂ ਨੂੰ ਅਸਿੱਧੇ ਢੰਗ ਨਾਲ ਲਾਗੂ ਕਰਨਾ ਚਾਹੁੰਦੀ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨਹੀਂ ਹੋ ਰਹੀ। ਸਰਕਾਰ ਵੱਲੋਂ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਲਈ ਇਹ ਸਾਰੇ ਯਤਨ ਕੀਤੇ ਜਾ ਰਹੇ ਹਨ।