ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜਨਵਰੀ
ਸੰਯੁਕਤ ਸਮਾਜ ਮੋਰਚਾ ਦੇ ਪ੍ਰਮੁੱਖ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਨੂੰ ਸੰਯੁਕਤ ਸਮਾਜ ਮੋਰਚੇ ਨਾਲ ਇੱਕਜੁੱਟ ਹੋ ਕੇ ਪੰਜਾਬ ਵਿਧਾਨ ਸਭਾ ਦੇ ਚੋਣ ਮੈਦਾਨ ’ਚ ਨਿੱਤਰਨ ਦਾ ਸੱਦਾ ਦਿੱਤਾ ਹੈ। ਉਹ ਇੱਥੋਂ ਦੇ ਬਨਾਸਰ ਬਾਗ਼ ਵਿੱਚ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦੇ ਵਿਚਾਰਾਂ ਨਾਲ ਸਹਿਮਤ ਹੋਣ ਵਾਲੀਆਂ ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਇੱਕ ਮੰਚ ’ਤੇ ਇਕੱਠੀਆਂ ਹੋਣ ਅਤੇ ਵਿਧਾਨ ਸਭਾ ਦੇ ਚੋਣ ਮੈਦਾਨ ਵਿੱਚ ਨਿੱਤਰਨ ਦਾ ਫ਼ੈਸਲਾ ਕਰਨ, ਜਿਸ ਮਗਰੋਂ ਆਪਸੀ ਸਹਿਮਤੀ ਨਾਲ ਆਪਣੀ ਇੱਕ ਸੂਚੀ ਬਣਾ ਕੇ ਸੰਯੁਕਤ ਸਮਾਜ ਮੋਰਚੇ ਨੂੰ ਭੇਜੀ ਜਾਵੇ ਕਿ ਉਨ੍ਹਾਂ ਇਨ੍ਹਾਂ ਸੀਟਾਂ ’ਤੇ ਚੋਣ ਲੜਨੀ ਹੈ। ਉਨ੍ਹਾਂ ਕਿਰਤੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਰੁਲਦੂ ਸਿੰਘ ਨੇ ਕਿਹਾ ਕਿ 34 ਸੀਟਾਂ ’ਤੇ ਕਿਰਤੀ ਚੋਣ ਲੜਨ ਦਾ ਫ਼ੈਸਲਾ ਕਰਨ। ਉਨ੍ਹਾਂ ਕਿਹਾ ਕਿ ਜਦੋਂ 22 ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਇੱਕਜੁਟ ਹੋ ਸਕਦੀਆਂ ਹਨ ਤਾਂ ਮਜ਼ਦੂਰ ਜਥੇਬੰਦੀਆਂ ਇੱਕ ਮੰਚ ’ਤੇ ਕਿਉਂ ਨਹੀਂ ਆ ਸਕਦੀਆਂ? ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨੀ ਕਿਸਾਨ ਆਗੂਆਂ ਦੀ ਪ੍ਰਸ਼ੰਸਕ ਹੈ, ਮੂਸੇ ਵਾਲੇ ਦੀ ਨਹੀਂ।
ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਤਰਸੇਮ ਜੋਧਾਂ ਨੇ ਦੋਸ਼ ਲਾਇਆ ਕਿ ਮੰਗਾਂ ਅਣਗੌਲਿਆਂ ਕਰਨ ਦਾ ਖਮਿਆਜ਼ਾ ਕਾਂਗਰਸ ਸਰਕਾਰ ਨੂੰ ਚੋਣਾਂ ਦੌਰਾਨ ਭੁਗਤਣਾ ਪਵੇਗਾ। ਰੈਲੀ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓਂ, ਸੂਬਾ ਆਗੂ ਗੋਬਿੰਦ ਸਿੰਘ ਛਾਜਲੀ, ਚਰਨਜੀਤ ਸਿੰਘ ਹਿਮਾਯੂਪੁਰਾ, ਸਤਪਾਲ ਸਿੰਘ ਬਹਿਣੀਵਾਲ ਅਤੇ ਸੰਦੀਪ ਸਿੰਘ ਬੜੀ ਨੇ ਸੰਬੋਧਨ ਕੀਤਾ।
ਮਾਨਸਾ ਤੋਂ ਚੋਣ ਲੜਨਗੇ ਰੁਲਦੂ ਸਿੰਘ
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਸਮਾਜ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਭਾਵੇਂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨੇ ਆਪਸ ਵਿੱਚ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕਰ ਕੇ ਅਗਲੇ ਦਿਨਾਂ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਐਲਾਨ ਕੀਤਾ ਹੈ,ਪਰ ਰੁਲਦੂ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਹਲਕੇ ਤੋਂ ਆਪਣੀ ਚੋਣ ਮੁਹਿੰਮ ਭਲਕੇ ਆਰੰਭ ਕਰ ਦਿੱਤੀ ਜਾਵੇਗੀ। ਉਹ ਇੱਥੇ ਬਾਬਾ ਬੂਝਾ ਸਿੰਘ ਭਵਨ ਵਿੱਚ ਗੱਲ ਕਰ ਰਹੇ ਸਨ। ਉਨ੍ਹਾਂ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਜਾਣ ਵਾਲੇ ਮੁੱਖ ਐਲਾਨਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਜਰੀ-ਬਰੇਤੀ, ਟਰਾਂਸਪੋਰਟ, ਕੇਬਲ ਤੇ ਸ਼ਰਾਬ ਦਾ ਕੌਮੀਕਰਨ ਕੀਤਾ ਜਾਵੇਗਾ।