ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਛੇਤੀ ਹੀ ਦੇਸ਼ ਦੀ ਸਭ ਤੋਂ ਪ੍ਰਗਤੀਸ਼ੀਲ ਫਿਲਮ ਨੀਤੀ ਲੈ ਕੇ ਆਵੇਗੀ ਜੋ ਮਨੋਰੰਜਨ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ। ਮੁੱਖ ਮੰਤਰੀ ਨੇ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਨੀਤੀ ਉੱਨਤ ਪੜਾਵਾਂ ਵਿੱਚ ਹੈ ਤੇ ਇਸ ਨੂੰ ਬਹੁਤ ਜਲਦੀ ਕੈਬਨਿਟ ਦੀ ਪ੍ਰਵਾਨਗੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੀਆਂ ਫਿਲਮ ਨੀਤੀਆਂ ਦਾ ਅਧਿਐਨ ਕਰਨ ਤੋਂ ਬਾਅਦ ਦਿੱਲੀ ਸਰਕਾਰ ਦਾ ਮੰਨਣਾ ਹੈ ਕਿ ਇਹ ਸਭ ਤੋਂ ਵੱਧ ਪ੍ਰਗਤੀਸ਼ੀਲ ਫਿਲਮ ਨੀਤੀ ਹੋਵੇਗੀ ਜੋ ਸਮੁੱਚੇ ਮਨੋਰੰਜਨ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ। ਕੇਜਰੀਵਾਲ ਨੇ ਕਿਹਾ ਕਿ ਮਨੋਰੰਜਨ ਉਦਯੋਗ ਕੋਵਿਡ-19 ਮਹਾਮਾਰੀ ਦੌਰਾਨ ਬਹੁਤ ਹੀ ਮਾੜੇ ਦੌਰ ਵਿੱਚੋਂ ਲੰਘਿਆ ਹੈ, ਜਿਸ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਿਸ ਨਾਲ ਰੋਜ਼ੀ ਰੋਟੀ ਦੇ ਮੁੱਦੇ ਪੈਦਾ ਹੋਏ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਕੁਛ ਚੀਜ਼ਾਂ ਚੰਗੇ ਕੰਮ ਲਈ ਬਦਲਣਗੀਆਂ ਅਤੇ ਮਨੋਰੰਜਨ ਉਦਯੋਗ ਦੇ ਨਾਲ ਨਾਲ ਹੋਰ ਖੇਤਰ ਵੀ ਮੁੜ ਲੀਹ ‘ਤੇ ਆ ਜਾਣਗੇ। ਦਿੱਲੀ ਸਰਕਾਰ ਵੱਲੋਂ ਰਾਜਧਾਨੀ ਵਿੱਚ ਫ਼ਿਲਮਾਂ ਦੀ ਸ਼ੂਟਿੰਗ ਨੂੰ ਉਤਸ਼ਾਹਤ ਕਰਨ ਬਾਰੇ ਵੀ ਯੋਜਨਾ ਐਲਾਨੀ ਗਈ ਸੀ ਤੇ ਜਾਵੇਦ ਅਖ਼ਤਰ ਸਮੇਤ ਹੋਰ ਮੁੰਬਈ ਦੇ ਫ਼ਿਲਮੀ ਹਸਤੀਆਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਦਿੱਲੀ ਦੇ ਇਤਿਹਾਸਕ ਸਥਾਨਾਂ ’ਤੇ ਫ਼ਿਲਮਾਂ ਦੀ ਸ਼ੂਟਿੰਗ ਦੌਰਾਨ ਸਹੂਲਤਾਂ ਦੇਣ ਤੇ ਹੋਰ ਨਿਰਮਾਤਾਵਾਂ ਪੱਖੀ ਨੀਤੀਆਂ ਘੜਨ ਦਾ ਐਲਾਨ ਕੀਤਾ ਗਿਆ ਸੀ।