ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਦਸੰਬਰ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੇ ਇਛੁੱਕ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਪ੍ਰਤੀ ਬੇਨਤੀ ਆਨ ਲਾਈਨ https://ashirwad.punjab.gov.in ਪੋਰਟਲ ‘ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਅਤੇ ਤੇਜ਼ੀ ਨਾਲ ਇਹ ਸੇਵਾਵਾਂ ਪ੍ਰਦਾਨ ਕਰਨ ਲਈ ਆਨਲਾਈਨ ਬਿਨੈ ਪੱਤਰ ਦੀ ਸੁਵਿਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 31 ਦਸੰਬਰ ਤੱਕ ਆਸ਼ੀਰਵਾਦ ਸਕੀਮ ਦੀਆਂ ਦਰਖਾਸਤਾਂ ਆਫ਼ਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 1 ਜਨਵਰੀ 2023 ਤੋਂ ਕੇਵਲ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ।